ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਸ੍ਰੀ ਨਵਨੀਤ ਸਿੰਘ ਬੈਂਸ ਨੇ ਸੋਮਵਾਰ ਨੂੰ ਬਾਇਓ ਗੈਸ ਪਲਾਂਟ ਨੂੰ ਲੈ ਕੇ ਅਖਾੜਾ ਪਿੰਡ ਵਾਸੀਆਂ ਦੇ ਇੱਕ ਸਮੂਹ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਪਲਾਂਟ ਬਾਇਓ ਗੈਸ ਪੈਦਾ ਕਰਨ ਲਈ ਸਿਰਫ ਪਸ਼ੂਆਂ ਦੇ ਗੋਬਰ (ਗੋਹੇ) ਦੀ ਵਰਤੋਂ ਕਰੇਗਾ ਇਸ ਨਾਲ ਗੰਦਗੀ ਨਹੀਂ ਹੁੰਦੀ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਹੀਂ ਹੁੰਦਾ।
ਸੋਮਵਾਰ ਨੂੰ ਦਫਤਰ ਐਸ.ਐਸ.ਪੀ. ਲੁਧਿਆਣਾ ਦਿਹਾਤੀ ਵਿਖੇ ਹੋਈ ਵਿਚਾਰ-ਚਰਚਾ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਬਾਇਓ ਗੈਸ ਪਲਾਂਟਾਂ ਦੇ ਬਾਰੇ ਵਿਸ਼ਵਾਸ ਦਿਵਾਉਣ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ 14 ਮਾਹਿਰਾਂ ਦੇ ਪੈਨਲ ਨੇ ਇਹ ਸਿੱਟਾ ਕੱਢਿਆ ਹੈ ਕਿ ਅਜਿਹੇ ਪਲਾਂਟਾਂ ਦਾ ਕੋਈ ਵੀ ਸਬੰਧ ਕੈਂਸਰ ਜਾਂ ਹੋਰ ਮਾੜੇ ਪ੍ਰਭਾਵਾਂ ਨਾਲ ਨਹੀਂ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਹ ਪਲਾਂਟ ਹਰੀ ਸ਼੍ਰੇਣੀ ਦੇ ਉਦਯੋਗਾਂ ਅਧੀਨ ਆਉਂਦਾ ਹੈ ਅਤੇ ਇਸ ਲਈ ਸਰਕਾਰ ਅਤੇ ਹੋਰ ਸੰਸਥਾਵਾਂ ਦੁਆਰਾ ਬਣਾਏ ਗਏ ਸਾਰੇ ਵਾਤਾਵਰਣ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।
ਇਸ ਤੋਂ ਇਲਾਵਾ ਸ੍ਰੀ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਪਰਾਲੀ ਦੀਆਂ ਗੰਢਾਂ ਬਣਾ ਕੇ ਵੇਚਣ ਲਈ ਵੀ ਪ੍ਰੇਰਿਤ ਕੀਤਾ, ਕਿਉਂਕਿ ਇਸ ਨਾਲ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਆਰਥਿਕ ਮੌਕੇ ਪੈਦਾ ਹੋਣ ਦੇ ਨਾਲ-ਨਾਲ ਸਥਾਨਕ ਰੁਜ਼ਗਾਰ ਵੀ ਪੈਦਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਤਾਲਮੇਲ ਕਮੇਟੀ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਵਿਗਿਆਨੀਆਂ, ਓਨਕੋਲੋਜਿਸਟ ਅਤੇ ਵਾਤਾਵਰਣ ਮਾਹਿਰਾਂ ਸਮੇਤ ਮਾਹਿਰਾਂ ਨੇ ਜ਼ਿਆਦਾਤਰ ਚਿੰਤਾਵਾਂ ਦਾ ਹੱਲ ਕੀਤਾ ਹੈ ਅਤੇ ਕਿਸਾਨ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਸ਼ੰਕਿਆਂ ਨੂੰ ਦੂਰ ਕੀਤਾ ਹੈ।
ਇਸ ਮੌਕੇ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਏ.ਡੀ.ਸੀ ਜਗਰਾਉਂ ਸ੍ਰੀ
ਕੁਲਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਸਿਮਰਨਦੀਪ ਸਿੰਘ, ਐਸ.ਪੀ ਸ੍ਰੀ ਪਰਮਿੰਦਰ ਸਿੰਘ ਹੀਰ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।