*ਲੋਕ-ਹਿਤੈਸ਼ੀ ਅਤੇ ਪ੍ਰਗਤੀਸ਼ੀਲ ਬਜਟ ਨਾਲ ਲੋਕ ਸੇਵਾਵਾਂ ਦੀ ਡਿਲੀਵਰੀ ਹੋਵੇਗੀ ਹੋਰ ਮਜ਼ਬੂਤ: ਮੁੰਡੀਆਂ*
*ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ*
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਤਾਂ ਜੋ 1230 ਗੁਣਵੱਤਾ-ਪ੍ਰਭਾਵਿਤ ਅਤੇ ਪਾਣੀ ਦੀ ਕਿੱਲਤ ਵਾਲੇ ਪਿੰਡਾਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਲੰਬੇ ਸਮੇਂ ਤੋਂ ਚੱਲ ਰਹੀਆਂ ਪਾਣੀ ਦੀ ਗੁਣਵੱਤਾ ਸਬੰਧੀ ਚੁਣੌਤੀਆਂ ਨੂੰ ਹੱਲ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਉਣਗੇ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਾਣੀ ਦੀ ਕਿੱਲਤ ਵਾਲੀਆਂ 125 ਬਸਤੀਆਂ ਵਿੱਚ ਪੀਣ ਵਾਲੇ ਪਾਣੀ ਦੇ ਸੁਧਾਰ ਕਾਰਜ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਅਤੇ ਦੂਸ਼ਿਤ ਪਾਣੀ ਦੇ ਗੰਭੀਰ ਮਸਲਿਆਂ ਨੂੁੰ ਨਜਿੱਠਣ ਲਈ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਵਿੱਚ ਨਵੇਂ ਜਲ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ‘ਨਲ ਜਲ ਮਿੱਤਰ’ ਮੁਹਿੰਮ ਵੀ ਸ਼ੁਰੂ ਕਰੇਗੀ, ਜਿਸ ਤਹਿਤ ਹਰੇਕ ਗ੍ਰਾਮ ਪੰਚਾਇਤ ਵਿੱਚ ਇੱਕ ਸਿਖਲਾਈ ਪ੍ਰਾਪਤ ਵਿਅਕਤੀ ਪੇਂਡੂ ਜਲ ਸਪਲਾਈ ਪ੍ਰਣਾਲੀਆਂ ਦੇ ਸੰਚਾਲਨ ਅਤੇ ਰੱਖ-ਰਖਾਅ ਵਿੱਚ ਸਹਾਇਤਾ ਕਰੇਗਾ। ਇਸ ਨਾਲ ਭਾਈਚਾਰਕ ਸ਼ਮੂਲੀਅਤ ਮਜ਼ਬੂਤ ਹੋਵੇਗੀ ਅਤੇ ਸਾਫ਼ ਪਾਣੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।
ਮਾਲ ਅਤੇ ਪੁਨਰਵਾਸ ਵਿਭਾਗ ਨਾਲ ਸਬੰਧਤ ਬਜਟ ਪ੍ਰਸਤਾਵਾਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਨਵਾਂ ਪ੍ਰਸ਼ਾਸਕੀ ਕੰਪਲੈਕਸ ਸਥਾਪਤ ਕਰਨ ਦਾ ਫ਼ੈਸਲਾ ਸੂਬਾ ਸਰਕਾਰ ਦੀ ਸ਼ਲਾਘਾਯੋਗ ਪਹਿਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਸ਼ਾਸਕੀ ਕੰਪਲੈਕਸ ਨੂੰ ਇਮਾਰਤਸਾਜ਼ੀ ਦੀ ਵਿਰਾਸਤੀ ਸ਼ੈਲੀ ਵਿੱਚ ਡਿਜ਼ਾਈਨ ਕੀਤਾ ਜਾਵੇਗਾ ਜਿਸ ਨਾਲ ਮੁੱਖ ਸਰਕਾਰੀ ਦਫਤਰਾਂ ਨੂੰ ਇੱਕ ਛੱਤ ਹੇਠ ਲਿਆ ਕੇ ਪ੍ਰਸ਼ਾਸਕੀ ਕੰਮਕਾਜ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਪਵਿੱਤਰ ਸ਼ਹਿਰ ਦੀ ਇਤਿਹਾਸਕ ਅਤੇ ਅਧਿਆਤਮਿਕ ਧਰੋਹਰ ਨੂੰ ਸੁਰੱਖਿਅਤ ਰੱਖਦਿਆਂ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਵਾਧਾ ਹੋਵੇਗਾ।
ਮਾਲ ਵਿਭਾਗ ਦੀਆਂ ਹੋਰ ਪਹਿਲਕਦਮੀਆਂ ਬਾਰੇ ਦੱਸਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਜ਼ਮੀਨ-ਜਾਇਦਾਦ ਸੇਵਾਵਾਂ ਨੂੰ ਪਾਰਦਰਸ਼ੀ, ਤਕਨਾਲੋਜੀ-ਅਧਾਰਤ ਅਤੇ ਨਾਗਰਿਕ-ਕੇਂਦ੍ਰਿਤ ਬਣਾਉਣ ਲਈ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ‘ਈਜ਼ੀ ਜਮ੍ਹਾਂਬੰਦੀ’ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲੋਕ ਆਨਲਾਈਨ ਪੋਰਟਲ ਜਾਂ ਵੱਟਸਐਪ ਰਾਹੀਂ ਜ਼ਮੀਨੀ ਰਿਕਾਰਡ ਤੱਕ ਪਹੁੰਚ ਕਰ ਸਕਦੇ ਹਨ, ਇੰਤਕਾਲਾਂ ਲਈ ਅਰਜ਼ੀ ਦੇ ਸਕਦੇ ਹਨ, ਰਪਟ ਐਂਟਰੀਆਂ ਸਬੰਧੀ ਬੇਨਤੀ ਕਰ ਸਕਦੇ ਹਨ ਅਤੇ ਫਰਦ ਬਦਰ ਸੇਵਾਵਾਂ ਹਾਸਲ ਕਰ ਸਕਦੇ ਹਨ ਜਿਸ ਵਿੱਚ ਸੇਵਾ ਸਹਾਇਕਾਂ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਹੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।
ਮੰਤਰੀ ਨੇ ਅੱਗੇ ਕਿਹਾ ਕਿ ‘ਈਜ਼ੀ ਰਜਿਸਟਰੀ’ ਪ੍ਰਾਜੈਕਟ ਨੇ ਡੀਡ ਫਾਰਮੈਟ ਸੁਖਾਲੇ ਕੀਤੇ ਹਨ, ਜ਼ਿਲ੍ਹੇ ਵਿੱਚ ਕਿਤੇ ਵੀ ਰਜਿਸਟਰੀ ਕਰਵਾਉਣ ਦੀ ਸਹੂਲਤ ਦਿੱਤੀ ਹੈ ਅਤੇ ਲੋਕਾਂ ਨੂੰ ਰੀਅਲ-ਟਾਈਮ ਅੱਪਡੇਟਸ ਪ੍ਰਦਾਨ ਕਰਦਿਆਂ ਪਾਰਦਰਸ਼ਤਾ ਯਕੀਨੀ ਬਣਾਈ ਹੈ ਅਤੇ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਹੈ। ਇਸ ਪਹਿਲਕਦਮੀ ਤਹਿਤ 6.17 ਲੱਖ ਦਸਤਾਵੇਜ਼ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ, ਜੋ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਕੀਤੇ ਗਏ ਇਸ ਵੱਡੇ ਸੁਧਾਰ ਯਤਨ ਦੀ ਵਿਆਪਕ ਪ੍ਰਵਾਨਗੀ ਦਾ ਪ੍ਰਮਾਣ ਹੈ।
ਆਫ਼ਤ ਪ੍ਰਬੰਧਨ ਦੇ ਯਤਨਾਂ ਦਾ ਹਵਾਲਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਤੀਬਰ ਅਤੇ ਵਿਉਂਤਬੱਧ ਕਾਰਵਾਈ ਕੀਤੀ। ਵਿੱਤੀ ਸਾਲ 2025-26 ਦੌਰਾਨ ਸਰਕਾਰ ਨੇ ਵਿਆਪਕ ਆਫ਼ਤ ਰਾਹਤ ਅਤੇ ਬਚਾਅ ਕਾਰਜਾਂ ਲਈ 1010 ਕਰੋੜ ਰੁਪਏ ਜਾਰੀ ਕੀਤੇ। ਇਸ ਰਾਸ਼ੀ ਰਾਹੀਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ, ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਲਈ ਸਿੱਧਾ ਮੁਆਵਜ਼ਾ ਦਿੱਤਾ ਗਿਆ। ਇਸ ਤੋਂ ਇਲਾਵਾ ਸਟੇਟ ਮਿਟੀਗੇਸ਼ਨ ਫ਼ੰਡ ਅਧੀਨ ਅਹਿਮ ਨਿਵੇਸ਼ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਪੰਜਾਬ ਨੇ ਭਾਰਤ ਦੇ ਪਹਿਲੇ ਮੁਕੰਮਲ "ਡਿਜੀਟਲ ਫਲੱਡ ਰਿਲੀਫ਼ ਸਿਸਟਮ" ਦੀ ਸ਼ੁਰੂਆਤ ਕੀਤੀ ਹੈ ਜਿਸ ਨਾਲ ਜੀਓ-ਟੈਗਡ ਸਰਵੇਖਣ ਅਤੇ ਰੀਅਲ ਟਾਈਮ ਨਿਗਰਾਨੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਇਸ ਪ੍ਰਣਾਲੀ ਨਾਲ ਲਾਭਪਾਤਰੀਆਂ ਨੂੰ ਰਾਹਤ ਫ਼ੰਡ ਬਿਨਾਂ ਵਿਚੋਲਿਆਂ ਦੇ ਦਖ਼ਲ ਤੋਂ ਆਨਲਾਈਨ ਸਿੱਧੇ ਤੌਰ 'ਤੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਟ੍ਰਾਂਸਫਰ ਕੀਤਾ ਜਾਣਾ ਯਕੀਨੀ ਬਣਿਆ ਹੈ। ਇਸ ਤੋਂ ਇਲਾਵਾ ਇਸ ਪਹਿਲਕਦਮੀ ਨੇ ਕਾਰਵਾਈ ਵਿੱਚ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ ਜਿਸ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਮਹੀਨਿਆਂ ਵਿੱਚ ਹੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਜਦੋਂ ਕਿ ਪਹਿਲਾਂ ਅਜਿਹੀ ਰਾਹਤ ਵਿੱਚ ਅਕਸਰ ਛੇ ਮਹੀਨਿਆਂ ਤੋਂ ਇੱਕ ਸਾਲ ਤੱਕ ਦਾ ਸਮਾਂ ਲਗ ਜਾਂਦਾ ਸੀ।
Rs-1487-cr-Outlay-To-Strengthen-Drinking-Water-Supply-In-1230-Villages
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)