ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਦਿੱਲੀ ਕਿਸਾਨ ਅੰਦੋਲਨ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਖਵਾਲੀ ਲਈ ਹਰ ਪੱਖੋਂ ਵਚਨਬੱਧ ਹੈ ਅਤੇ ਮੁਸ਼ਕਿਲ ਦੇ ਹਰ ਮੌਕੇ ਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਕਿਸਾਨਾਂ ਦੀਆਂ ਸ਼ਹਾਦਤਾਂ ਬਹੁਤ ਵੱਡੀਆਂ ਹਨ ਅਤੇ ਉਨ੍ਹਾਂ ਸ਼ਹਾਦਤਾਂ ਨੂੰ ਸੱਜਦਾ ਕਰਨ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣਾ ਪੰਜਾਬ ਸਰਕਾਰ ਦਾ ਇੱਕ ਛੋਟਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਰਥਕ ਸਹਾਇਤਾ ਅਤੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਸਰਕਾਰ ਵੱਲੋਂ ਇਨ੍ਹਾਂ ਪਰਵਾਰਾਂ ਦੇ ਕਮਾਉਣ ਵਾਲੇ ਜੀਆਂ ਦੇ ਸ਼ਹਾਦਤ ਦਾ ਜਾਮ ਪੀਣ ਕਰਕੇ ਆਏ ਵਿੱਤੀ ਸੰਕਟ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੰਗਰੂਰ ਹਲਕੇ ਦੇ 7 ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਵਿੱਚ ਜਸਵੀਰ ਕੌਰ ਪਤਨੀ ਹਰਬੰਤ ਸਿੰਘ ਵਾਲੀ ਪਿੰਡ ਫਤਿਹਗੜ੍ਹ ਭਾਦਸੋਂ, ਦਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮੁਨਸ਼ੀਵਾਲਾ, ਰਿੰਕਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਾਸੀਅਰਖ, ਲਾਡੀ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਮਾਝਾ, ਪ੍ਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕਾਲਾਝਾੜ, ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਿੰਡਰਾਂ ਅਤੇ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬੰਗਾਂਵਾਲੀ ਸ਼ਾਮਲ ਹਨ। ਉਨਾਂ ਕਿਹਾ ਕਿ ਕੁਝ ਹੋਰਨਾਂ ਪਰਵਾਰਾਂ ਦੇ ਕੇਸ ਵੀ ਵਿਚਾਰਅਧੀਨ ਹਨ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਵਾ ਕੇ ਜਲਦ ਹੀ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਐਸ.ਡੀ.ਐਮ. ਭਵਾਨੀਗੜ੍ਹ ਵਿਨੀਤ ਕੁਮਾਰ ਵੀ ਹਾਜ਼ਰ ਸਨ।