ਰਾਜ ਮੁੱਖ ਦਫ਼ਤਰ ਤੋਂ ਪ੍ਰਾਪਤ ਹੁਕਮਾਂ ਅਨੁਸਾਰ, ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਲੁਧਿਆਣਾ ਵੱਲੋਂ ਐਨਰਜੀ ਡ੍ਰਿੰਕਸ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਸਿਵਲ ਸਰਜਨ ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਸ਼ਹਿਰੀ ਇਲਾਕਿਆਂ ਵਿੱਚ ਸਕੂਲਾਂ ਤੋਂ 50 ਮੀਟਰ ਅਤੇ ਪਿੰਡਾਂ ਵਿੱਚ 100 ਮੀਟਰ ਦੇ ਘੇਰੇ ਅੰਦਰ ਐਨਰਜੀ ਡ੍ਰਿੰਕਸ ਦੀ ਵਿਕਰੀ ਪੂਰੀ ਤਰ੍ਹਾਂ ਮਨਾਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਿਰਦੇਸ਼ ਬੱਚਿਆਂ ਦੀ ਪਹੁੰਚ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਹਾਨੀਕਾਰਕ ਪੇਅ ਪਦਾਰਥਾਂ ਤੋਂ ਬਚਾਉਣ ਲਈ ਜਾਰੀ ਕੀਤੇ ਗਏ ਹਨ।
ਡਾ. ਕੌਰ ਨੇ ਦੱਸਿਆ ਕਿ ਐਨਰਜੀ ਡ੍ਰਿੰਕਸ ਵਿੱਚ ਕੈਫੀਨ ਅਤੇ ਹੋਰ ਉਤੇਜਕ ਤੱਤ ਵੱਧ ਮਾਤਰਾ ਵਿੱਚ ਹੁੰਦੇ ਹਨ, ਜੋ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਨਕਾਰਾਤਮਕ ਅਸਰ ਪਾਂਦੇ ਹਨ। “ਇਨ੍ਹਾਂ ਡ੍ਰਿੰਕਸ ਦੀ ਵਰਤੋਂ ਨਾਲ ਬੱਚਿਆਂ ਵਿੱਚ ਦਿਲ ਦੀਆਂ ਸਮੱਸਿਆਵਾਂ, ਨੀਂਦ ਦੀ ਕਮੀ, ਘਬਰਾਹਟ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ,” ਉਨ੍ਹਾਂ ਨੇ ਕਿਹਾ।
ਉਨ੍ਹਾਂ ਨੇ ਸਾਰੇ ਦੁਕਾਨਦਾਰਾਂ, ਵੇਂਡਰਾਂ ਅਤੇ ਖਾਧ ਕਾਰੋਬਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਇਨ੍ਹਾਂ ਹੁਕਮਾਂ ਦੀ ਪੂਰੀ ਪਾਲਣਾ ਕਰਨ ਅਤੇ ਸਕੂਲਾਂ ਦੇ ਨੇੜੇ ਨਿਰਧਾਰਿਤ ਖੇਤਰਾਂ ਵਿੱਚ ਐਨਰਜੀ ਡ੍ਰਿੰਕਸ ਦੀ ਵਿਕਰੀ ਤੋਂ ਗੁਰੇਜ਼ ਕਰਨ। ਨਾਲ ਹੀ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਨੂੰ ਇਸ ਤਰ੍ਹਾਂ ਦੇ ਪੇਅ ਪਦਾਰਥਾਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਖੁਰਾਕੀ ਆਦਤਾਂ ਨੂੰ ਉਤਸ਼ਾਹਿਤ ਕਰਨ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ, “ਸਿਹਤ ਵਿਭਾਗ ਵੱਲੋਂ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਸਕੂਲਾਂ ਦੇ ਆਸ-ਪਾਸ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ ਦੀ ਰੱਖਿਆ ਲਈ ਵਿਭਾਗ ਨਾਲ ਸਹਿਯੋਗ ਕਰਨ ਅਤੇ ਜੇਕਰ ਸਕੂਲਾਂ ਦੇ ਨੇੜੇ ਕੋਈ ਉਲੰਘਣਾ ਵੇਖਣ ਵਿੱਚ ਆਉਂਦੀ ਹੈ ਤਾਂ ਉਸ ਦੀ ਸੂਚਨਾ ਦੇਣ।
ਸਿਹਤ ਵਿਭਾਗ ਦਾ ਇਹ ਕਦਮ ਬੱਚਿਆਂ ਨੂੰ ਸੰਭਾਵਿਤ ਸਿਹਤ ਖ਼ਤਰਿਆਂ ਤੋਂ ਬਚਾਉਣ ਅਤੇ ਇਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।