ਸੰਧਵਾਂ ਨੇ ਡੱਲੇਵਾਲ ਦੀ ਮਨੁੱਖਤਾ ਅਤੇ ਕਿਸਾਨਾਂ ਦੇ ਹੱਕਾਂ ਪ੍ਰਤੀ ਵਚਨਬੱਧਤਾ ਦੀ ਕੀਤੀ ਸ਼ਲਾਘਾ ** 31 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ, ਸੰਧਵਾਂ ਨੇ ਕੇਂਦਰ ਨੂੰ ਪੰਜਾਬੀਆਂ ਦੇ ਸਬਰ ਦੀ ਪਰੀਖਿਆ ਨਾ ਲੈਣ ਦੀ ਦਿੱਤੀ ਚੇਤਾਵਨੀ ** ਸਪੀਕਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਕੀਤੀ ਅਪੀਲ, ਰਾਸ਼ਟਰ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਉਜਾਗਰ** ਸੰਧਵਾਂ ਨੇ ਇਸ ਮਾਮਲੇ ਵਿਚ ਸਰਕਾਰ ਦੇ ਰਵੱਈਏ ਦੀ ਕੀਤੀ ਆਲੋਚਨਾ, ਕਿਸਾਨਾਂ ਦੇ ਬਜਾਏ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਮੋਦੀ ਸਰਕਾਰ ਦੀ ਕੀਤੀ ਨਿੰਦਾ ** ਚੰਡੀਗੜ੍ਹ, 26 ਦਸੰਬਰ** ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ 31 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੱਜ ਖਨੌਰੀ ਸਰਹੱਦ ਦਾ ਦੌਰਾ ਕੀਤਾ। ਕਿਸਾਨ ਸੰਘਰਸ਼ ਨਾਲ ਇੱਕਜੁੱਟਤਾ ਪ੍ਰਗਟਾਉਣ ਲਈ ਸੰਧਵਾਂ ਨਾਲ ਕੁਲਵੰਤ ਸਿੰਘ ਪੰਡੋਰੀ ਅਤੇ ਨਰਿੰਦਰ ਕੌਰ ਭਰਾਜ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਕਈ ਵਿਧਾਇਕ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਮਨੁੱਖਤਾ ਪ੍ਰਤੀ ਵਚਨਬੱਧਤਾ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ "ਡੱਲੇਵਾਲ ਸਾਹਿਬ ਸਿਰਫ਼਼ ਆਪਣੇ ਘਰ ਜਾਂ ਪੰਜਾਬ ਲਈ ਨਹੀਂ ਲੜ ਰਹੇ, ਉਹ ਦੇਸ਼ ਭਰ ਦੇ ਕਿਸਾਨਾਂ ਦੀ ਲੜਾਈ ਦੀ ਅਗਵਾਈ ਕਰ ਰਹੇ ਹਨ। ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਯਕੀਨੀ ਬਣਾਉਣਾ ਨਾ ਸਿਰਫ਼ ਪੰਜਾਬ ਨੂੰ ਮਜ਼ਬੂਤ ਕਰੇਗਾ, ਸਗੋਂ ਸਮੁੱਚੇ ਦੇਸ਼ ਨੂੰ ਵੀ ਮਜ਼ਬੂਤ ਕਰੇਗਾ। ਕਿਸਾਨਾਂ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇਸ਼ ਦੇ ਕਿਸਾਨ, ਜਿਨ੍ਹਾਂ ਦੇ ਪੂਰਵਜ ਭਾਰਤ ਦੀ ਆਜ਼ਾਦੀ ਲਈ ਲੜੇ ਸਨ ਅਤੇ ਜਿਨ੍ਹਾਂ ਦੇ ਬੱਚੇ ਦੇਸ਼ ਲਈ ਰੋਜ਼ਾਨਾ ਆਪਣੀਆਂ ਜਾਨਾਂ ਕੁਰਬਾਨ ਕਰਦੇ ਹਨ, ਦੀ ਅਵਾਜ਼ ਸੁਣੀ ਜਾਣੀ ਚਾਹੀਦੀ ਹੈ। ਉਨ੍ਹਾਂ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਨਾ ਰਾਸ਼ਟਰ ਨੂੰ ਨਜ਼ਰਅੰਦਾਜ਼ ਕਰਨ ਦੇ ਬਰਾਬਰ ਹੈ। ਸੰਧਵਾਂ ਨੇ ਡੱਲੇਵਾਲ ਦੀ ਵਿਗੜਦੀ ਸਿਹਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਕੇਂਦਰ ਸਰਕਾਰ ਨੂੰ ਪੰਜਾਬੀਆਂ ਦੇ ਸਬਰ ਦਾ ਇਮਤਿਹਾਨ ਨਾ ਲੈਣ ਲਈ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਜੇ ਦੇਸ਼ ਨੂੰ ਬਚਾਉਣਾ ਹੈ, ਤਾਂ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਹੋਣੀ ਚਾਹੀਦੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹੁਣ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਨਵਾਂ ਪ੍ਰਸਤਾਵਿਤ ਖਰੜਾ ਮੁੱਖ ਮੁੱਦਿਆਂ ਤੋਂ ਬਚਣ ਦੀ ਇੱਕ ਹੋਰ ਕੋਸ਼ਿਸ਼ ਜਾਪਦਾ ਹੈ। ਦੂਜੇ ਦੇਸ਼ਾਂ ਨਾਲ ਤੁਲਨਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਅਮਰੀਕਾ ਵਿੱਚ, ਸਿਰਫ 1% ਆਬਾਦੀ ਕਿਸਾਨਾਂ ਦੀ ਹੈ, ਫਿਰ ਵੀ ਉਨ੍ਹਾਂ ਨੂੰ ਕਾਫ਼ੀ ਸਬਸਿਡੀਆਂ ਮਿਲਦੀਆਂ ਹਨ। ਭਾਰਤ, ਜਿੱਥੇ 80% ਲੋਕ ਖੇਤੀ 'ਤੇ ਨਿਰਭਰ ਹਨ, ਸਰਕਾਰ ਉਨ੍ਹਾਂ ਨੂੰ ਅਡਾਨੀ ਵਰਗੇ ਕਾਰਪੋਰੇਟ ਦਿੱਗਜਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਖੇਤੀਬਾੜੀ ਤੋਂ ਬਾਹਰ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਧਵਾਂ ਨੇ ਮੀਡੀਆ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਹ ਸਮਝਣ ਕਿ ਇਹ ਕੇਵਲ ਡੱਲੇਵਾਲ ਦੀ ਨਿੱਜੀ ਲੜਾਈ ਨਹੀਂ ਹੈ ਸਗੋਂ ਪੰਜਾਬ ਅਤੇ ਸਮੁੱਚੇ ਦੇਸ਼ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਜ਼ਮੀਨ ਅਤੇ ਹੱਕਾਂ ਲਈ ਲੜਦੇ ਰਹਿਣਗੇ, ਜਿਸ ਤਰ੍ਹਾਂ ਉਹ ਹਮੇਸ਼ਾ ਦੇਸ਼ ਲਈ ਖੜ੍ਹੇ ਰਹੇ ਹਨ। ਸਪੀਕਰ ਨੇ ਭਰੋਸਾ ਦਿਵਾਇਆ ਕਿ 'ਆਪ' ਕਿਸਾਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਾਡੀ ਪਾਰਟੀ ਦਾ ਇੱਕ ਉੱਚ ਪੱਧਰੀ ਵਫ਼ਦ ਜਗਜੀਤ ਡੱਲੇਵਾਲ ਨੂੰ ਮਿਲਿਆ ਸੀ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਮੁੱਦੇ 'ਤੇ ਪਾਰਟੀ ਅਤੇ ਸਰਕਾਰੀ ਪੱਧਰ 'ਤੇ ਚਰਚਾ ਕੀਤੀ ਹੈ। ਸਪੀਕਰ ਹੋਣ ਦੇ ਨਾਤੇ ਮੈਂ ਇਸ ਮੁੱਦੇ ਨੂੰ ਹੱਲ ਕਰਨ ਲਈ ਵਿਧਾਨ ਸਭਾ ਵਿੱਚ ਆਪਣੀ ਸਮਰੱਥਾ ਅਨੁਸਾਰ ਸਭ ਕੁਝ ਕਰਾਂਗਾ। ਉਨ੍ਹਾਂ ਇਸ ਮਾਮਲੇ 'ਤੇ ਕੇਂਦਰ ਨਾਲ ਸੰਪਰਕ ਕਰਨ ਲਈ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ, "ਸਾਡੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਹੱਲ ਕੱਢਣ ‘ਤੇ ਜ਼ੋਰ ਦੇਣ ਲਈ ਹਾਲ ਹੀ ਵਿੱਚ ਕੇਂਦਰੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਅਸੀਂ ਕਿਸਾਨਾਂ ਦੇ ਹੱਕਾਂ ਦੀ ਵਕਾਲਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਾਂ।" ਸੰਧਵਾਂ ਨੇ ਇਹ ਵੀ ਦੱਸਿਆ ਕਿ ਉਹ ਆਪਣੇ ਸਕੂਲਾਂ ਅਤੇ ਕਾਲਜਾਂ ਦੇ ਦੌਰਿਆਂ ਦੌਰਾਨ ਕਿਸਾਨਾਂ ਦੇ ਸੰਘਰਸ਼ ਬਾਰੇ ਜਾਗਰੂਕ ਕਰਦੇ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਇਸ ਲੜਾਈ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕੌਮ ਦੀ ਆਤਮਾ ਲਈ ਸੰਘਰਸ਼ ਹੈ।
Kultar-Sandhwa-Jagjit-Singh-Dalewal-Khanuri-Border-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)