ਸੀਵਰੇਜ ਦੇ ਸਹੀ ਨਿਕਾਸ/ਪ੍ਰਵਾਹ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਵੀਰਵਾਰ ਨੂੰ ਜਮਾਲਪੁਰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ), ਤਾਜਪੁਰ ਰੋਡ 'ਤੇ ਨਗਰ ਨਿਗਮ ਦੇ ਮੁੱਖ ਡੰਪ ਸਾਈਟ ਅਤੇ ਹੋਰ ਇਲਾਕਿਆਂ ਦਾ ਨਿਰੀਖਣ ਕੀਤਾ।
ਮੁੱਖ ਡੰਪ ਸਾਈਟ 'ਤੇ ਨਿਰੀਖਣ ਕੀਤਾ ਗਿਆ ਕਿਉਂਕਿ ਇੱਕ ਮੁੱਖ ਸੀਵਰ ਲਾਈਨ ਇਲਾਕੇ ਵਿੱਚੋਂ ਲੰਘ ਰਹੀ ਹੈ ਅਤੇ ਹਾਲ ਹੀ ਵਿੱਚ ਸੀਵਰ ਲਾਈਨ 'ਤੇ ਕੂੜਾ ਸੁੱਟਣ ਕਾਰਨ ਸੀਵਰ ਦਾ ਪ੍ਰਵਾਹ ਪ੍ਰਭਾਵਿਤ ਹੋਇਆ ਸੀ। ਪਰ ਹੁਣ ਕੂੜਾ ਹਟਾ ਦਿੱਤਾ ਗਿਆ ਹੈ ਅਤੇ ਸੀਵਰੇਜ ਦੇ ਸਹੀ ਨਿਕਾਸ ਨੂੰ ਯਕੀਨੀ ਬਣਾ ਦਿੱਤਾ ਗਿਆ ਹੈ।
ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ ਸਮੇਤ ਹੋਰ ਅਧਿਕਾਰੀ ਨਿਰੀਖਣ ਦੌਰਾਨ ਮੌਜੂਦ ਸਨ।
ਵਿਧਾਇਕ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ) ਗਊਸ਼ਾਲਾ ਸਾਈਟ ਦਾ ਵੀ ਨਿਰੀਖਣ ਕੀਤਾ ਅਤੇ ਆਈ.ਪੀ.ਐਸ ਅਤੇ ਜਮਾਲਪੁਰ ਐਸ.ਟੀ.ਪੀ ਦੇ ਸਹੀ ਕੰਮਕਾਜ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।
ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਇਲਾਕਿਆਂ ਤੋਂ ਸੀਵਰੇਜ ਦੇ ਵਹਾਅ ਅਤੇ ਸੀਵਰੇਜ ਲਾਈਨਾਂ ਬੰਦ ਹੋਣ ਬਾਰੇ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਵੀਰਵਾਰ ਨੂੰ ਨਿਰੀਖਣ ਕੀਤਾ ਗਿਆ। ਸ਼ਹਿਰ ਵਿੱਚ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਵਸਨੀਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਵਿਧਾਇਕ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਉਹ ਵੱਡੇ ਪੱਧਰ 'ਤੇ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਨ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਕਿ ਜਨਤਾ ਨੂੰ ਜ਼ਮੀਨੀ ਪੱਧਰ 'ਤੇ ਕੋਈ ਸਮੱਸਿਆ ਨਾ ਆਵੇ।