297 ਖੇਤਰਾਂ ਦਾ ਦੌਰਾ, 8,143 ਘਰਾਂ ਨੂੰ ਕੀਤਾ ਕਵਰ ਅਤੇ 18,393 ਕੰਟੇਨਰਾਂ ਦੀ ਜਾਂਚ; 9 ਕੰਟੇਨਰਾਂ ਵਿੱਚ ਮਿਲਿਆ ਡੇਂਗੂ ਮੱਛਰ ਦਾ ਲਾਰਵਾ
ਸਿਵਲ ਸਰਜਨ ਡਾ. ਰਮਨਦੀਪ ਕੌਰ ਵੱਲੋਂ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ
ਲੁਧਿਆਣਾ, 30 ਅਕਤੂਬਰ 2026: ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਲੁਧਿਆਣਾ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਤਹਿਤ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਟੀਮਾਂ ਵੱਲੋਂ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਅਤੇ ਕਮਿਊਨਿਟੀ ਹਾਲਾਂ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਸੰਭਾਵਿਤ ਪ੍ਰਜਨਨ ਸਥਾਨਾਂ ਦੀ ਪਛਾਣ ਕੀਤੀ ਗਈ ਅਤੇ ਉਨ੍ਹਾਂ ਨੂੰ ਖ਼ਤਮ ਕਰਨ ਲਈ ਲੋੜੀਂਦੇ ਕਦਮ ਚੁੱਕੇ ਗਏ।
ਇਸ ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ 297 ਖੇਤਰਾਂ ਦਾ ਦੌਰਾ ਕਰਕੇ 8,143 ਘਰਾਂ ਨੂੰ ਕਵਰ ਕੀਤਾ ਗਿਆ ਅਤੇ 18,393 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 8 ਥਾਵਾਂ 'ਤੇ ਲਾਰਵਾ ਪਾਇਆ ਗਿਆ, ਜਦਕਿ 9 ਕੰਟੇਨਰ ਡੇਂਗੂ ਮੱਛਰ ਦੇ ਲਾਰਵੇ ਲਈ ਪਾਜ਼ੀਟਿਵ ਪਾਏ ਗਏ। ਸਿਹਤ ਟੀਮਾਂ ਵੱਲੋਂ ਮੌਕੇ 'ਤੇ ਹੀ ਲਾਰਵੇ ਦੇ ਪ੍ਰਜਨਨ ਸਥਾਨਾਂ ਨੂੰ ਖ਼ਤਮ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਗਈ।
ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਥਾਣਿਆਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਅਤੇ ਕਮਿਊਨਿਟੀ ਹਾਲਾਂ ਦੇ ਅੰਦਰੂਨੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਛੱਤਾਂ, ਪਾਣੀ ਸਟੋਰ ਕਰਨ ਵਾਲੇ ਭਾਂਡਿਆਂ, ਕੂਲਰਾਂ, ਬੇਕਾਰ ਪਏ ਬਰਤਨਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕੀਤੀ ਗਈ, ਜਿੱਥੇ ਪਾਣੀ ਇਕੱਠਾ ਹੋਣ ਕਾਰਨ ਮੱਛਰ ਪੈਦਾ ਹੋ ਸਕਦੇ ਹਨ। ਇਸ ਦੇ ਨਾਲ ਹੀ ਸਬੰਧਤ ਪ੍ਰਬੰਧਕ ਕਮੇਟੀਆਂ ਅਤੇ ਕਰਮਚਾਰੀਆਂ ਨੂੰ ਸਫ਼ਾਈ ਰੱਖਣ ਅਤੇ ਮੱਛਰਾਂ ਦੀ ਪੈਦਾਇਸ਼ ਰੋਕਣ ਸਬੰਧੀ ਜਾਗਰੂਕ ਵੀ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲਗਾਤਾਰ ਫੀਲਡ ਚੈਕਿੰਗ, ਜਾਗਰੂਕਤਾ ਗਤੀਵਿਧੀਆਂ ਅਤੇ ਮੱਛਰਾਂ ਦੇ ਪ੍ਰਜਨਨ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਪੁਲਿਸ ਮੁਲਾਜ਼ਮਾਂ, ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ, ਮੈਰਿਜ ਪੈਲੇਸਾਂ ਅਤੇ ਕਮਿਊਨਿਟੀ ਹਾਲਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਪਾਣੀ ਵਾਲੇ ਭਾਂਡਿਆਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਅਤੇ ਹੋਰ ਸੰਭਾਵਿਤ ਥਾਵਾਂ ਦੀ ਨਿਯਮਤ ਜਾਂਚ ਕਰਨੀ ਯਕੀਨੀ ਬਣਾਈ ਜਾਵੇ।
ਸਿਵਲ ਸਰਜਨ ਨੇ ਮੁੜ ਅਪੀਲ ਕੀਤੀ ਕਿ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਹਰ ਵਿਅਕਤੀ ਹਰ ਸ਼ੁੱਕਰਵਾਰ ਘੱਟੋ-ਘੱਟ 10 ਮਿੰਟ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਜਾਂਚ ਲਈ ਜ਼ਰੂਰ ਕੱਢੇ, ਤਾਂ ਜੋ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।