10 ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ, 15 ਕਿਲੋ ਮਠਿਆਈ ਮੌਕੇ ’ਤੇ ਨਸ਼ਟ
ਦੋ ਦੁਕਾਨਦਾਰਾਂ ਦੇ ਅਣਹਾਈਜੈਨਿਕ ਚਲਾਨ ਕੱਟੇ, ਮਠਿਆਈ ਦੀਆਂ ਦੁਕਾਨਾਂ, ਬੇਕਰੀਆਂ ਅਤੇ ਡੇਅਰੀ ਯੂਨਿਟਾਂ ਦੀ ਕੀਤੀ ਜਾਂਚ
ਲੁਧਿਆਣਾ, 2 ਨਵੰਬਰ: ਦੀਵਾਲੀ ਦੇ ਤਿਉਹਾਰ ਦੌਰਾਨ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਵਿਭਾਗ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ, ਬੇਕਰੀਆਂ, ਪਨੀਰ ਬਣਾਉਣ ਵਾਲੀਆਂ ਇਕਾਈਆਂ ਅਤੇ ਡੇਅਰੀਆਂ ਦੀ ਜਾਂਚ ਕੀਤੀ।
ਜ਼ਿਲ੍ਹਾ ਸਿਹਤ ਅਧਿਕਾਰੀ (ਡੀਐਚਓ) ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਫੂਡ ਸੇਫਟੀ ਟੀਮ ਵੱਲੋਂ ਡਿਵੀਜ਼ਨ ਨੰਬਰ-3, ਸੀਐਮਸੀ ਚੌਕ, ਭਾਮੀਆਂ ਅਤੇ ਆਲਮਗੀਰ-ਚੌੜੀ ਰੋਡ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਕੀਤੀ ਗਈ।
ਜਾਂਚ ਦੌਰਾਨ ਮਠਿਆਈਆਂ, ਬੇਕਰੀ ਉਤਪਾਦਾਂ, ਪਨੀਰ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਹੋਰ ਵਸਤਾਂ ਦੇ ਕੁੱਲ 10 ਸੈਂਪਲ ਭਰੇ ਗਏ। ਇਨ੍ਹਾਂ ਨੂੰ ਜਾਂਚ ਲਈ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਰਿਪੋਰਟ ਆਉਣ ਤੋਂ ਬਾਅਦ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ-2006 ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੁਝ ਅਦਾਰਿਆਂ ਵਿੱਚ ਸਫ਼ਾਈ ਅਤੇ ਸਵੱਛਤਾ ਦੇ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਪਾਏ ਜਾਣ ’ਤੇ ਦੋ ਅਣਹਾਈਜੈਨਿਕ ਚਲਾਨ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਕਰੀਬ 15 ਕਿਲੋ ਮਠਿਆਈ, ਜੋ ਖਾਣ ਲਈ ਅਣਉਚਿਤ ਜਾਂ ਗੁਣਵੱਤਾ ਅਤੇ ਸਫ਼ਾਈ ਦੇ ਪੱਖੋਂ ਤਸੱਲੀਬਖ਼ਸ਼ ਨਹੀਂ ਸੀ, ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ, ਤਾਂ ਜੋ ਇਸ ਦੀ ਵਿਕਰੀ ਰੋਕੀ ਜਾ ਸਕੇ।
ਡਾ. ਚਾਵਲਾ ਨੇ ਮਠਿਆਈ ਵਿਕਰੇਤਾਵਾਂ, ਡੇਅਰੀ ਅਤੇ ਬੇਕਰੀ ਸੰਚਾਲਕਾਂ ਸਮੇਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਆਪਣੇ ਅਦਾਰਿਆਂ ਵਿੱਚ ਸਫ਼ਾਈ ਬਣਾਈ ਰੱਖਣ ਅਤੇ ਫੂਡ ਸੇਫਟੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਠਿਆਈਆਂ ਤਿਆਰ ਕਰਨ ਲਈ ਸਿਰਫ਼ ਮਿਆਰੀ ਕੱਚੇ ਮਾਲ ਦੀ ਵਰਤੋਂ ਕੀਤੀ ਜਾਵੇ ਅਤੇ ਦੁੱਧ, ਖੋਆ, ਪਨੀਰ, ਘਿਓ ਸਮੇਤ ਹੋਰ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।
ਉਨ੍ਹਾਂ ਦੁਕਾਨਦਾਰਾਂ ਨੂੰ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ, ਤਿਆਰੀ ਅਤੇ ਸਟੋਰੇਜ ਵਾਲੀਆਂ ਥਾਵਾਂ ਨੂੰ ਸਾਫ਼ ਰੱਖਣ ਅਤੇ ਉਤਪਾਦਾਂ ਦੀ ਨਿਰਮਾਣ ਤੇ ਮਿਆਦ ਪੁੱਗਣ ਦੀ ਤਾਰੀਖ਼ ਦਾ ਖ਼ਾਸ ਧਿਆਨ ਰੱਖਣ ਲਈ ਵੀ ਕਿਹਾ। ਇਸ ਦੇ ਨਾਲ ਹੀ ਹਰ ਫੂਡ ਬਿਜ਼ਨਸ ਆਪਰੇਟਰ ਲਈ ਵੈਧ ਫੂਡ ਸੇਫਟੀ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਲੈਣਾ ਅਤੇ ਇਸ ਨੂੰ ਦੁਕਾਨ ’ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨਾ ਲਾਜ਼ਮੀ ਦੱਸਿਆ।
ਡਾ. ਚਾਵਲਾ ਨੇ ਸਪੱਸ਼ਟ ਕੀਤਾ ਕਿ ਦੀਵਾਲੀ ਦੌਰਾਨ ਮਿਲਾਵਟੀ ਅਤੇ ਘਟੀਆ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਜਾਂ ਸਫ਼ਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਖਰੀਦਦੇ ਸਮੇਂ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਦਾ ਧਿਆਨ ਰੱਖਣ। ਖੁੱਲ੍ਹੀਆਂ ਅਤੇ ਸ਼ੱਕੀ ਮਠਿਆਈਆਂ ਖਰੀਦਣ ਤੋਂ ਗੁਰੇਜ਼ ਕਰਨ ਅਤੇ ਮਿਲਾਵਟ ਜਾਂ ਘਟੀਆ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਸਬੰਧੀ ਜਾਣਕਾਰੀ ਫੂਡ ਸੇਫਟੀ ਵਿਭਾਗ ਨੂੰ ਦੇਣ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਦੀਵਾਲੀ ਦੇ ਤਿਉਹਾਰ ਤੱਕ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।