*
ਪਾਇਲ, ਲੁਧਿਆਣਾ, 26 ਅਗਸਤ:
ਨਗਰ ਕੌਂਸਲ ਪਾਇਲ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਮੀਤ ਪ੍ਰਧਾਨ ਦਾਨੋ ਰਾਣੀ ਨੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਮੌਜੂਦਗੀ ਵਿੱਚ ਬਤੌਰ ਨਗਰ ਕੌਂਸਲ ਪਾਇਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ।
ਇਸ ਸਮਾਰੋਹ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਇਲ ਸ਼ਹਿਰ ਵਿਕਾਸ ਪੱਖੋਂ ਕਾਫੀ ਪਛੜਿਆ ਨਜ਼ਰ ਆ ਰਿਹਾ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਨਵੀ ਚੁਣੀ ਕਮੇਟੀ ਪੂਰੀ ਪਾਰਦਰਸ਼ਤਾ ਨਾਲ ਨਮੂਨੇ ਦਾ ਸ਼ਹਿਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ 68 ਸਾਲਾਂ ਵਿੱਚ ਪਹਿਲੀ ਵਾਰ ਕਿਸੇ ਨਵੀ ਚੁਣੀ ਕਮੇਟੀ ਦੇ ਪ੍ਰਧਾਨ ਵੱਲੋਂ ਦਫਤਰ ਨਗਰ ਕੌਂਸਲ ਪਾਇਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਨਵੀ ਚੁਣੀ ਕਮੇਟੀ ਪਾਇਲ ਸ਼ਹਿਰ ਦੀ ਉੱਨਤੀ ਅਤੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਵਚਨਬੱਧ ਰਹੇਗੀ।
ਉਹਨਾਂ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਪਾਇਲ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਵਚਨਬੱਧ ਹਨ।
ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਨਵੇਂ ਚੁਣੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਮੀਤ ਪ੍ਰਧਾਨ ਦਾਨੋ ਰਾਣੀ ਨੂੰ ਕਿਹਾ ਕਿ ਲੋਕਾਂ ਨੇ ਬਹੁਤ ਵਿਸ਼ਵਾਸ ਨਾਲ ਤੁਹਾਨੂੰ ਇਹ ਜਿੰਮੇਵਾਰੀ ਦਿੱਤੀ ਹੈ ਸੋ ਲੋਕਾਂ ਦੇ ਇਸ ਵਿਸ਼ਵਾਸ ਨੂੰ ਬਣਾ ਕੇ ਰੱਖਿਓ। ਨਗਰ ਕੌਂਸਲ ਪਾਇਲ ਨੂੰ ਬਹੁਤ ਹੀ ਇਮਾਨਦਾਰੀ ਅਤੇ ਸੁਚਾਰੂ ਢੰਗ ਨਾਲ ਚਲਾਉਣਾ ਹੈ ਤਾਂ ਜੋ ਲੋਕਾਂ ਨੂੰ ਇੱਕ ਵਧੀਆ ਰਾਜ ਪ੍ਰਬੰਧ ਦੇ ਸਕੀਏ।
ਇਸ ਮੌਕੇ ਨਗਰ ਕੌਂਸਲ ਪਾਇਲ ਦੇ ਨਵ ਨਿਯੁਕਤ ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ ਨੇ ਕਿਹਾ ਕਿ ਉਹ ਪਾਇਲ ਸ਼ਹਿਰ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਮਜ਼ਬੂਤੀ, ਪਾਇਲ ਦੇ ਵਾਰਡਾਂ ਦੀ ਬਿਹਤਰੀ ਲਈ ਸਫਾਈ ਪ੍ਰਬੰਧ ਅਤੇ ਸੀਵਰੇਜ ਦੇ ਕੰਮ ਨੂੰ ਪਹਿਲੀਆਂ ਤਰਜੀਹਾਂ ਵਿੱਚ ਸ਼ਾਮਲ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ ਅਤੇ ਨਗਰ ਕੌਂਸਲ ਪਾਇਲ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਮੀਤ ਪ੍ਰਧਾਨ ਦਾਨੋ ਰਾਣੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ।
ਦਫਤਰ ਨਗਰ ਕੌਂਸਲ ਪਾਇਲ ਵਿਖੇ ਕਰਵਾਏ ਗਏ ਤਾਜਪੋਸ਼ੀ ਸਮਾਗਮ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਐਸ.ਡੀ.ਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਕਾਰਜ ਸਾਧਕ ਅਫਸਰ ਹਰਨਰਿੰਦਰ ਸਿੰਘ ਸ਼ੇਰਗਿੱਲ, ਦੋਰਾਹਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਪ੍ਰਧਾਨ ਐਂਨੀ ਸ਼ਰਮਾ, ਰਮਨਦੀਪ ਕੌਰ ਗਿਆਸਪੁਰਾ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਬਿੱਟੂ ਪੁਰੀ, ਜੰਗ ਸਿੰਘ, ਮੇਜਰ ਸਿੰਘ, ਮੈਨੇਜਰ ਅਮਨਦੀਪ ਕੌਰ ਪੰਧੇਰ, ਨਿਰਮਲ ਸਿੰਘ ਧਾਲੀਵਾਲ, ਨਗਰ ਕੌਂਸਲ ਪਾਇਲ ਦੇ ਕੌਂਸਲਰ, ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਪ੍ਰਧਾਨ ਸ੍ਰੀਮਤੀ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਮੀਤ ਪ੍ਰਧਾਨ ਦਾਨੋ ਰਾਣੀ ਨੂੰ ਵਧਾਈ ਦਿੱਤੀ।