24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਹੋ ਰਹੀ ਹੈ ਕਣਕ ਦੀ ਅਦਾਇਗੀ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ
ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਅਣਮਨੁੱਖੀ ਤੇ ਕਰੂਰ ਕਾਰਾ ਦੱਸਦਿਆਂ ਮਿ੍ਤਕਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ
ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ :- ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ
ਖੰਨਾ, ਲੁਧਿਆਣਾ, 23 ਅਪ੍ਰੈਲ (000) ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗੂ ਸ. ਜਗਤਾਰ ਸਿੰਘ ਗਿੱਲ ਰਤਨਹੇੜੀ ਵਲੋਂਂ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਜੱਸੀ ਸੋਹੀਆਂ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਲੰਟੀਅਰ ਸ਼ਾਮਲ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਕਣਕ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਪੰਜਾਬ ਸਰਕਾਰ ਨੂੰ 28894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ ਕਿਉਂਕਿ ਸਾਰੀਆਂ ਸਹੂਲਤਾਂ ਅਤੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਸਨ।
ਸੌਂਦ ਨੇ ਕਿਹਾ ਹੈ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਇਹ ਬਦਲਾਅ ਹੀ ਹੈ ਕਿ ਹੁਣ ਆਮ ਲੋਕ ਅਹੁਦਿਆਂ ਉੱਤੇ ਬੈਠ ਕੇ ਲੋਕ ਹਿੱਤ ਦੇ ਫੈਸਲੇ ਲੈਣ ਦੇ ਕਾਬਲ ਹੋਏ ਹਨ। ਪਹਿਲਾਂ ਵਾਲੀਆਂ ਸਰਕਾਰਾਂ ਨੇ ਕਦੇ ਵੀ ਆਮ ਲੋਕਾਂ ਨੂੰ ਅੱਗੇ ਨਹੀਂ ਆਉਣ ਦਿੱਤਾ। ਸਾਡੇ ਉੱਤੇ ਆਮ ਲੋਕਾਂ ਦਾ ਬਹੁਤ ਕਰਜ਼ਾ ਹੈ ਜੋ ਕਦੇ ਵੀ ਉਤਾਰਿਆ ਨਹੀਂ ਜਾ ਸਕਦਾ।
ਉਹਨਾਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ 600 ਯੂਨਿਟ ਬਿਜਲੀ ਮੁਫ਼ਤ ਦੇਣ ਕਰਕੇ 90 ਫੀਸਦੀ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੈਰਿਟ ਦੇ ਅਧਾਰ ਉੱਤੇ 56 ਹਜ਼ਾਰ ਤੋਂ ਵਧੇਰੇ ਨੌਕਰੀਆਂ ਦੇਣ ਦੇ ਨਾਲ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਉਹਨਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ''ਚੋਣਾਂ ਦੌਰਾਨ ਅਸੀਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।” ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਇੱਕੋ-ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮਿਲ ਸਕਣ।
ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿਚ ਆਉਣ ਦਾ ਮੌਕਾ ਦਿੱਤਾ ਹੈ ਅਤੇ ਜਗਤਾਰ ਸਿੰਘ ਗਿੱਲ ਵਰਗੇ ਇੱਕ ਮਿਹਨਤੀ ਵਰਕਰ, ਜਿਸ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਉਸ ਨੂੰ ਇਹ ਅਹੁਦਾ ਦੇ ਕੇ ਨਿਵਾਜ਼ਿਆ ਹੈ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਵਲੋਂ ਮਾਰਕੀਟ ਕਮੇਟੀ ਖੰਨਾ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।
ਕੈਬਨਿਟ ਮੰਤਰੀ ਸੌਂਦ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਅਣਮਨੁੱਖੀ ਤੇ ਕਰੂਰ ਕਾਰਾ ਦਰਸਾਉਂਦੇ ਹੋਏ ਪੀੜਤਾ ਨਾਲ ਸੰਵੇਦਨਾ ਪ੍ਰਗਟਾਈ। ਉਹਨਾਂ ਮ੍ਰਿਤਕ ਸੈਲਾਨੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ। ਉਹਨਾਂ ਕਿਹਾ ਕਿ ਕਿਸੇ ਵੀ ਕੀਮਤ ਤੇ ਕਾਤਲ ਬਖਸ਼ੇ ਨਹੀਂ ਜਾਣੇ ਚਾਹੀਦੇ।
ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ :- ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ
ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਉਪਰੰਤ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਕਿਹਾ ਕਿ ਉਹ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਨਿਮਾਣੇ ਵਰਕਰ ਨੂੰ ਮਾਣ ਬਖਸ਼ਿਆ। ਉਹਨਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਫਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਨਦਾਤਾ ਨੂੰ ਮੰਡੀਆਂ ਵਿੱਚ ਕਿਸੇ ਪੱਖੋਂ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਮੰਡੀ ਬੋਰਡ ਇਲਾਕੇ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹੇਗਾ। ਉਹਨਾਂ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਸ੍ਰੀ ਭੁਪਿੰਦਰ ਸਿੰਘ ਸੌਂਦ, ਸ੍ਰੀ ਅਵਤਾਰ ਸਿੰਘ ਆਮ ਆਦਮੀ ਪਾਰਟੀ ਬਲਾਕ ਪ੍ਰਧਾਨ ਦਿਹਾਤੀ ਖੰਨਾ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ. ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਦਿਆਲ ਸਿੰਘ, ਕੌਂਸਲਰ ਜਤਿੰਦਰ ਪਾਠਕ, ਕੌਂਸਲਰ ਸੁਖਮਨਜੀਤ ਸਿੰਘ, ਸਾਬਕਾ ਕੌਂਸਲਰ ਰਜਿੰਦਰ ਸਿੰਘ ਜੀਤ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Powered by Froala Editor
Jagtar-Singh-Gill-Ratyanheri-Chairman-Market-Committee-Khanna-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)