*ਗੈਰ-ਅਧਿਕਾਰਤ ਕਲੋਨੀਆਂ ਵਿਰੁੱਧ ਗਲਾਡਾ ਦੀ ਸਖ਼ਤ ਕਾਰਵਾਈ; ਕੱਕਾ ਅਤੇ ਜਗੀਰਪੁਰ ਵਿੱਚ 6 ਅਣਅਧਿਕਾਰਤ ਕਲੋਨੀਆਂ ਢਾਹੀਆਂ*
Sep22,2026
| Jagrati Lahar Bureau | Ludhiana
ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ ਨੇ ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਅਜਿਹੇ ਡਿਵੈਲਪਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ, ਜੋ ਬਿਨਾਂ ਕਾਨੂੰਨੀ ਪ੍ਰਵਾਨਗੀ ਅਤੇ ਨਿਯਮਾਂ ਦੀ ਪਾਲਣਾ ਕੀਤੇ ਲੋਕਾਂ ਨੂੰ ਸਸਤੇ ਪਲਾਟ ਦੇਣ ਦੇ ਨਾਂ 'ਤੇ ਗੁੰਮਰਾਹ ਕਰ ਰਹੇ ਹਨ।
ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਵੱਲੋਂ ਅਣਅਧਿਕਾਰਤ ਕਲੋਨੀਆਂ ਵਿਰੁੱਧ ਜਾਰੀ ਕੀਤੇ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਮੰਗਲਵਾਰ ਨੂੰ ਪਿੰਡ ਕੱਕਾ ਅਤੇ ਜਗੀਰਪੁਰ ਵਿਖੇ ਛੇ ਅਣਅਧਿਕਾਰਤ ਕਲੋਨੀਆਂ ਵਿਰੁੱਧ ਢਾਹੁਣ ਦੀ ਕਾਰਵਾਈ ਕੀਤੀ। ਇਸ ਦੌਰਾਨ ਕਲੋਨੀਆਂ ਵਿੱਚ ਬਣਾਈਆਂ ਗਈਆਂ ਸੜਕਾਂ, ਗੈਰ-ਕਾਨੂੰਨੀ ਉਸਾਰੀਆਂ ਅਤੇ ਹੋਰ ਢਾਂਚਿਆਂ ਨੂੰ ਢਾਹ ਦਿੱਤਾ ਗਿਆ।
ਗਲਾਡਾ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਡਿਵੈਲਪਰਾਂ ਨੂੰ ਪਹਿਲਾਂ ਨੋਟਿਸ ਜਾਰੀ ਕਰਕੇ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਕਰਨ ਲਈ ਕਿਹਾ ਗਿਆ ਸੀ, ਪਰ ਇਸ ਦੇ ਬਾਵਜੂਦ ਕੰਮ ਜਾਰੀ ਰੱਖਿਆ ਗਿਆ। ਇਸ ਉਪਰੰਤ ਨਿਯਮਾਂ ਅਨੁਸਾਰ ਵਿਸ਼ੇਸ਼ ਇਨਫੋਰਸਮੈਂਟ ਟੀਮ ਵੱਲੋਂ ਕਾਰਵਾਈ ਕੀਤੀ ਗਈ। ਢਾਹੁਣ ਦੀ ਇਹ ਮੁਹਿੰਮ ਬਿਨਾਂ ਕਿਸੇ ਵਿਰੋਧ ਦੇ ਨੇਪਰੇ ਚੜ੍ਹੀ।
ਮੁੱਖ ਪ੍ਰਸ਼ਾਸਕ, ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਪਲਾਟ, ਜਾਇਦਾਦ ਜਾਂ ਇਮਾਰਤ ਖਰੀਦਣ ਤੋਂ ਪਹਿਲਾਂ ਉਸ ਦੀ ਕਾਨੂੰਨੀ ਸਥਿਤੀ ਦੀ ਪੂਰੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿੱਚ ਗਲਾਡਾ ਵੱਲੋਂ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ ਜਾਂ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਅਤੇ ਉਨ੍ਹਾਂ ਦੇ ਪ੍ਰਵਾਨਿਤ ਨਕਸ਼ੇ ਗਲਾਡਾ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹਨ। ਸੰਭਾਵੀ ਖਰੀਦਦਾਰ ਕਿਸੇ ਵੀ ਜਾਇਦਾਦ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ।
ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਯੋਗ ਅਥਾਰਟੀ, ਲੁਧਿਆਣਾ ਨੇ ਕਿਹਾ ਕਿ ਢਾਹੁਣ ਦੀਆਂ ਮੁਹਿੰਮਾਂ ਦੇ ਨਾਲ-ਨਾਲ ਅਣਅਧਿਕਾਰਤ ਵਿਕਾਸ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਹਫ਼ਤਿਆਂ ਦੌਰਾਨ ਵੀ ਅਜਿਹੀਆਂ ਹੋਰ ਕਾਰਵਾਈਆਂ ਕੀਤੀਆਂ ਜਾਣਗੀਆਂ, ਤਾਂ ਜੋ ਗੈਰ-ਕਾਨੂੰਨੀ ਕਲੋਨੀਆਂ ਦੇ ਫੈਲਾਅ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਿਆ ਜਾ ਸਕੇ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ।
-glada-illegalcolonies-ludhiananews-demolitiondrive-unauthorizeddevelopment