*- ਸਰਕਾਰ ਐਸ.ਓ.ਈ. 'ਚ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਪ੍ਰਯੋਗਸ਼ਾਲਾਵਾਂ ਅਤੇ ਖੇਡ ਦੇ ਮੈਦਾਨਾਂ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ - ਵਿਧਾਇਕ ਅਸ਼ੋਕ ਪਰਾਸ਼ਰ ਪੱਪੀ* *- ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਅੰਤਿਮ ਛੋਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ* ਲੁਧਿਆਣਾ, 4 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਮਿਲਰਗੰਜ ਅਤੇ ਕਿਦਵਈ ਨਗਰ ਵਿੱਚ ਦੋ ਆਗਾਮੀ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਦੀ ਪ੍ਰਗਤੀ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਨਿਰੀਖਣ ਦੌਰਾਨ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਐਸ.ਓ.ਈ. ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡਾਂ ਲਈ ਲੈਸ ਅੰਦਰੂਨੀ ਅਤੇ ਬਾਹਰੀ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਕਾਰਜਕਾਰੀ ਏਜੰਸੀਆਂ ਨੂੰ ਦੋਵਾਂ ਇਮਾਰਤਾਂ ਦੇ ਸਾਹਮਣੇ ਵਾਲੇ ਹਿੱਸੇ ਨੂੰ ਵਧਾਉਣ ਅਤੇ ਕਲਾਸਰੂਮਾਂ ਵਿੱਚ ਪ੍ਰੋਜੈਕਟਰ ਲਗਾਉਣ, ਖਿੜਕੀਆਂ ਦੇ ਪਰਦੇ, ਛੱਤਾਂ 'ਤੇ ਸੋਲਰ ਪੈਨਲ, ਪਾਰਕਿੰਗ ਸਹੂਲਤਾਂ ਅਤੇ ਮੌਜੂਦਾ ਚਾਰਦੀਵਾਰੀਆਂ ਨੂੰ ਉੱਚਾ ਕਰਨ ਦੇ ਨਿਰਦੇਸ਼ ਦਿੱਤੇ। ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੋਰਵਾਲ ਨੇ ਨੋਟ ਕੀਤਾ ਕਿ ਕਿਦਵਈ ਨਗਰ ਵਿੱਚ ਸਕੂਲ ਆਫ਼ ਐਮੀਨੈਂਸ ਲੁਧਿਆਣਾ ਨਗਰ ਸੁਧਾਰ ਟਰੱਸਟ ਦੁਆਰਾ ਵਿਕਸਤ ਕੀਤਾ ਜਾ ਰਿਹਾ ਹੈ, ਜਦੋਂ ਕਿ ਮਿਲਰਗੰਜ ਐਸ.ਓ.ਈ. ਲੋਕ ਨਿਰਮਾਣ ਵਿਭਾਗ ਦੁਆਰਾ ਨਿਰਮਾਣ ਅਧੀਨ ਹੈ। ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉੱਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ। ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੋਰਵਾਲ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਇਸ ਖੇਤਰ ਵਿੱਚ ਮਿਆਰੀ ਸਿੱਖਿਆ ਅਤੇ ਸੇਵਾਵਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸ.ਓ.ਈ. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਪਹਿਲਕਦਮੀ ਹੈ ਅਤੇ ਅਧਿਕਾਰੀਆਂ ਨੂੰ ਲੰਬਿਤ ਕੰਮ ਨੂੰ ਜਲਦ ਪੂਰਾ ਕਰਨ ਲਈ ਗੰਭੀਰ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚੱਲ ਰਹੇ ਨਿਰਮਾਣ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਅਤੇ ਸਮੇਂ ਸਿਰ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਦੋਵਾਂ ਸਕੂਲਾਂ ਵਿੱਚ ਉਸਾਰੀ ਲਗਭਗ ਪੂਰੀ ਹੋ ਗਈ ਹੈ, ਸਿਰਫ ਅੰਤਿਮ ਛੋਹਾਂ ਬਾਕੀ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਸ.ਓ.ਈਜ਼ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਇਸ ਨਿਰੀਖਣ ਵਿੱਚ ਐਸ.ਡੀ.ਐਮ. ਪੂਰਬੀ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਸਕੂਲ ਸਿੱਖਿਆ ਵਿਭਾਗ ਦੇ ਸਹਾਇਕ ਨਿਰਦੇਸ਼ਕ ਸੰਦੀਪ ਵਰਮਾ, ਡੀ.ਈ.ਓ ਡਿੰਪਲ ਮਦਾਨ ਅਤੇ ਨਗਰ ਸੁਧਾਰ ਟਰੱਸਟ, ਲੁਧਿਆਣਾ, ਨਗਰ ਨਿਗਮ ਅਤੇ ਲੋਕ ਨਿਰਮਾਣ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਸਨ।
Mla-Ashok-Parashar-Pappi-And-Dc-Jitendra-Jorwal-Inspect-Millerganj-And-Kidwai-Nagar-Soe-Projects
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)