ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
Mar28,2026
| Gurvinder Singh Mohali | Mohali
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਸੀ। ਲਾਲ ਸਿੰਘ ਨੇ ਆਪਣਾ ਸਿਆਸੀ ਸਫਰ 1980 ਦੇ ਦਹਾਕੇ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਸ਼ੁਰੂ ਕੀਤਾ ਸੀ। ਸੰਗਠਨ ਦੇ ਪੱਧਰ ਤੇ ਸਰਗਰਮ ਰਹਿੰਦਿਆਂ ਉਨ੍ਹਾਂ ਨੇ ਪਟਿਆਲਾ ਖੇਤਰ ਵਿੱਚ ਆਪਣੀ ਮਜ਼ਬੂਤ ਪਕੜ ਬਣਾਈ ਅਤੇ ਹੌਲੀ-ਹੌਲੀ ਇੱਕ ਪ੍ਰਭਾਵਸ਼ਾਲੀ ਆਗੂ ਵਜੋਂ ਉਭਰੇ। ਉਨ੍ਹਾਂ ਨੂੰ ਪਹਿਲੀ ਵੱਡੀ ਸਫਲਤਾ 1992 ਵਿੱਚ ਮਿਲੀ, ਜਦੋਂ ਉਹ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ 2002, 2007 ਅਤੇ 2012 ਵਿੱਚ ਵੀ ਜਿੱਤ ਦਰਜ ਕੀਤੀ।
ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਕੰਮ ਕਰਦਿਆਂ ਖ਼ੁਰਾਕ ਅਤੇ ਸਪਲਾਈ ਸਮੇਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਲਾਲ ਸਿੰਘ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਲਾਲ ਸਿੰਘ ਨੂੰ ਪਾਰਟੀ ਦਾ ਇੱਕ ਮਜ਼ਬੂਤ ਥੰਮ੍ਹ ਦੱਸਦਿਆਂ ਕਿਹਾ ਕਿ ਉਨ੍ਹਾਂ ਦੀਆਂ ਪੰਥਕ ਅਤੇ ਰਾਜਸੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਾਰਟੀ ਵਰਕਰਾਂ ਅਤੇ ਵੱਖ-ਵੱਖ ਸਿਆਸੀ ਆਗੂਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
Punjab-Ex-Minister-Lal-Singh-No-More