(ਖੰਨਾ, ਰਵਿੰਦਰ ਢਿੱਲੋਂ )
ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਂ 'ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫਰਜ਼ੀ ਫੇਸਬੁੱਕ ਅਕਾਊਂਟ ਬਣਾ ਕੇ ਲੋਕਾਂ ਨਾਲ ਠੱਗੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਉਕਤ ਫਰਜ਼ੀ ਅਕਾਊਂਟ ਤੋਂ ਆਮ ਲੋਕਾਂ ਨੂੰ ਸੁਨੇਹੇ ਭੇਜ ਕੇ ਐਮਰਜੈਂਸੀ ਦਾ ਹਵਾਲਾ ਦਿੰਦਿਆਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਫਰਜ਼ੀ ਅਕਾਊਂਟ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਉਹ ਕਿਸੇ ਨੂੰ ਸੋਸ਼ਲ ਮੀਡੀਆ ਰਾਹੀਂ ਪੈਸੇ ਮੰਗਣ ਲਈ ਸੁਨੇਹੇ ਭੇਜਦੇ ਹਨ।
ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਉਨ੍ਹਾਂ ਦੇ ਨਾਂ 'ਤੇ ਕੋਈ ਸੁਨੇਹਾ ਜਾਂ ਕਾਲ ਆਉਂਦੀ ਹੈ, ਜਿਸ ਵਿੱਚ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ, ਤਾਂ ਉਹ ਤੁਰੰਤ ਸਾਵਧਾਨ ਹੋ ਜਾਣ ਅਤੇ ਕਿਸੇ ਵੀ ਹਾਲਤ ਵਿੱਚ ਪੈਸੇ ਨਾ ਭੇਜਣ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਹਿਲਾਂ ਸੱਚਾਈ ਦੀ ਪੁਸ਼ਟੀ ਕਰਨੀ ਬਹੁਤ ਜ਼ਰੂਰੀ ਹੈ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਪੁਲਿਸ ਪ੍ਰਸ਼ਾਸਨ ਤੋਂ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਬਣਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਵਿਅਕਤੀ ਇਸ ਤਰ੍ਹਾਂ ਦੀ ਠੱਗੀ ਦਾ ਸ਼ਿਕਾਰ ਨਾ ਬਣੇ।