ਗਲਾਡਾ ਦੇ ਅਧਿਕਾਰੀਆਂ ਨੇ ਕੀਤੀ ਕਾਰਵਾਈ, ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰਾਂ ਨੂੰ ਦਿੱਤਾ ਗਿਆ ਸਖ਼ਤ ਸੰਦੇਸ਼
ਖੰਨਾ, ਲੁਧਿਆਣਾ, 1 ਜੂਨ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਪ੍ਰਭਾਵਸ਼ਾਲੀ ਨਤੀਜੇ ਦੇ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਅੱਜ ਉਸ ਸਮੇਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਜਦੋਂ ਬਹੁਚਰਚਿਤ ਅਤੇ ਬਹੁ ਕਰੋੜੀ ਡਰੱਗ ਤਸਕਰੀ ਮਾਮਲੇ ਦੇ ਕਿੰਗਪਿੰਨ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੀ ਗੈਰ-ਕਾਨੂੰਨੀ ਉਸਾਰੀ ’ਤੇ ਬੁਲਡੋਜ਼ਰ ਚਲਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਗਲਾਡਾ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਸ੍ਰੀ ਵਿਕਾਸ ਹੀਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਲਾਡਾ ਲੁਧਿਆਣਾ ਦੀ ਟੀਮ ਜਿਸ ਵਿੱਚ ਲਾਅ ਅਫਸਰ ਦਿਗਵਿਜੈ ਸਿੰਘ, ਐਸ.ਡੀ.ਈ ਗੁਰਪ੍ਰੀਤ ਸਿੰਘ, ਐਸ.ਡੀ.ਈ ਕਰਨ ਅਗਰਵਾਲ, ਐਸ.ਡੀ.ਈ ਸੁਮੇਸ਼ ਕੌਸ਼ਲ, ਜੇ.ਈ ਵਰਿੰਦਰ ਸਿੰਘ, ਜੇ.ਈ ਅਮਨਦੀਪ ਸਿੰਘ, ਜੇ.ਈ ਰੋਹਿਤ ਗੋਇਲ, ਜੇ.ਈ ਅਕਸ਼ੇ ਵਿਸ਼ਿਸ਼ਟ, ਜੇ.ਈ ਵੀਰਪਾਲ ਸਿੰਘ, ਜੇ.ਈ (ਪੀ.ਐਚ) ਅਮਨਦੀਪ ਸਿੰਘ ਸ਼ਾਮਲ ਸਨ ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਦੀ ਪੁਲਿਸ ਫੋਰਸ ਨਾਲ ਗੁਰਦੀਪ ਸਿੰਘ ਰਾਣੋ, ਪਿੰਡ ਰਾਣੋ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਦੇ ਅਧਿਕਾਰ ਖੇਤਰ ਪੈਂਦੀ ਨਿਜਾਇਜ ਉਸਾਰੀ ਨੂੰ ਨਿਯਮਾਂ ਅਨੁਸਾਰ ਢਾਹਿਆ ਗਿਆ ਹੈ।
ਇਹ ਕਾਰਵਾਈ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਸਹਿਯੋਗ ਨਾਲ ਕੀਤੀ ਗਈ। ਪਾਇਲ ਦੇ ਪਿੰਡ ਰਾਣੋ ਵਿੱਚ ਸਥਿਤ ਕਰੀਬ 11 ਕਨਾਲ 11 ਮਰਲੇ ਵਿੱਚ ਫੈਲੀ ਆਲੀਸ਼ਾਨ ਕੋਠੀ ਦਾ ਕਾਫੀ ਹਿੱਸਾ ਗਲਾਡਾ ਵੱਲੋਂ ਗੈਰ-ਕਾਨੂੰਨੀ ਉਸਾਰੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਨਿਯਮਾਂ ਅਨੁਸਾਰ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਇਸ ਪੂਰੇ ਆਪ੍ਰੇਸ਼ਨ ਦੀ ਸਭ ਤੋਂ ਖਾਸ ਗੱਲ ਇਹ ਰਹੀ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਸੁਪਰਵਿਜਨ ਹੇਠ ਖੰਨਾ ਪੁਲਿਸ ਨੇ ਬੇਹੱਦ ਸੁਚੱਜੇ ਅਤੇ ਪੇਸ਼ੇਵਰ ਢੰਗ ਨਾਲ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ। ਸੀਨੀਅਰ ਪੁਲਿਸ ਕਪਤਾਨ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਪੂਰੀ ਯੋਜਨਾਬੰਦੀ ਨਾਲ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਕੋਠੀ ਦੇ ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ ਸੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਡੀ.ਐਸ.ਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਗੁਰਦੀਪ ਸਿੰਘ ਰਾਣੋ ਖ਼ਿਲਾਫ਼ ਨਸ਼ਾ ਤਸਕਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ 10 ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਸਪੱਸ਼ਟ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਜਿੱਥੇ ਅਜਿਹੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦੀ ਕਮਾਈ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ’ਤੇ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਖੰਨਾ ਪੁਲਿਸ ਦੀ ਕਾਰਗੁਜ਼ਾਰੀ ਇਸ ਗੱਲ ਤੋਂ ਵੀ ਸਪੱਸ਼ਟ ਹੁੰਦੀ ਹੈ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਫਰੀਜ਼ ਕਰਵਾਇਆ ਗਿਆ ਹੈ ਅਤੇ ਕਈ ਗੈਰ-ਕਾਨੂੰਨੀ ਉਸਾਰੀਆਂ ਨੂੰ ਤੋੜਨ ਲਈ ਪੁਲਿਸ ਫੋਰਸ ਵੀ ਮੁਹਈਆ ਕਰਾਈ ਗਈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਨੇ ਨਾ ਸਿਰਫ਼ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਈ ਹੈ, ਸਗੋਂ ਉਨ੍ਹਾਂ ਦੇ ਆਰਥਿਕ ਢਾਂਚੇ ਨੂੰ ਵੀ ਤੋੜਨ ਦੀ ਰਣਨੀਤੀ ’ਤੇ ਕੰਮ ਕੀਤਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਸਾਲ 2020 ਵਿੱਚ ਗੁਰਦੀਪ ਸਿੰਘ ਰਾਣੋ ਨੂੰ ਐਸ.ਟੀ.ਐਫ ਵੱਲੋਂ ਵੱਡੀ ਮਾਤਰਾ ਵਿੱਚ (ਕਰੀਬ ਪੰਜ ਕਿਲੋ) ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਕਥਿਤ ਤੌਰ ’ਤੇ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਹੋਇਆ ਸੀ, ਜਿਸ ਦੇ ਸੰਬੰਧ ਸਰਹੱਦ ਪਾਰ ਤੱਕ ਦੱਸੇ ਜਾਂਦੇ ਰਹੇ ਹਨ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਕਈ ਅਹਿਮ ਖੁਲਾਸੇ ਵੀ ਸਾਹਮਣੇ ਆਏ ਸਨ।
ਅੱਜ ਦੀ ਕਾਰਵਾਈ ਨੂੰ ਸਿਰਫ਼ ਇੱਕ ਇਮਾਰਤ ਢਾਹੁਣ ਦੀ ਘਟਨਾ ਨਹੀਂ, ਸਗੋਂ ਨਸ਼ਾ ਮਾਫੀਆ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਪ੍ਰਤੀਕ ਵਜੋਂ ਦੇਖਿਆ ਜਾ ਰਿਹਾ ਹੈ। ਇਹ ਸੰਦੇਸ਼ ਸਪੱਸ਼ਟ ਹੈ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਰਾਹੀਂ ਸੰਪਤੀ ਇਕੱਠੀ ਕਰਦਾ ਹੈ ਤਾਂ ਉਸ ਨੂੰ ਕਾਨੂੰਨ ਦੇ ਤਹਿਤ ਜਵਾਬਦੇਹ ਬਣਾਇਆ ਜਾਵੇਗਾ।
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਭੇਜਣ ਦੇ ਨਾਲ-ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਜਾਰੀ ਰਹੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਕੇਵਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੀ ਨਹੀਂ ਕਰ ਰਹੀ, ਸਗੋਂ ਨਸ਼ਿਆਂ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਮੁਕਤੀ ਕੇਂਦਰਾਂ ਵਿੱਚ ਭੇਜਣ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ।
ਖੰਨਾ ਪੁਲਿਸ ਜ਼ਿਲ੍ਹਾ ਵਿੱਚ ਹੋਈ ਇਹ ਵੱਡੀ ਕਾਰਵਾਈ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਮਜ਼ਬੂਤੀ ਅਤੇ ਖੰਨਾ ਪੁਲਿਸ ਦੀ ਦ੍ਰਿੜ੍ਹ ਇੱਛਾ ਸ਼ਕਤੀ ਦਾ ਸਪੱਸ਼ਟ ਸਬੂਤ ਹੈ। ਇਸ ਨਾਲ ਨਾ ਸਿਰਫ਼ ਨਸ਼ਾ ਤਸਕਰਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਇਆ ਹੈ, ਸਗੋਂ ਆਮ ਲੋਕਾਂ ਵਿੱਚ ਇਹ ਭਰੋਸਾ ਵੀ ਮਜ਼ਬੂਤ ਹੋਇਆ ਹੈ ਕਿ ਸਰਕਾਰ ਅਤੇ ਪੁਲਿਸ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀਆਂ ਹਨ।
Yudh-Nasheyan-Virudh-Illegal-Property-Of-Alleged-Drug-Kingpin-Gurdeep-Rano-Demolished-In-Khanna
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)