*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਭਰੋਸੇ ਮਗਰੋਂ ਖੰਨਾ ਵਿੱਚ ਸਫਾਈ ਸੇਵਕਾਂ, ਸੀਵਰਮੈਨ ਤੇ ਪੰਪ ਓਪਰੇਟਰਾਂ ਦੀ ਹੜਤਾਲ ਖਤਮ*
Jul16,2026
| Ravinder Singh Dhillon | Khanna
*ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਵਚਨਬੱਧ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ*
ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੀਵਰਮੈਨ, ਸਫਾਈ ਸੇਵਕ ਅਤੇ ਪੰਪ ਓਪਰੇਟਰ ਯੂਨੀਅਨ ਖੰਨਾ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਸ੍ਰੀ ਜਤਿੰਦਰ ਪਾਠਕ, ਸੀਨੀਅਰ ਉਪ ਪ੍ਰਧਾਨ ਸ੍ਰੀ ਹਰੀਸ਼ ਗੁਪਤਾ, ਉਪ ਪ੍ਰਧਾਨ ਸ੍ਰੀ ਕਰਮਜੀਤ ਸਿੰਘ ਸਿਫ਼ਤੀ ਸਮੇਤ ਯੂਨੀਅਨ ਦੇ ਆਗੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਗੱਲਬਾਤ ਰਾਹੀਂ ਕਰਨ ਨੂੰ ਤਰਜੀਹ ਦਿੰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਸਾਰਥਕ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਆਪਸੀ ਵਿਸ਼ਵਾਸ ਅਤੇ ਸੰਵਾਦ ਹੀ ਹਰ ਸਮੱਸਿਆ ਦਾ ਸਭ ਤੋਂ ਵਧੀਆ ਹੱਲ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਸਫਾਈ ਸੇਵਕ, ਸੀਵਰਮੈਨ ਅਤੇ ਪੰਪ ਓਪਰੇਟਰ ਸ਼ਹਿਰ ਦੀ ਸਫਾਈ ਵਿਵਸਥਾ ਅਤੇ ਨਾਗਰਿਕ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀ ਸੇਵਾ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਕਾਰਜ ਮਾਹੌਲ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜਲਦ ਹੀ ਇਸ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਗਏ ਭਰੋਸੇ ਅਤੇ ਮੰਗਾਂ ਦੇ ਹੱਲ ਲਈ ਕੀਤੇ ਗਏ ਵਾਅਦੇ ਤੋਂ ਸੰਤੁਸ਼ਟ ਹੋ ਕੇ ਸੀਵਰਮੈਨ, ਸਫਾਈ ਸੇਵਕ ਅਤੇ ਪੰਪ ਓਪਰੇਟਰ ਯੂਨੀਅਨ ਖੰਨਾ ਦੇ ਨੁਮਾਇੰਦਿਆਂ ਨੇ ਆਪਣੀ ਚੱਲ ਰਹੀ ਹੜਤਾਲ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਦਾ ਐਲਾਨ ਕੀਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਅਨੁਸਾਰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਜਲਦ ਹੀ ਠੋਸ ਕਦਮ ਚੁੱਕੇ ਜਾਣਗੇ।
Tarunpreet-Singh-Sondh-Minister-Punjab-