ਡਿਪਟੀ ਕਮਿਸ਼ਨਰ ਵੱਲੋਂ ਮਿਲਾਵਟੀ ਖਾਧ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਚਿਤਾਵਨੀ
ਗੁਣਵੱਤਾ ਅਤੇ ਸਫ਼ਾਈ ਦੇ ਮਿਆਰਾਂ ਦੀ ਪਾਲਣਾ ’ਤੇ ਜ਼ੋਰ
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਅਗਸਤ ਮਹੀਨੇ ਤੋਂ ਹੁਣ ਤੱਕ ਕਪੂਰਥਲਾ ਜ਼ਿਲ੍ਹੇ ਵਿੱਚ ਖਾਣ-ਪੀਣ ਦੀਆਂ ਵਸਤਾਂ ਦੇ 72 ਨਮੂਨੇ ਲਏ ਗਏ ਹਨ। ਇਸ ਮੁਹਿੰਮ ਦਾ ਉਦੇਸ਼ ਖਾਧ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣਾ, ਘਟੀਆ ਗੁਣਵੱਤਾ ਵਾਲੀਆਂ ਵਸਤਾਂ ਦੀ ਵਿਕਰੀ ’ਤੇ ਰੋਕ ਲਗਾਉਣਾ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।
ਇਸ ਸਮੇਂ ਦੌਰਾਨ ਲਏ ਗਏ ਜ਼ਿਆਦਾਤਰ ਨਮੂਨੇ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ, ਬੇਕਰੀ ਦੀਆਂ ਵਸਤਾਂ, ਕਰਿਆਨੇ ਦੇ ਸਾਮਾਨ ਅਤੇ ਹੋਰ ਖਾਧ ਪਦਾਰਥਾਂ ਨਾਲ ਸਬੰਧਤ ਸਨ। ਇਹ ਨਮੂਨੇ ਉੱਚ ਅਧਿਕਾਰੀਆਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਏ ਗਏ ਹਨ। ਸਾਰੇ ਨਮੂਨੇ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਗਏ ਹਨ, ਤਾਂ ਜੋ ਇਨ੍ਹਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਸੰਭਾਵਿਤ ਮਿਲਾਵਟ ਦੀ ਜਾਂਚ ਵੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲਾਵਟੀ ਖਾਧ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂਕਿ ਅਜਿਹੇ ਪਦਾਰਥ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਜਾਂਚ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਫੂਡ ਸੇਫਟੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਤਿਉਹਾਰਾਂ ਦੌਰਾਨ ਖਪਤਕਾਰਾਂ ਨੂੰ ਮਠਿਆਈਆਂ ਅਤੇ ਹੋਰ ਖਾਧ ਪਦਾਰਥ ਭਰੋਸੇ ਨਾਲ ਖਰੀਦਣ ਦਾ ਮਾਹੌਲ ਮੁਹੱਈਆ ਕਰਵਾਉਣਾ ਹੈ। ਸੁਰੱਖਿਅਤ, ਸ਼ੁੱਧ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਬੁਨਿਆਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਠਿਆਈਆਂ ਬਣਾਉਣ ਵਾਲਿਆਂ, ਬੇਕਰੀ ਮਾਲਕਾਂ, ਦੁੱਧ ਵਿਕਰੇਤਾਵਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ, ਸੰਭਾਲਣ ਅਤੇ ਸਟੋਰ ਕਰਨ ਸਮੇਂ ਸਹੀ ਸਫ਼ਾਈ ਬਣਾਈ ਰੱਖਣ ਅਤੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਸਕਣ।
ਇਸ ਦੌਰਾਨ ਸਹਾਇਕ ਕਮਿਸ਼ਨਰ (ਫੂਡ) ਹਰਜੋਤ ਪਾਲ ਸਿੰਘ,ਫੂਡ ਸੇਫਟੀ ਅਫ਼ਸਰਾਂ ਰਮਨ ਵਿਰਦੀ ਤੇ ਮਹਿਕ ਸੈਣੀ ਨੇ ਦੱਸਿਆ ਕਿ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਉਤਪਾਦਾਂ ਦੀ ਗੁਣਵੱਤਾ ਅਤੇ ਸੁਰੱਖਿਆ ਬਰਕਰਾਰ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਤਹਿਤ ਬਣਾਏ ਗਏ ਨਿਯਮਾਂ ਤੇ ਰੈਗੂਲੇਸ਼ਨਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।