ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਕਰੀ ਨੂੰ ਰੋਕਣ ਅਤੇ ਲੋਕਾਂ ਲਈ ਸੁਰੱਖਿਅਤ ਖਾਣ-ਪੀਣ ਵਾਲੀਆਂ ਵਸਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਵਿੱਚ ਵਿਕਰੀ ਲਈ ਲਿਆਂਦੇ ਜਾ ਰਹੇ ਦੁੱਧ ਅਤੇ ਹੋਰ ਖਾਣ ਵਾਲੇ ਪਦਾਰਥਾਂ ਦੀ ਗੁਣਵੱਤਾ ਦੀ ਬਾਰੀਕੀ ਨਾਲ ਨਿਗਰਾਨੀ ਕਰਨ।
ਡ੍ਰਾਈਵ ਦਾ ਫੋਕਸ ਮਠਿਆਈਆਂ, ਦੁੱਧ, ਪਨੀਰ, ਖੋਆ, ਬੇਕਰੀ ਆਦਿ ਉਤਪਾਦਾਂ ਅਤੇ ਹੋਰ ਕਿਸਮਾਂ ਦੀ ਗੁਣਵੱਤਾ 'ਤੇ ਹੈ, ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੱਡੀ ਮਾਤਰਾ ਵਿੱਚ ਵੇਚੇ ਜਾਂਦੇ ਹਨ।
ਸ੍ਰੀ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਲਿਆਂਦੇ ਜਾਂ ਬਾਹਰ ਭੇਜੇ ਜਾਣ ਵਾਲੇ ਮਾਵਾ ਅਤੇ ਪਨੀਰ ਆਦਿ ਵਰਗੇ ਸਮਾਨ ਦੀ ਗੁਣਵੱਤਾ 'ਤੇ ਚੌਕਸੀ ਰੱਖਣ 'ਤੇ ਜ਼ੋਰ ਦਿੱਤਾ। ਉਨ੍ਹਾਂ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਅਤੇ ਉਤਪਾਦਕਾਂ, ਦੁੱਧ ਵਿਕਰੇਤਾਵਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਉਤਪਾਦ ਤਿਆਰ ਕਰਨ ਸਮੇਂ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਫੂਡ ਬਿਜ਼ਨਸ ਆਪਰੇਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ।