ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਮੰਗ ਪੱਤਰ ਸੌਂਪ ਕੇ ਉਹਨਾਂ ਨੂੰ ਪਾਰਟੀ ਦੀਆਂ ਜਥੇਬੰਦਕ ਚੋਣਾਂ ਕਰਵਾਉਣ ਦੇ ਰਾਹ ਵਿਚ ਕਾਨੂੰਨੀ ਰੁਕਾਵਟਾਂ ਬਾਰੇ ਉਹਨਾਂ ਨੂੰ ਜਾਣੂ ਕਰਵਾਇਆ ਅਤੇ ਉਹਨਾਂ ਨੂੰ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਛੇਤੀ ਹੀ ਮੀਟਿੰਗ ਕਰ ਕੇ ਅਗਲੀਆਂ ਜਥੇਬੰਦਕ ਚੋਣਾਂ ਬਾਰੇ ਅਤੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਬਾਰੇ ਜਲਦੀ ਹੀ ਫੈਸਲਾ ਲਵੇਗੀ।
ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਵਫਦ ਨੇ ਜਥੇਦਾਰ ਸਾਹਿਬ ਨੂੰ ਜਾਣੂ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਬਹੁਤ ਹੀ ਨਿਮਰਤਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਸਾਰੇ ਪਾਰਟੀ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦ ਹੁਕਮਾਂ ਮੁਤਾਬਕ ਉਹਨਾਂ ਨੂੰ ਸੁਣਾਈ ਧਾਰਮਿਕ ਸਜ਼ਾ ਦੀ ਪਾਲਣਾ ਕੀਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਵੀ ਦੇ ਦਿੱਤਾ ਹੈ।
ਡਾ. ਚਮੀਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਮੁਤਾਬਕ 7 ਮੈਂਬਰੀ ਕਮੇਟੀ ਬਣਾਉਣ ਵਿਚ ਕੁਝ ਤਕਨੀਕੀ ਮਸਲੇ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹਨਾਂ ਮਸਲਿਆਂ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਜਾਣੂ ਕਰਵਾਇਆ ਗਿਆ ਹੈ ਤੇ ਇਸੇ ਲਈ ਪਾਰਟੀ ਦੇ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਸਾਰੇ ਮਸਲੇ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸਾਰੀਆਂ ਸੰਵਿਧਾਨਕ ਸੋਧਾਂ, ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਜਾਣੂ ਕਰਵਾਇਆ ਗਿਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਜਿਹੜੇ ਆਗੂ ਅਕਾਲੀ ਦਲ ਦੇ ਵਿਰੋਧੀ ਹਨ ਤੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ ਤੇ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਮਾਮਲੇ ’ਤੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ, ਇਸ ਬਾਰੇ ਵੀ ਜਥੇਦਾਰ ਸਾਹਿਬ ਨੂੰ ਜਾਣੂ ਕਰਵਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਤਾਕਤਾਂ ਹੁਣ ਖੁਦ ਆਪਣੀਆਂ ਪਾਰਟੀਆਂ ਰਜਿਸਟਰ ਕਰਵਾਉਣੀਆਂ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਉਹ ਇਹਨਾਂ ਪਾਰਟੀਆਂ ਨੂੰ ਚੁਣੌਤੀ ਦਿੰਦੇ ਹਨ ਕਿ ਉਹ ਆਪਣੀਆਂ ਪਾਰਟੀਆਂ ਰਜਿਸਟਰ ਕਰਵਾਉਣ ਦੀ ਪ੍ਰਕਿਰਿਆ ਨੂੰ ਜਨਤਕ ਕਰਨ ਤਾਂ ਜੋ ਲੋਕ ਸਮਝ ਸਕਣ ਕਿ ਇਹ ਜੋ ਪ੍ਰਚਾਰ ਕਰਦੀਆਂ ਹਨ ਤੇ ਜੋ ਕੰਮ ਕਰਦੀਆਂ ਹਨ, ਉਹਨਾਂ ਵਿਚ ਕਿਵੇਂ ਅੰਤਰ ਹੈ।
ਡਾ. ਚੀਮਾ ਨੇ ਕਿਹਾ ਕਿ ਨਵੀਂਆਂ ਪਾਰਟੀਆਂ ਦੀ ਰਜਿਸਟਰੇਸ਼ਨ ਵਾਸਤੇ ਤੈਅ ਨਿਯਮਾਂ ਮੁਤਾਬਕ ਇਹ ਲਾਜ਼ਮੀ ਹੈ ਕਿ ਅਜਿਹੀਆਂ ਪਾਰਟੀਆਂ ਧਰਮ ਜਾਂ ਜਾਤ ਪਾਤ ਦੇ ਨਾਂ ’ਤੇ ਕੰਮ ਕਰਨ ਨਾ ਕਰਨ ਅਤੇ ਦੇਸ਼ ਦੇ ਸੰਵਿਧਾਨ ਦੇ ਮੁਤਾਬਕ ਕੰਮ ਕਰਨ। ਉਹਨਾਂ ਕਿਹਾ ਕਿ ਇਹ ਵੀ ਲਾਜ਼ਮੀ ਹੈ ਕਿ ਇਹਨਾਂ ਸਾਰੀਆਂ ਪਾਰਟੀਆਂ ਦੇ ਫੈਸਲੇ ਲੋਕਤੰਤਰੀ ਕਦਰਾਂ ਕੀਮਤਾਂ ਮੁਤਾਬਕ ਹੋਣ ਅਤੇ ਇਹ ਪਾਰਟੀਆਂ ਧਰਮ ਨਿਰਪੱਖਤਾ ਤੇ ਸਮਾਜਵਾਦ ਮੁਤਾਬਕ ਕੰਮ ਕਰਨ। ਉਹਨਾ ਕਿਹਾ ਕਿ ਇਹ ਸਾਰੇ ਫੈਸਲੇ ਸਪਸ਼ਟ ਤੌਰ ’ਤੇ ਲੋਕਤੰਤਰੀ ਕਦਰਾਂ ਕੀਮਤਾਂ ਮੁਤਾਬਕ ਹੋਣੇ ਚਾਹੀਦੇ ਹਨ ਤੇ ਇਹਨਾਂ ਵਿਚ ਕੋਈ ਵੀਟੋ ਪਾਵਰ ਨਹੀਂ ਹੋਣੀ ਚਾਹੀਦੀ।
ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਧੰਨਵਾਦ ਕੀਤਾ ਜਿਹਨਾਂ ਨੇ ਪਾਰਟੀ ਦੇ ਵਫਦ ਨੂੰ ਸਮਾਂ ਦਿੱਤਾ ਜਿਸ ਵਿਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਰਾਮ ਸਿੰਘ, ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਕੰਧੋਵਾਲ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ।
Powered by Froala Editor
Sad-Delegation-Submits-Representation-To-Sri-Akal-Takht-Sahib-Jathedar-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)