ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ
Aug26,2026
| Parvinder Jit Singh | Bathinda
ਬਠਿੰਡਾ, 26 ਅਗਸਤ (ਪਰਵਿੰਦਰ ਜੀਤ ਸਿੰਘ )
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਅੱਜ ਬਠਿੰਡਾ ਦੇ ਇਕ ਹੋਟਲ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ।
ਇਸ ਮਿਲਣੀ ਵਿੱਚ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ।
ਇਨ੍ਹਾਂ ਜ਼ਿਲ੍ਹਿਆਂ ਦੇ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।
ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਸ਼੍ਰੀ ਮੁਹੰਮਦ ਤਾਇਅਬ, ਚੇਅਰਮੈਨ ਐਨ.ਆਰ.ਆਈ. ਸਭਾ ਪੰਜਾਬ ਅਤੇ ਡਿਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਵਿਭਾਗ ਮੈਡਮ ਅਮਨਦੀਪ ਕੌਰ, ਬ੍ਰਿਟਿਸ਼ ਹਾਈ ਕਮਿਸ਼ਨਰ ਚੰਡੀਗੜ੍ਹ ਤੋਂ ਸ਼੍ਰੀ ਰਜਿੰਦਰ ਐੱਸ ਨਾਗਰਕੋਟੀ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਾਹੁਲ ਚਾਬਾ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਤੌਰ ’ਤੇ ਸਮੀਖਿਆ ਕਰਕੇ ਹੱਲ ਯਕੀਨੀ ਬਣਾ ਰਹੇ ਹਨ।
ਇਸ ਮੌਕੇ ਤੇ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸ. ਅਮਰਦੀਪ ਰਾਜਨ, ਟ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਲਵਜੀਤ ਕਲਸੀ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ, ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।
-nriconference2026-drravjotsingh-punjabnriaffairs-punjabidiaspora-punjabgovernment-bathindanews-nriproblems