ਲੋਕ ਨਿਰਮਾਣ ਮੰਤਰੀ ਨੇ ਨੇ ਸੜਕ ਸੁਰੱਖਿਆ ਵਰਕਸ਼ਾਪ ਦੌਰਾਨ ਬਲੈਕ ਸਪਾਟਸ ਨੂੰ ਖ਼ਤਮ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਸੜਕ ਮਾਰਗਾਂ ‘ਤੇ ਚੱਲਣ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਨੂੰ ਸਿਰ ‘ਤੇ ਪਾਉਣ ਦੀ ਬਜਾਏ ਹੱਥ ਜਾਂ ਹੈਂਡਲ ਨਾਲ ਲਟਕਾ ਲੈਂਦੇ ਹਨ ਤੇ ਜਦੋਂ ਹਾਦਸਾ ਵਾਪਰਦਾ ਹੈ ਤਾਂ ਇਸ ਗਲਤੀ ਦਾ ਉਨ੍ਹਾਂ ਨੂੰ ਗੰਭੀਰ ਨਤੀਜਾ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਕੇ ਗੱਡੀ ਚਲਾਉਣ ਨਾਲ ਜਿੱਥੇ ਲੋਕ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੇ ਹਨ ਉੱਥੇ ਬੇਕਸੂਰ ਰਾਹਗੀਰਾਂ ਨੂੰ ਵੀ ਖਤਰੇ ਵਿੱਚ ਪਾ ਦਿੰਦੇ ਹਨ। ਉਨ੍ਹਾਂ ਐਨ.ਐਚ.ਏ.ਆਈ. ਅਤੇ ਲੀਡ ਏਜੰਸੀ ਨੂੰ ਬਲੈਕ ਸਪਾਟਸ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ।
ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕਰਕੇ ਕੀਮਤੀ ਜਾਨਾਂ ਨੂੰ ਬਚਾਉਣ ਦਾ ਇੱਕ ਵੱਡਾ ਉਪਰਾਲਾ ਕੀਤਾ ਹੈ ਜਿਸ ਨਾਲ ਪੰਜਾਬ ਰਾਜ ਵਿੱਚ ਹਾਦਸਿਆਂ ਵਿੱਚ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਗਿਰਾਵਟ ਆਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਹਾਦਸਾ ਪੀੜਤਾਂ ਦੀ ਮਦਦ ਜਰੂਰ ਕਰੋ ਕਿਉਂਕਿ ਜਿੰਨੀ ਜਲਦੀ ਹਾਦਸਾ ਪੀੜਤ ਨੂੰ ਹਸਪਤਾਲ ਪਹੁੰਚਾ ਦੇਵਾਂਗੇ ਓਨਾ ਉਸ ਵਿਅਕਤੀ ਦੇ ਬਚਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਆਧੁਨਿਕ ਸੜਕ ਸੁਰੱਖਿਆ ਅਭਿਆਸਾਂ ਨੂੰ ਅਪਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਯੋਜਨਾਬੱਧ ਡਿਜ਼ਾਈਨ, ਨਿਯਮਤ ਰੱਖ-ਰਖਾਅ ਅਤੇ ਸੁਰੱਖਿਅਤ ਇੰਜੀਨੀਅਰਿੰਗ ਮਿਆਰ ਹਾਦਸਿਆਂ ਨੂੰ ਘਟਾਉਣ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਹਨ।
ਵਰਕਸ਼ਾਪ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਇੱਕ ਸੁਰੱਖਿਅਤ ਪ੍ਰਣਾਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਸੁਰੱਖਿਅਤ ਸੜਕੀ ਡਿਜ਼ਾਈਨ, ਪ੍ਰਭਾਵਸ਼ਾਲੀ ਲਾਗੂਕਰਨ ਅਤੇ ਨਿਰੰਤਰ ਜਨਤਕ ਪਹੁੰਚ 'ਤੇ ਧਿਆਨ ਕੇਂਦਰਿਤ ਕੀਤਾ ਗਿਆ।
ਐਨਐਚਏਆਈ ਦੇ ਖੇਤਰੀ ਅਧਿਕਾਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਸੜਕ ਸੁਰੱਖਿਆ ਦੇ ਨਤੀਜੇ ਸੁਰੱਖਿਅਤ ਇੰਜੀਨੀਅਰਿੰਗ, ਨਿਯਮਤ ਗਤੀ, ਸੁਰੱਖਿਅਤ ਵਾਹਨਾਂ ਅਤੇ ਹਾਦਸੇ ਤੋਂ ਬਾਅਦ ਤੁਰੰਤ ਪ੍ਰਤੀਕਿਰਿਆ ਦੇ ਸੁਮੇਲ 'ਤੇ ਨਿਰਭਰ ਕਰਦੇ ਹਨ। ਉਨ੍ਹਾਂ ਐਨਐਚਏਆਈ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜਿਨ੍ਹਾਂ ਵਿੱਚ ਸੜਕ ਸੁਰੱਖਿਆ ਆਡਿਟ, ਬਲੈਕ ਸਪਾਟਸ ਨੂੰ ਦਰੁਸਤ ਕਰਨਾ, ਸੜਕੀ ਜਿਓਮੈਟਰੀ ਵਿੱਚ ਸੁਧਾਰ, ਕਰੈਸ਼ ਬੈਰੀਅਰ, ਸਪੱਸ਼ਟ ਸੰਕੇਤ, ਸੜਕੀ ਨਿਸ਼ਾਨ ਅਤੇ ਪੈਦਲ ਯਾਤਰੀਆਂ ਦੇ ਅਨੁਕੂਲ ਬੁਨਿਆਦੀ ਢਾਂਚਾ ਸ਼ਾਮਲ ਹੈ।
ਪੰਜਾਬ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ, ਪਰਨੀਤ ਸ਼ੇਰਗਿੱਲ ਨੇ ਭਾਗੀਦਾਰਾਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੌਰਾਨ ਪੰਜਾਬ ਭਰ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜਾਗਰੂਕਤਾ ਮੁਹਿੰਮਾਂ, ਲਾਗੂਕਰਨ ਸਬੰਧੀ ਮੁਹਿੰਮਾਂ, ਹੈਲਮੇਟ ਅਤੇ ਸੀਟ-ਬੈਲਟ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਡਰਾਈਵਰਾਂ ਪ੍ਰਤੀ ਸੰਵੇਦਨਸ਼ੀਲਤਾ ਬਾਰੇ ਗੱਲ ਕੀਤੀ। ਉਨ੍ਹਾਂ ਨੇ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ।
Powered by Froala Editor
Safe-Roads-Must-Be-Backed-By-Responsible-Road-Users-Harbhajan-Singh-Eto
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)