ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵਾਸੀਆਂ ਨੂੰ ਵੱਖ-ਵੱਖ ਵਿਕਾਸ ਪ੍ਰੋਜੈਕਟ ਕੀਤੇ ਭੇਂਟ
Jul19,2026
| Jagrati Lahar Bureau | Chandigarh
ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਅਤੇ ਭਾਰਤ ਸਰਕਾਰ ਦੇ ਸਾਬਕਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਐਮਪੀਲੈਡ ਸਕੀਮ ਤਹਿਤ ਜਾਰੀ ਫੰਡਾਂ ਵਿੱਚੋਂ ਦੀਪ ਕੰਪਲੈਕਸ, ਹੱਲੋ ਮਾਜਰਾ ਵਿਖੇ ਨਵੀਆਂ ਬਣੀਆਂ ਛੇ ਗਲੀਆਂ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤੀਆਂ।
ਇਸ ਮੌਕੇ ਸੰਬੋਧਨ ਕਰਦਿਆਂ, ਸ੍ਰੀ ਤਿਵਾੜੀ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜ ਨਗਰ ਨਿਗਮ ਵੱਲੋਂ ਕਰਵਾਏ ਜਾਣੇ ਚਾਹੀਦੇ ਹਨ ਅਤੇ ਐਮਪੀਲੈਡ ਸਕੀਮ ਅਧੀਨ ਫੰਡਾਂ ਦਾ ਉਦੇਸ਼ ਸਿਰਫ ਸਿੱਖਿਆ ਅਤੇ ਜਨਤਕ ਸਿਹਤ ਦੇ ਖੇਤਰ ਵਿੱਚ ਨਾਗਰਿਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵਾਸਤੇ ਹੋਣਾ ਚਾਹੀਦਾ ਹੈ। ਲੇਕਿਨ ਨਗਰ ਨਿਗਮ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿਣ ਕਾਰਨ ਸਾਨੂੰ ਲੋਕਾਂ ਦੀਆਂ ਇਹ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਆਪਣੇ ਐਮਪੀਲੈਡ ਸਕੀਮ ਅਧੀਨ ਫੰਡਾਂ ਦੀ ਵਰਤੋਂ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।
ਤਿਵਾੜੀ ਨੇ ਇਹ ਵੀ ਦੁਹਰਾਇਆ ਕਿ ਵਿਕਾਸ ਕਾਰਜਾਂ ਨੂੰ ਪਾਰਟੀ ਅਤੇ ਰਾਜਨੀਤੀ ਤੋਂ ਉੱਪਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਹੋਣ ਵਾਲਾ ਵਿਕਾਸ ਉੱਥੇ ਰਹਿਣ ਵਾਲੇ ਹਰ ਨਾਗਰਿਕ ਦੇ ਹਿੱਤ ਵਿੱਚ ਹੁੰਦਾ ਹੈ, ਕਿਉਂਕਿ ਕਿਸੇ ਵੀ ਭੂਗੋਲਿਕ ਖੇਤਰ ਵਿੱਚ ਵੱਖ-ਵੱਖ ਵਿਚਾਰਧਾਰਾਵਾਂ ਵਾਲੇ ਲੋਕ ਇਕੱਠੇ ਰਹਿੰਦੇ ਹਨ।
ਇਸ ਤੋਂ ਇਲਾਵਾ, ਤਿਵਾੜੀ ਨੇ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਨੌਜਵਾਨ ਵਿਦਿਆਰਥੀਆਂ ਦੇ ਇਕੱਠ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਆਪਣੇ 1988 ਤੋਂ 1993 ਤੱਕ ਐਨਐਸਯੂਆਈ ਦੇ ਰਾਸ਼ਟਰੀ ਪ੍ਰਧਾਨ ਵਜੋਂ ਬਿਤਾਏ ਸਮੇਂ ਨੂੰ ਯਾਦ ਕਰਦਿਆਂ, ਵਿਦਿਆਰਥੀਆਂ ਨੂੰ "ਪੜ੍ਹਾਈ ਅਤੇ ਸੰਘਰਸ਼" ਦੇ ਸਿਧਾਂਤ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚ ਮਿਹਨਤ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਇੱਕ ਬਿਹਤਰ ਤੇ ਵਧੇਰੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਵੀ ਸੰਘਰਸ਼ ਕਰਨਾ ਚਾਹੀਦਾ ਹੈ।
ਇਸ ਦੌਰਾਨ, ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਸੰਸਦ ਮੈਂਬਰ ਤਿਵਾੜੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨ ਕਰ ਰਹੇ ਹਨ, ਅਤੇ ਉਨ੍ਹਾਂ ਦੁਆਰਾ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਚੰਦਰਮੁਖੀ ਸ਼ਰਮਾ, ਵਸੀਮ ਮੀਰ, ਇਮਰਾਨ ਮੰਸੂਰੀ, ਕਪਤਾਨ ਸਿੰਘ ਲੰਬੜਦਾਰ, ਹਰਮੀਤ ਸਿੰਘ, ਜਸਵੰਤ ਸਿੰਘ, ਕਿਰਪਾ ਨੰਦ ਠਾਕੁਰ, ਦਿਨੇਸ਼ ਝਾਅ, ਘਨਸ਼ਿਆਮ ਰਾਣਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Mp-Manish-Tewari-Dedicated-Various-Development-Projects-To-The-Residents-Of-Chandigarh