*ਮਾਨਸੂਨ ਦੀਆਂ ਤਿਆਰੀਆਂ: ਮੇਅਰ, ਨਗਰ ਨਿਗਮ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ; ਅਧਿਕਾਰੀਆਂ ਨੂੰ ਪਹਿਲਾਂ ਤੋਂ ਤਿਆਰੀਆਂ ਪੂਰੀਆਂ ਕਰਨ ਦੇ ਦਿੱਤੇ ਨਿਰਦੇਸ਼*
May6,2026
| Jagrati Lahar Bureau | Ludhiana
*142 ਨੀਵੇਂ ਇਲਾਕਿਆਂ ਦੀ ਪਛਾਣ; ਹੜ੍ਹ ਕੰਟਰੋਲ ਰੂਮ 15 ਜੂਨ ਤੋਂ ਰਹੇਗਾ ਕਾਰਜਸ਼ੀਲ; ਬੁੱਢੇ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਨਿਰਦੇਸ਼ ਕੀਤੇ ਜਾਰੀ*
*ਸੰਬੰਧਿਤ ਅਧਿਕਾਰੀਆਂ ਨੂੰ ਆਪਣੇ ਇਲਾਕਿਆਂ ਵਿੱਚ ਰੋਡ ਜਾਲੀਆਂ ਦੀ ਸਫਾਈ ਅਤੇ ਮੈਨਹੋਲਾਂ ਨੂੰ ਢੱਕਣ ਦੀ ਪੁਸ਼ਟੀ ਕਰਨ ਵਾਲੇ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਦਿੱਤੇ ਨਿਰਦੇਸ਼*
ਲੁਧਿਆਣਾ, 6 ਮਈ:
ਮਾਨਸੂਨ ਦੇ ਮੌਸਮ ਦੌਰਾਨ ਪਾਣੀ ਭਰਨ ਤੋਂ ਰੋਕਣ ਲਈ ਪਹਿਲਾਂ ਤੋਂ ਯਤਨ ਕਰਦੇ ਹੋਏ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਬੁੱਧਵਾਰ ਨੂੰ ਨਗਰ ਨਿਗਮ ਜ਼ੋਨ ਏ ਦਫ਼ਤਰ ਵਿਖੇ ਇੱਕ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਕਰਨ ਦੇ ਨਿਰਦੇਸ਼ ਦਿੱਤੇ।
ਨਗਰ ਨਿਗਮ ਅਧਿਕਾਰੀਆਂ ਦੇ ਅਨੁਸਾਰ, ਸ਼ਹਿਰ ਵਿੱਚ 142 ਨੀਵੇਂ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ ਅਤੇ ਸਬੰਧਤ ਇਲਾਕਿਆਂ ਵਿੱਚ ਮਸ਼ੀਨਰੀ/ਸਟਾਫ਼ ਦੀ ਤਾਇਨਾਤੀ, ਰੋਡ ਜਾਲੀਆਂ /ਸੀਵਰਾਂ ਆਦਿ ਦੀ ਸਫਾਈ ਸਮੇਤ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ। ਸ਼ਹਿਰ ਭਰ ਵਿੱਚ ਸੀਵਰ ਲਾਈਨਾਂ ਦੀ ਸਫਾਈ ਦਾ ਕੰਮ ਵੀ ਵੱਡੇ ਪੱਧਰ 'ਤੇ ਚੱਲ ਰਿਹਾ ਹੈ।
ਓ.ਐਂਡ.ਐਮ.ਸੈੱਲ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸਾਰੀਆਂ ਰੋਡ ਜਾਲੀਆਂ ਦੀ ਸਫਾਈ ਅਤੇ ਮੈਨਹੋਲਾਂ ਨੂੰ ਢੱਕਣ ਦੀ ਪੁਸ਼ਟੀ ਕਰਨ ਵਾਲੇ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਡਿਸਪੋਜ਼ਲ ਪੁਆਇੰਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਪੁਆਇੰਟਾਂ 'ਤੇ ਜਨਰੇਟਰ ਸੈੱਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਸੰਯੁਕਤ ਕਮਿਸ਼ਨਰ ਹਰਵੀਰ ਕੌਰ, ਸੰਯੁਕਤ ਕਮਿਸ਼ਨਰ ਤਪਨ ਭਨੋਟ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਜ਼ੋਨਲ ਕਮਿਸ਼ਨਰ ਜਸਦੇਵ ਸੇਖੋਂ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨਿਗਰਾਨ ਇੰਜੀਨੀਅਰ ਹਰਪ੍ਰੀਤ ਸਿੰਘ, ਕਾਰਜਕਾਰੀ ਇੰਜੀਨੀਅਰ ਬਲਰਾਜ ਸਿੰਘ, ਸੀ.ਐਸ.ਓ ਅਸ਼ਵਨੀ ਸਹੋਤਾ ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।
ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਪਾਣੀ ਦੇ ਓਵਰਫਲੋਅ ਨੂੰ ਰੋਕਣ ਲਈ ਬੁੱਢੇ ਦਰਿਆ ਦੇ ਕਿਨਾਰਿਆਂ, ਖਾਸ ਕਰਕੇ ਕਮਜ਼ੋਰ ਪੁਆਇੰਟਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਘੱਟੋ-ਘੱਟ 5000 ਰੇਤ ਦੀਆਂ ਬੋਰੀਆਂ ਸਟਾਕ ਵਿੱਚ ਰੱਖਣ ਨੂੰ ਯਕੀਨੀ ਬਣਾਇਆ ਜਾਵੇ।
ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਹੋਰ ਕਰਮਚਾਰੀਆਂ ਸਮੇਤ ਸੀਵਰਮੈਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਅਧਿਕਾਰੀਆਂ ਨੂੰ ਸੁਰੱਖਿਆ ਕਿੱਟਾਂ, ਰੇਨਕੋਟ ਆਦਿ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਦੱਸਿਆ ਕਿ ਨਗਰ ਨਿਗਮ ਦਾ ਹੜ੍ਹ ਕੰਟਰੋਲ ਰੂਮ 15 ਜੂਨ ਤੋਂ ਦਰੇਸੀ ਸਬ-ਜ਼ੋਨ ਦਫ਼ਤਰ ਵਿਖੇ ਕਾਰਜਸ਼ੀਲ ਹੋ ਜਾਵੇਗਾ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਨਿਯਮਤ ਤੌਰ 'ਤੇ ਫੌਗਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਸਨੀਕਾਂ ਨੂੰ ਖਾਸ ਕਰਕੇ ਮੌਨਸੂਨ ਦੇ ਮੌਸਮ ਦੌਰਾਨ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਅਧਿਕਾਰੀਆਂ ਨੂੰ ਸ਼ਹਿਰ ਭਰ ਵਿੱਚ ਅਸੁਰੱਖਿਅਤ ਇਮਾਰਤਾਂ ਦਾ ਸਰਵੇਖਣ ਕਰਨ ਅਤੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਮਾਰਤਾਂ ਨੂੰ ਖਾਲੀ ਕਰਵਾਉਣ/ਢਾਹੁਣ ਲਈ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਇਹ ਦੱਸਦੇ ਹੋਏ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਤੋਂ ਰੋਕਣ ਲਈ ਸਾਰੇ ਜ਼ਰੂਰੀ ਕਦਮ ਪਹਿਲਾਂ ਹੀ ਚੁੱਕੇ ਜਾ ਰਹੇ ਹਨ, ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਵਸਨੀਕਾਂ ਨੂੰ ਰੋਡ ਜਾਲੀਆਂ ਅਤੇ ਸੀਵਰ ਲਾਈਨਾਂ ਵਿੱਚ ਕੂੜਾ ਸੁੱਟਣਾ ਬੰਦ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਡਰੇਨੇਜ ਅਤੇ ਸੀਵਰ ਸਿਸਟਮ ਵਿੱਚ ਰੁਕਾਵਟ ਆਉਂਦੀ ਹੈ।
(ਉਪ ਸਿਰਲੇਖ): ਸਿੰਚਾਈ ਵਿਭਾਗ ਨੂੰ ਸ਼ਹਿਰ ਦੀਆਂ ਹੱਦਾਂ ਤੋਂ ਬਾਹਰ ਬੁੱਢੇ ਦਰਿਆ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼:
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮੀਟਿੰਗ ਵਿੱਚ ਮੌਜੂਦ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਹਿਰ ਦੀਆਂ ਹੱਦਾਂ ਤੋਂ ਬਾਹਰ ਬੁੱਢੇ ਦਰਿਆ (ਅੱਪ ਸਟ੍ਰੀਮ ਅਤੇ ਡਾਉਨ ਸਟ੍ਰੀਮ) ਦੀ ਸਫ਼ਾਈ ਯਕੀਨੀ ਬਣਾਉਣ।
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਫੀਲਡ ਨਿਰੀਖਣ ਵੀ ਕਰਨਗੇ।
Muncipal-Corporation-Ludhiana