*•ਕਿਰਤ ਮੰਤਰੀ ਸੌਂਦ ਵੱਲੋਂ 1 ਮਈ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ*
ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।
ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹਾਇਤਾ, ਕਿੱਤਾਮੁਖੀ ਬਿਮਾਰੀਆਂ ਲਈ ਸਹਾਇਤਾ, ਅੰਤਿਮ ਸੰਸਕਾਰ ਸਹਾਇਤਾ, ਸਕਿੱਲ ਅਪਗ੍ਰੇਡੇਸ਼ਨ ਅਤੇ ਕਿੱਤਾਮੁਖੀ ਸਿੱਖਿਆ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਦੌਰਾਨ ਵਿੱਤੀ ਸਹਾਇਤਾ ਸ਼ਾਮਲ ਹੈ। ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤਹਿਤ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਬੀ.ਓ.ਸੀ.ਡਬਲਿਊ. ਬੋਰਡ ਤਹਿਤ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ 1,70,958 ਉਸਾਰੀ ਕਾਮਿਆਂ ਨੂੰ 316 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ।
ਸ. ਸੌਂਦ ਨੇ ਅੱਗੇ ਦੱਸਿਆ ਕਿ ਇੱਕ ਸਾਲ ਵਿੱਚ 90 ਦਿਨ ਕੰਮ ਕਰਨ ਵਾਲੇ ਉਸਾਰੀ ਕਾਮੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਜਾਂ "ਪੰਜਾਬ ਕਿਰਤੀ ਸਹਾਇਕ" ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰ ਸਕਦੇ ਹਨ।
ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਉਦਯੋਗਿਕ ਕਾਮਿਆਂ ਲਈ ਵੀ ਕਈ ਭਲਾਈ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਅਤੇ ਅਪੰਗਤਾ ਮੁਆਵਜ਼ਾ, ਜਣੇਪਾ ਲਾਭ, ਡਾਕਟਰੀ ਸਹਾਇਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕਿਰਤ ਭਲਾਈ ਬੋਰਡ ਦੇ 21,243 ਲਾਭਪਾਤਰੀਆਂ ਨੂੰ 51.49 ਕਰੋੜ ਰੁਪਏ ਦੇ ਲਾਭ ਦਿੱਤੇ ਜਾ ਚੁੱਕੇ ਹਨ।
ਅਸੰਗਠਿਤ ਕਾਮਿਆਂ ਜਿਵੇਂ ਕਿ ਗਿਗ ਵਰਕਰ, ਗਲੀ ਵਿਕਰੇਤਾ, ਘਰੇਲੂ ਕਾਮੇ, ਛੋਟੇ ਦੁਕਾਨਦਾਰ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਵਾਸਤੇ ਮੰਤਰੀ ਨੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਲਾਭ, ਖਾਸ ਕਰਕੇ ਮੌਤ ਜਾਂ ਅਪੰਗਤਾ ਦੇ ਮਾਮਲਿਆਂ ਵਿੱਚ, ਪ੍ਰਾਪਤ ਕਰਨ ਲਈ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ਼.) ਰਾਹੀਂ ਈ-ਸ਼੍ਰਮ ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ।
ਸ. ਸੌਂਦ ਨੇ ਕਿਹਾ, "ਕਿਰਤ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਸਰਕਾਰ ਸੂਬੇ ਦੇ ਹਰੇਕ ਕਾਮੇ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਸਰਕਾਰ ਦੀ ਮਜ਼ਦੂਰ ਪੱਖੀ ਪਹੁੰਚ ਦੀ ਪੁਸ਼ਟੀ ਕਰਦਿਆਂ ਕਿਰਤ ਮੰਤਰੀ ਨੇ ਅਜਿਹੇ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਸਮਾਜ ਦੇ ਹਰੇਕ ਵਰਗ ਲਈ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਬਰਾਬਰੀ ਦਾ ਦਰਜਾ ਹੋਵੇ।
Special-Vidhan-Sabha-Session-On-Labour-Day-A-Historic-Step-Sond
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)