ਸ਼੍ਰੋਮਣੀ ਅਕਾਲੀ ਦਲ ਨੂੰ ਖਰੜ ਹਲਕੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਜਨਰਲ ਸਕੱਤਰ (ਵਪਾਰ ਤੇ ਉਦਯੋਗ ਵਿੰਗ ਪੰਜਾਬ) ਹਰਜੀਤ ਸਿੰਘ ਪੰਨੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਤੋਂ ਅਸਤੀਫਾ ਦੇ ਦਿੱਤਾ।
ਪੰਨੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫੇ ਵਿੱਚ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਪਾਰਟੀ ਵਿੱਚ ਅਣਗੌਲਿਆ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਲੋਕਾਂ ਵਿੱਚ ਅਕਸ਼ ਨੂੰ ਨੁਕਸਾਨ ਪਹੁੰਚ ਰਿਹਾ ਸੀ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਖਰੜ ਸ਼ਹਿਰ ਅਤੇ ਹਲਕੇ ਦੇ ਵਰਕਰਾਂ ਨੂੰ ਅਹੁਦੇ ਨਹੀਂ ਦਿੱਤੇ ਗਏ, ਜਿਸ ਨਾਲ ਵਰਕਰਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਸੀ।
ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀਆਂ ਮੀਟਿੰਗਾਂ ਅਤੇ ਗਤੀਵਿਧੀਆਂ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾਂਦੀ ਸੀ ਅਤੇ ਨਾ ਹੀ ਸੱਦਾ ਭੇਜਿਆ ਜਾਂਦਾ ਸੀ। ਪੰਨੂ ਨੇ ਦਾਅਵਾ ਕੀਤਾ ਕਿ ਜਦੋਂ ਪਾਰਟੀ ਮੁਸ਼ਕਲ ਸਮੇਂ ਵਿੱਚ ਸੀ, ਉਹ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਗੇ ਆਏ ਸਨ ਅਤੇ ਵੱਡੀ ਗਿਣਤੀ ਵਿੱਚ ਕੌਂਸਲਰ, ਸਰਪੰਚ, ਵਪਾਰ ਮੰਡਲਾਂ ਦੇ ਪ੍ਰਧਾਨ ਅਤੇ ਹੋਰ ਆਗੂ ਪਾਰਟੀ ਨਾਲ ਜੋੜੇ ਸਨ।
ਉਨ੍ਹਾਂ ਆਪਣੇ ਸੇਵਾ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਹੜ ਪੀੜਤਾਂ ਲਈ 11 ਟਰੱਕ ਰਾਸ਼ਨ ਵੱਖ-ਵੱਖ ਇਲਾਕਿਆਂ ਵਿੱਚ ਭੇਜੇ ਗਏ ਸਨ ਅਤੇ ਤਰਨਤਾਰਨ ਚੋਣਾਂ ਦੌਰਾਨ ਇੱਕ ਮਹੀਨੇ ਤੱਕ ਦਿਨ-ਰਾਤ ਮਿਹਨਤ ਕੀਤੀ ਗਈ। ਇਸ ਦੇ ਬਾਵਜੂਦ ਕੁਝ ਆਗੂਆਂ ਵੱਲੋਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।
ਪੰਨੂ ਨੇ ਦੋਸ਼ ਲਾਇਆ ਕਿ ਪਾਰਟੀ ਵਿੱਚ ਭੇਦਭਾਵ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਹੇਠਲੇ ਵਰਕਰਾਂ ਨੂੰ ਯੋਗ ਮਾਣ-ਸਤਿਕਾਰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜੇ ਪਾਰਟੀ ਨੂੰ ਉਨ੍ਹਾਂ ਦੀ ਸ਼ਮੂਲੀਅਤ ਅਤੇ ਸੁਝਾਵਾਂ ਦੀ ਲੋੜ ਨਹੀਂ, ਤਾਂ ਉਹ ਆਪਣੇ ਸ਼ਹਿਰ ਖਰੜ ਵਿੱਚ ਆਜ਼ਾਦ ਤੌਰ ‘ਤੇ ਲੋਕ ਸੇਵਾ ਕਰਨਗੇ।
ਅੰਤ ਵਿੱਚ, ਉਨ੍ਹਾਂ ਆਪਣੇ ਸੈਂਕੜੇ ਸਾਥੀਆਂ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ।