· ਨਗਰ ਕੌਂਸਲ ਮਾਲੇਰਕੋਟਲਾ: ਅਖਤਰੀ ਖਾਤੂਨ ਬਣੇ ਚੇਅਰਪਰਸਨ, ਆਇਸ਼ਾ ਕੁਰੈਸੀ ਸੀਨੀਅਰ ਵਾਈਸ ਚੇਅਰਪਰਸਨ ਅਤੇ ਮੁਹੰਮਦ ਬਸ਼ੀਰ ਵਾਈਸ ਪ੍ਰਧਾਨ ਚੁਣੇ ਗਏ
Jun23,2026
| Jagrati Lahar Bureau | Malerkotla
ਨਗਰ ਕੌਂਸਲ ਮਾਲੇਰਕੋਟਲਾ ਦੀ ਚੇਅਰਪਰਸਨ, ਸੀਨੀਅਰ ਵਾਈਸ ਚੇਅਰਪਰਸਨ ਅਤੇ ਵਾਈਸ ਪ੍ਰਧਾਨ ਦੀ ਚੋਣ ਸੰਪੰਨ
· ਮਲੇਰਕੋਟਲਾ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ 'ਚ ਨਗਰ ਕੌਂਸਲ ਮਲੇਰਕੋਟਲਾ ਦੀ ਨਵੀਂ ਟੀਮ ਨਿਭਾਵੇਗੀ ਅਹਿਮ ਭੂਮਿਕਾ: ਬਲਤੇਜ ਪੰਨੂ
· ਮਾਲੇਰਕੋਟਲਾ ਦੇ ਲੋਕਾਂ ਨੇ ਜੋ ਭਰੋਸਾ ਜਤਾਇਆ ਹੈ, ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰੇਗੀ ਨਗਰ
ਕੌਂਸਲ ਦੀ ਨਵੀਂ ਟੀਮ : ਡਾ. ਜਮੀਲ ਉਰ ਰਹਿਮਾਨ
ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਉਪਰੰਤ ਅੱਜ ਨਗਰ ਕੌਂਸਲ ਮਾਲੇਰਕੋਟਲਾ ਦੇ ਚੇਅਰਪਰਸਨ, ਸੀਨੀਅਰ ਵਾਈਸ ਚੇਅਰਪਰਸਨ ਅਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫ਼ਸਰ ਕਨੂੰ ਗਰਗ ਦੀ ਨਿਗਰਾਨੀ ਹੇਠ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਈ।ਇਸ ਮੌਕੇ ਐਸ.ਡੀ.ਐਮ. ਕਨੂ ਗਰਗ ਨੇ ਨਵ ਚੁਣੇ ਮਿਊਸਪਲ ਕੌਂਸਲਰਾਂ ਨੂੰ ਸੰਹੁ ਵੀ ਚੁਕਾਈ ।
ਚੋਣ ਦੌਰਾਨ ਸਥਾਨਕ ਵਾਰਡ ਨੰਬਰ 13 ਤੋਂ ਕੌਂਸਲਰ ਅਖਤਰੀ ਖਾਤੂਨ ਨੂੰ ਨਗਰ ਕੌਂਸਲ ਮਾਲੇਰਕੋਟਲਾ ਦਾ ਚੇਅਰਪਰਸਨ ਚੁਣਿਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 32 ਤੋਂ ਕੌਂਸਲਰ ਆਇਸ਼ਾ ਕੁਰੈਸੀ ਨੂੰ ਸੀਨੀਅਰ ਵਾਈਸ ਚੇਅਰਪਰਸਨ ਅਤੇ ਵਾਰਡ ਨੰਬਰ 18 ਤੋਂ ਕੌਂਸਲਰ ਮੁਹੰਮਦ ਬਸ਼ੀਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ ।ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਚੋਣ ਕਰਵਾਉਣ ਨਈ ਨਿਯੁਕਤ ਕੀਤੇ ਅਬਜਰਬਰ ਕਮ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ, ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਰਹੇ।
ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਾਲੇਰਕੋਟਲਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਪੱਖੀ ਸੋਚ 'ਤੇ ਵਿਸ਼ਵਾਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਦੇ ਵਿਸਥਾਰ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਖੇਤਰ ਵਿੱਚ ਤਰੱਕੀ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਜਾਣਗੇ। ਇਸ ਮੌਕੇ ਵਿਸ਼ੇਸ ਤੌਰ ਤੇ ਪੁਜੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਨਵ ਨਿਯੁਕਤ ਟੀਮ ਨੂੰ ਵਧਾਈ ਦਿੰਦਿਆ ਮਾਲੇਰਕੋਟਲਾ ਦੇ ਸਰਵਪੱਖੀ ਵਿਕਾਸ ਲਈ ਪਾਰਟੀਬਾਜੀ ਤੋਂ ਉਪਰ ਉਠਕੇ ਵਿਕਾਸ ਕਾਰਜਾਂ ਲਈ ਟੀਮ ਵਜੋਂ ਕੰਮ ਕਰਨ ਦੀ ਅਪੀਲ ਕੀਤੀ ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨਵੇਂ ਚੁਣੇ ਗਏ ਨਗਰ ਕੌਂਸਲ ਮਲੇਰਕੋਟਲਾ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਚੋਣ ਮਲੇਰਕੋਟਲਾ ਦੇ ਲੋਕਾਂ ਵੱਲੋਂ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਪੱਖੀ ਪ੍ਰਸ਼ਾਸਨ 'ਤੇ ਪ੍ਰਗਟਾਏ ਗਏ ਭਰੋਸੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਨਗਰ ਕੌਂਸਲ ਦੀ ਨਵੀਂ ਟੀਮ ਅਹਿਮ ਭੂਮਿਕਾ ਨਿਭਾਏਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਲੀਡਰਸ਼ਿਪ ਪੂਰੀ ਇਮਾਨਦਾਰੀ, ਸਮਰਪਣ ਅਤੇ ਦੂਰਅੰਦੇਸ਼ੀ ਨਾਲ ਕੰਮ ਕਰਦਿਆਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਏਗੀ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਵੇਗੀ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮਲੇਰਕੋਟਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ।
ਸਮਾਗਮ ਦੌਰਾਨ ਨਵ-ਚੁਣੇ ਆਹੁਦੇਦਾਰਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ,ਵਿਧਾਇਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਹਰ ਵਾਰਡ ਦੇ ਸਰਬਪੱਖੀ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਵਿਧਾਇਕ ਰਹਿਮਾਨ ਦੀ ਪਤਨੀ ਮੈਡਮ ਫਰੀਆਲ ਰਹਿਮਾਨ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਾਕਿਬ ਅਲੀ ਰਾਜਾ, ਡੀ ਐਸ ਪੀ ਮਾਨਵਜੀਤ ਸਿੰਘ ਨਗਰ ਕੌਂਸਲ ਮਾਲੇਰਕੋਟਲਾ ਦੇ ਕਾਰਜਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ ।
Nagar-Council-Malerkotla-News-