ਪੰਜਾਬ ਵਿੱਚ ਪੰਥਕ ਗਠਜੋੜ ਲਈ ਉਨ੍ਹਾਂ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਲਗਾਤਾਰ ਕੰਮ ਕਰ ਰਹੀ ਹੈ : ਅਕਾਲੀ ਦਲ ਵਾਰਿਸ ਪੰਜਾਬ ਦੇ
Apr28,2026
| Ravinder Singh Dhillon | Khanna
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੰਸਥਾਪਕ ਤਰਸੇਮ ਸਿੰਘ ਖਾਲਸਾ, ਜੋ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਹਨ, ਅੱਜ ਖੰਨਾ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਪੰਥਕ ਗਠਜੋੜ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ।
ਤਰਸੇਮ ਸਿੰਘ ਖਾਲਸਾ ਨੇ ਦੱਸਿਆ ਕਿ ਪੰਜਾਬ ਵਿੱਚ ਪੰਥਕ ਗਠਜੋੜ ਲਈ ਉਨ੍ਹਾਂ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਲਗਾਤਾਰ ਕੰਮ ਕਰ ਰਹੀ ਹੈ। ਹੁਣ ਤੱਕ ਇਸ ਸਬੰਧੀ ਦੋ ਮਹੱਤਵਪੂਰਨ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜੋ ਵੀ ਸ਼ਰਤਾਂ ਅਤੇ ਸੁਝਾਅ ਹਨ, ਉਹ ਤਾਲਮੇਲ ਕਮੇਟੀ ਵੱਲੋਂ ਪੰਥਕ ਗਠਜੋੜ ਵਿੱਚ ਸ਼ਾਮਲ ਹੋਣ ਵਾਲੀਆਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਅੱਗੇ ਰੱਖੇ ਗਏ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦ ਹੀ ਇਹ ਯਤਨ ਸਫਲ ਹੋਣਗੇ ਅਤੇ ਪੰਜਾਬ ਵਿੱਚ ਇੱਕ ਮਜ਼ਬੂਤ ਪੰਥਕ ਗਠਜੋੜ ਬਣੇਗਾ।
ਇਸ ਮੌਕੇ ਉਨ੍ਹਾਂ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਲਈ ਕੀਤੀ ਗਈ ਮੰਗ 'ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੰਗ ਉਹ ਪਹਿਲੇ ਦਿਨ ਤੋਂ ਕਰ ਰਹੇ ਹਨ ਕਿ ਬਿਨਾਂ ਕਿਸੇ ਪੱਕੇ ਦੋਸ਼ ਦੇ ਉਨ੍ਹਾਂ ਦੇ ਪੁੱਤਰ ਅਤੇ ਹੋਰ ਸਾਥੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ, ਜੋ ਨਾਇਨਸਾਫੀ ਹੈ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿੰਨ ਸਾਲਾਂ ਬਾਅਦ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਵੀ ਹਟਾ ਦਿੱਤਾ ਗਿਆ ਹੈ, ਤਾਂ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਦਿਬੜੂਗੜ੍ਹ ਜੇਲ ਵਿੱਚ ਰੱਖਣਾ ਧੱਕੇਸ਼ਾਹੀ ਦੀ ਨਿਸ਼ਾਨੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਜਬਰ ਜੁਲਮ ਦਾ ਸਹਾਰਾ ਲੈ ਰਹੀ ਹੈ, ਜਿਸਦਾ ਲੋਕ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਜਵਾਬ ਦੇਣਗੇ।
ਤਰਸੇਮ ਸਿੰਘ ਖਾਲਸਾ ਨੇ ਜੇਲ੍ਹਾਂ ਦੇ ਅੰਦਰ ਹੋ ਰਹੇ ਤਸ਼ੱਦਦ ਦੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਨਾਲ ਹੋ ਰਹੀ ਜ਼ਿਆਦਤੀ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਜੇਲ ਪ੍ਰਸ਼ਾਸਨ ਨੂੰ ਤੁਰੰਤ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਖਾਸ ਤੌਰ 'ਤੇ ਪ੍ਰਧਾਨ ਮੰਤਰੀ ਬਾਜੇਕੇ ਨਾਲ ਜੁੜੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਲ੍ਹਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਪਾਲਣਾ ਹੋਣੀ ਚਾਹੀਦੀ ਹੈ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਉਹ ਆਪਣੇ ਹੱਕਾਂ ਅਤੇ ਇਨਸਾਫ ਲਈ ਸੰਘਰਸ਼ ਕਰਦੇ ਰਹਿਣਗੇ ਅਤੇ ਕਿਸੇ ਵੀ ਕੀਮਤ 'ਤੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਪੰਥਕ ਏਕਤਾ ਅਤੇ ਨਿਆਂ ਲਈ ਇਹ ਲੜਾਈ ਜਾਰੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਵੱਡਾ ਅਸਰ ਵੇਖਣ ਨੂੰ ਮਿਲੇਗਾ।
Waris-Punjab-De-Amritpal-Singh-Father-At-Khanna-