*ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਨੌਜਵਾਨਾਂ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ, ਕਾਂਗਰਸ ਵਿਦਿਆਰਥੀਆਂ ਦੇ ਭਵਿੱਖ 'ਤੇ ਰਾਜਨੀਤੀ ਕਰਨਾ ਬੰਦ ਕਰੇ: ਢਿੱਲੋਂ*
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਦੇ ਨੌਜਵਾਨ ਅਤੇ ਵਿਦਿਆਰਥੀ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹਨ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਰਗੀਆਂ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਫਾਸਟ-ਟਰੈਕ ਅਦਾਲਤ ਬਣਾਉਣ ਦਾ ਫੈਸਲਾ ਇੱਕ ਇਤਿਹਾਸਕ ਅਤੇ ਬਹੁਤ ਹੀ ਜ਼ਰੂਰੀ ਕਦਮ ਹੈ।
ਢਿੱਲੋਂ ਨੇ ਆਖਿਆ ਕਿ ਪ੍ਰਧਾਨ ਮੰਤਰੀ ਜੀ ਦੁਆਰਾ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਣ ਦੇ ਦਿੱਤੇ ਗਏ ਨਿਰਦੇਸ਼ਾਂ ਤੋਂ ਇਹ ਸਾਫ਼ ਹੋ ਗਿਆ ਹੈ ਕਿ ਸਾਡੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਭਾਜਪਾ ਸੂਬਾ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਨੀਟ ਮਾਮਲੇ ਨੂੰ ਅਤਿਅੰਤ ਗੰਭੀਰਤਾ ਨਾਲ ਲਿਆ ਹੈ। ਪ੍ਰਧਾਨ ਮੰਤਰੀ ਜੀ ਦੇ ਨਿਰਦੇਸ਼ਾਂ 'ਤੇ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ, ਜਿਸ ਤਹਿਤ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਹੁਣ ਤੱਕ 13 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਨੀਟ ਦੀ ਪ੍ਰੀਖਿਆ ਦੁਬਾਰਾ ਕਰਵਾਈ ਗਈ ਅਤੇ ਇਸ ਦਾ ਨਤੀਜਾ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ, ਤਾਂ ਜੋ ਬੱਚਿਆਂ ਦਾ ਇੱਕ ਸਾਲ ਵੀ ਖ਼ਰਾਬ ਨਾ ਹੋਵੇ।
ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਸਰਕਾਰ ਦੁਆਰਾ ਕੀਤੇ ਗਏ ਪਾਰਦਰਸ਼ੀ ਅਤੇ ਸਖ਼ਤ ਉਪਰਾਲਿਆਂ ਦੇ ਬਾਵਜੂਦ, ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰ ਵਿਰੋਧੀ ਆਪਣੀ ਡੁੱਬਦੀ ਹੋਈ ਰਾਜਨੀਤੀ ਨੂੰ ਬਚਾਉਣ ਲਈ ਮਾਸੂਮ ਬੱਚਿਆਂ ਅਤੇ ਵਿਦਿਆਰਥੀਆਂ ਦਾ ਸਹਾਰਾ ਲੈ ਰਹੇ ਹਨ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਸਿਆਸੀ ਪਾਰਟੀ ਨੂੰ ਰਾਜਨੀਤੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਹਰ ਇੱਕ ਨੌਜਵਾਨ ਦੀ ਮਿਹਨਤ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਰਾਖੀ ਲਈ ਵਚਨਬੱਧ ਹੈ।