*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ, ਨਵਾਂ ਸੁਲਤਾਨਵਿੰਡ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ; ਪਾਰਦਰਸ਼ੀ ਪ੍ਰਕਿਰਿਆ ਸਦਕਾ 11.52 ਕਰੋੜ ਰੁਪਏ ਦੀ ਬੱਚਤ ਹੋਈ* *ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰੋਜ਼ਾਨਾ 2 ਲੱਖ ਤੋਂ ਵੱਧ ਸ਼ਰਧਾਲੂ ਆਉਂਦੇ ਹਨ; ਸਾਡੀ ਸਰਕਾਰ ਉਨ੍ਹਾਂ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਏ.ਆਈ. ਦੀ ਵਰਤੋਂ; 43,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਰੱਖ-ਰਖਾਅ ਲਈ ਠੇਕੇਦਾਰ ਜ਼ਿੰਮੇਵਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਸਿੰਚਾਈ ਲਈ ਹੁਣ 80 ਫੀਸਦ ਤੋਂ ਵੱਧ ਨਹਿਰੀ ਪਾਣੀ ਦੀ ਹੋ ਰਹੀ ਵਰਤੋਂ; ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਤਹਿਤ 15 ਜੁਲਾਈ ਤੱਕ ਨੌਜਵਾਨਾਂ ਨੂੰ 3,100 ਸਟੇਡੀਅਮ ਸਮਰਪਿਤ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਸਰਕਾਰ ਦੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਅਸਫ਼ਲ ਰਹਿਣ ਕਰਕੇ ਵਿਰੋਧੀ ਧਿਰਾਂ ਫਰਜ਼ੀ ਵੀਡੀਓਜ਼ ਵਾਇਰਲ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਅੰਮ੍ਰਿਤਸਰ, 28 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆ ਫਲਾਈਓਵਰ ਲੋਕਾਂ ਨੂੰ ਸਮਰਪਿਤ ਕਰਕੇ ਵੱਡਾ ਤੋਹਫ਼ਾ ਦਿੱਤਾ। ਲੰਬੇ ਸਮੇਂ ਤੋਂ ਚੱਲੀ ਆ ਰਹੀ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਹਰ ਰੋਜ਼ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਦੋ ਲੱਖ ਤੋਂ ਵੱਧ ਸ਼ਰਧਾਲੂਆਂ ਲਈ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਉਸਾਰੇ ਗਏ ਇਸ ਪ੍ਰੋਜੈਕਟ ਨੂੰ ਜਨਤਾ ਦੇ 11.52 ਕਰੋੜ ਰੁਪਏ ਦੀ ਬੱਚਤ ਨਾਲ ਪਾਰਦਰਸ਼ੀ ਪ੍ਰਣਾਲੀ ਰਾਹੀਂ ਮੁਕੰਮਲ ਕੀਤਾ ਗਿਆ ਹੈ। ਆਪਣੀ ਸਰਕਾਰ ਦੇ ਵਿਕਾਸ-ਮੁਖੀ ਸ਼ਾਸਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਲੋਕਾਂ ਲਈ 15 ਜੁਲਾਈ ਤੱਕ 3,100 ਨਵੇਂ ਸਟੇਡੀਅਮ, 3,000 ਜਿਮ ਅਤੇ 400 ਨਵੇਂ ਆਮ ਆਦਮੀ ਕਲੀਨਿਕ ਤਿਆਰ ਹੋ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਸਿੰਚਾਈ ਲਈ 80 ਫੀਸਦ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਿਹਾ ਕਿ ਹੁਣ ਠੇਕੇਦਾਰ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਪੰਜ ਸਾਲਾਂ ਤੱਕ ਰੱਖ-ਰਖਾਅ ਲਈ ਜਵਾਬਦੇਹ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਸਰਕਾਰ ਵਿਕਾਸ ਅਤੇ ਇਮਾਨਦਾਰ ਸ਼ਾਸਨ 'ਤੇ ਕੇਂਦਰਿਤ ਹੈ, ਉੱਥੇ ਹੀ ਵਿਰੋਧੀ ਧਿਰ ਸਰਕਾਰ ਦੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਅਸਫਲ ਰਹਿਣ ਕਰਕੇ ਫਰਜ਼ੀ ਵੀਡੀਓਜ਼ ਵਾਇਰਲ ਕਰਨ ਵਰਗੇ ਘਟੀਆਂ ਹੱਥਕੰਡਿਆਂ 'ਤੇ ਉਤਰ ਆਈ ਹੈ। ਆਪਣੇ ਐਕਸ ਹੈਂਡਲ 'ਤੇ ਲਿਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਸੁਲਤਾਨਵਿੰਡ ਲਿੰਕ ਰੋਡ 'ਤੇ ਇੱਕ ਨਵਾਂ ਓਵਰਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਇਸ ਪ੍ਰੋਜੈਕਟ 'ਤੇ ਜਨਤਾ ਦੇ 11.5 ਕਰੋੜ ਰੁਪਏ ਬਚਾਏ ਹਨ। 15 ਜੁਲਾਈ ਤੱਕ 3,100 ਨਵੇਂ ਖੇਡ ਮੈਦਾਨ ਅਤੇ 3,000 ਜਿੰਮ ਤਿਆਰ ਹੋ ਜਾਣਗੇ, ਜਦੋਂ ਕਿ 400 ਨਵੇਂ ਆਮ ਆਦਮੀ ਕਲੀਨਿਕ ਵੀ ਲੋਕਾਂ ਦੀ ਸਹੂਲਤਰ ਲਈ ਲਗਭਗ ਪੂਰੀ ਤਰ੍ਹਾਂ ਤਿਆਰ ਹਨ।” ਮੁੱਖ ਮੰਤਰੀ ਨੇ ਅੱਗੇ ਲਿਖਿਆ “ਖੇਤੀਬਾੜੀ ਲਈ ਰਿਕਾਰਡ 80 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੁਣ ਠੇਕੇਦਾਰਾਂ ਲਈ ਉਨ੍ਹਾਂ ਦੁਆਰਾ ਬਣਾਈਆਂ ਜਾਣ ਵਾਲੀਆਂ ਸੜਕਾਂ ਲਈ ਪੰਜ ਸਾਲਾਂ ਦੀ ਗਾਰੰਟੀ ਦੇਣੀ ਲਾਜ਼ਮੀ ਹੈ। ਤੁਹਾਡੀ ਸਰਕਾਰ ਇਮਾਨਦਾਰ ਨੀਅਤ ਨਾਲ ਕੰਮ ਕਰ ਰਹੀ ਹੈ। ਆਓ, ਆਪਾਂ ਸਾਰੇ ਰਲ ਕੇ ਪੰਜਾਬ ਨੂੰ ਹੋਰ ਖੁਸ਼ਹਾਲ ਬਣਾਈਏ ਅਤੇ ਨਵੀਆਂ ਬੁਲੰਦੀਆਂ ਵੱਲ ਲੈ ਚੱਲੀਏ।” ਇਹ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਰੋਜ਼ ਦੋ ਲੱਖ ਤੋਂ ਵੱਧ ਸ਼ਰਧਾਲੂ ਇਸ ਪਵਿੱਤਰ ਨਗਰੀ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਂਦੇ ਹਨ। ਸ਼ਰਧਾਲੂਆਂ ਦੀ ਯਾਤਰਾ ਨੂੰ ਵਧੇਰੇ ਸੁਵਿਧਾਜਨਕ ਅਤੇ ਆਰਾਮਦਾਇਕ ਬਣਾਉਣ ਲਈ ਸਾਡੀ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਅੱਜ ਅਸੀਂ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਨਵਾਂ ਬਣਿਆਂ ਫਲਾਈਓਵਰ ਲੋਕਾਂ ਨੂੰ ਸਮਰਪਿਤ ਕੀਤਾ ਹੈ।” ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ਇਹ ਮਹੱਵਪੂਰਨ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਇਸ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ, ਜੋ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।” ਮੁੱਖ ਮੰਤਰੀ ਨੇ ਕਿਹਾ, “ਤਾਰਾ ਵਾਲਾ ਪੁਲ ਨੇੜੇ ਤਰਨਤਾਰਨ ਰੋਡ 'ਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ 'ਤੇ ਭਾਰੀ ਟ੍ਰੈਫਿਕ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਸਥਾਨਕ ਨਿਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਲੰਬੇ ਸਮੇਂ ਤੋਂ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਹ ਫਲਾਈਓਵਰ ਸ਼ਹਿਰ ਦੇ ਟ੍ਰੈਫਿਕ ਵਿੱਚ ਵੱਡਾ ਸੁਧਾਰ ਕਰਨ ਦੇ ਨਾਲ-ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਖੁਸ਼ੀ ਹੈ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਕਿ ਪਵਿੱਤਰ ਨਗਰੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਇਸ ਪ੍ਰਾਜੈਕਟ ਨੂੰ ਜੰਗੀ ਪੱਧਰ 'ਤੇ ਨੇਪਰੇ ਚਾੜ੍ਹ ਕੇ ਤੈਅ ਸਮੇਂ ਤੋਂ ਪਹਿਲਾਂ ਮੁਕੰਮਲ ਕੀਤਾ ਗਿਆ ਹੈ।” ਪ੍ਰਾਜੈਕਟ ਦੇ ਪਾਰਦਰਸ਼ੀ ਨਿਰਮਾਣ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲਾਂਕਿ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 34.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਸੀ, ਪਰ ਇਹ ਸਿਰਫ 22.68 ਕਰੋੜ ਰੁਪਏ ਦੀ ਲਾਗਤ ਨਾਲ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ, ਜਿਸ ਨਾਲ ਜਨਤਾ ਦੇ 11.52 ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹੁੰਚ ਸੜਕਾਂ ਸਮੇਤ ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 985 ਮੀਟਰ ਹੈ।” ਮੁੱਖ ਮੰਤਰੀ ਨੇ ਦੱਸਿਆ, “ਫਲਾਈਓਵਰ ਦੀ ਲੰਬਾਈ 725 ਮੀਟਰ ਅਤੇ ਚੌੜਾਈ 14 ਮੀਟਰ ਹੈ। ਸਥਾਨਕ ਟ੍ਰੈਫਿਕ ਦੀ ਸੁਚਾਰੂ ਆਵਾਜਾਈ ਦੀ ਸਹੂਲਤ ਵਾਸਤੇ ਫਲਾਈਓਵਰ ਦੇ ਦੋਵਾਂ ਪਾਸਿਆਂ 'ਤੇ 5.50 ਮੀਟਰ ਚੌੜੀਆਂ ਸਰਵਿਸ ਰੋਡਜ਼ ਵੀ ਬਣਾਈਆਂ ਗਈਆਂ ਹਨ।” ਪ੍ਰਾਜੈਕਟ ਦੀਆਂ ਵਾਤਾਵਰਣ ਅਨੁਕੂਲ ਵਿਸ਼ੇਸ਼ਤਾਵਾਂ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਇਹ ਇੱਕ ਵਾਤਾਵਰਣ ਪੱਖੀ ਪ੍ਰੋਜੈਕਟ ਹੈ। ਬਰਸਾਤੀ ਪਾਣੀ ਦੇ ਨਿਕਾਸ ਲਈ ਆਰ.ਸੀ.ਸੀ. ਡਰੇਨਾਂ ਤੋਂ ਇਲਾਵਾ, ਇਸ ਦੇ ਡਿਜ਼ਾਈਨ ਵਿੱਚ ਰੇਨ ਵਾਟਰ ਹਾਰਵੈਸਟਿੰਗ ਵੈੱਲਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਵਾਤਾਵਰਣ ਦੀ ਸਥਿਰਤਾ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਰਤੋਂ ਕਰ ਰਹੀ ਹੈ। ਅਸੀਂ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਕਰ ਰਹੇ ਹਾਂ ਅਤੇ ਠੇਕੇਦਾਰਾਂ ਨੂੰ ਉਨ੍ਹਾਂ ਦੇ ਰੱਖ-ਰਖਾਅ ਲਈ ਜ਼ਿੰਮੇਵਾਰ ਬਣਾਇਆ ਗਿਆ ਹੈ। ਸੂਬੇ ਦੇ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਸਹੀ ਢੰਗ ਨਾਲ ਵਰਤਿਆ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਇੱਕ ਵੱਡੀ ਪ੍ਰਾਪਤੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ, ਅਤੇ ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸਿਰਫ਼ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਸਿਫਾਰਿਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਸੁਧਾਰ ਕੀਤਾ ਗਿਆ ਹੈ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ ਲੋਕਾਂ ਦੇ 70 ਲੱਖ ਰੁਪਏ ਬਚ ਰਹੇ ਹਨ, ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਗਿਆ ਹੈ, ਮਜ਼ਬੂਤ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ ਅਤੇ ਕਈ ਹੋਰ ਪ੍ਰਮੁੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ।” ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਪੰਜਾਬ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ। ਅੱਜ ਇਹ ਵਧ ਕੇ 80 ਫੀਸਦ ਤੋਂ ਵੱਧ ਹੋ ਗਈ ਹੈ, ਜਿਸ ਨਾਲ ਸਿੰਚਾਈ ਦਾ ਦਾਇਰਾ ਵਧਿਆ ਹੈ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟੀ ਹੈ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ ਅਤੇ ਪਿੰਡਾਂ ਨੂੰ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ।” ਉਨ੍ਹਾਂ ਕਿਹਾ, “ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਸੂਬਾ ਸਰਕਾਰ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਬਣੇ ਸਟੇਡੀਅਮ ਲੋਕ-ਅਰਪਣ ਕਰੇਗੀ। ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸਾਡੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰਾਂ ਵਿੱਚੋਂ ਇੱਕ ਹੈ। ਖੇਡਾਂ ਰਾਹੀਂ ਸਾਡੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ।” ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਵਾਸਤੇ ਇੱਕ ਦੂਜੇ ਨਾਲ ਹੱਥ ਮਿਲਾ ਕੇ ਬਹੁਤ ਹੀ ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੇ ਹਨ। ਇੱਕ ਬੇਹੱਦ ਘਟੀਆ ਰਾਜਨੀਤਿਕ ਸਾਜ਼ਿਸ਼ ਤਹਿਤ ਮੇਰੀਆਂ ਫਰਜ਼ੀ ਵੀਡੀਓਜ਼ ਵਾਇਰਲ ਕੀਤੀਆਂ ਗਈਆਂ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਜਦੋਂ ਮੇਰੇ ਵਿਰੋਧੀ ਕਿਸੇ ਹੋਰ ਫਰੰਟ 'ਤੇ ਮੈਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਰਹੇ ਤਾਂ ਉਹ ਮੈਨੂੰ ਹੁਣ ਧਾਰਮਿਕ ਮੁੱਦਿਆਂ ਰਾਹੀਂ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ ਜਿਸ ਵਿੱਚ ਨਾ ਤਾਂ ਉਸ ਵਿਅਕਤੀ ਦੀ ਸਰੀਰਕ ਦਿੱਖ, ਕੱਦ, ਤੁਰਨ ਦਾ ਤਰੀਕਾ ਅਤੇ ਨਾ ਹੀ ਸਰੀਰਕ ਹਾਵ-ਭਾਵ ਮੇਰੇ ਨਾਲ ਮੇਲ ਖਾਂਦੇ ਹਨ।” ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ। -----
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)