ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ਼ੁਰੂ ਕੀਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖ਼ਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਕੈਬਨਿਟ ਮੰਤਰੀ ਨੇ ਆਪਣਾ ਪੰਜਾਬ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ।
ਉਨ੍ਹਾਂ ਨੇ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਣ ਸੰਭਾਲ, ਜੀਵਨ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਪੂਰੀ ਦੇਖਭਾਲ ਕਰਕੇ ਉਸ ਨੂੰ ਦਰੱਖ਼ਤ ਬਣਾਏ। ਇਸ ਦੌਰਾਨ ਉਨ੍ਹਾਂ ਨੇ ਬੂਟਿਆਂ ਦੀ ਸਹੀ ਦੇਖਭਾਲ ਅਤੇ ਸੰਭਾਲ ਸਬੰਧੀ ਕਈ ਲਾਭਦਾਇਕ ਨੁਕਤੇ ਵੀ ਸਾਂਝੇ ਕੀਤੇ।
ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਸ੍ਰੀ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਣ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ 'ਮਿਸ਼ਨ ਹਰਿਆਲੀ 2026' ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਉਂਤਬੱਧ ਢੰਗ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ।
ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ 'ਮਿਸ਼ਨ ਹਰਿਆਲੀ 2026' ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ।
ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
9-Lakh-Saplings-To-Planted-In-The-Punjab-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)