ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵਿਰੋਧ ਵਿੱਚ ਪ੍ਰਦਰਸ਼ਨ, ਸੈਕਟਰ-35 ਵਿੱਚ ਪੁਲੀਸ ਨਾਲ ਹੋਈ ਧੱਕਾ-ਮੁੱਕੀ
Sep1,2026
| Gurvinder Singh Mohali | Chandigarh
ਚੰਡੀਗੜ੍ਹ 1 ਸਤੰਬਰ
ਗੁਰਵਿੰਦਰ ਸਿੰਘ
ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਦੇ ਵਿਰੋਧ ਵਿੱਚ ਅੱਜ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ-35 ਸਥਿਤ ਕਾਂਗਰਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਅਤੇ ਉੱਤਰਾਖੰਡ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲੀਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਚੰਡੀਗੜ੍ਹ ਦੇ ਸੈਕਟਰ-35 ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲੀਸ ਨਾਲ ਹੋਈ ਧੱਕਾ-ਮੁੱਕੀ ਅਤੇ ਕਾਂਗਰਸੀ ਵਰਕਰਾਂ ਦੀ ਜ਼ੋਰਦਾਰ ਨਾਅਰੇਬਾਜ਼ੀ ਕਾਰਨ ਮਾਹੌਲ ਗਰਮਾ ਗਿਆ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਕੁਝ ਸਮੇਂ ਲਈ ਮੌਕੇ ਤੇ ਤਣਾਅ ਦੀ ਸਥਿਤੀ ਬਣ ਗਈ। ਕਾਂਗਰਸੀ ਵਰਕਰ ਨਾਅਰੇਬਾਜ਼ੀ ਕਰਦੇ ਰਹੇ ਅਤੇ ਐਫ ਆਈ ਆਰ ਵਾਪਸ ਲੈਣ ਦੀ ਮੰਗ ਤੇ ਡਟੇ ਰਹੇ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਸ ਐਸ ਲੱਕੀ ਦੀ ਅਗਵਾਈ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਵਿਰੋਧੀ ਧਿਰ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਵੀ ਇਸੇ ਸਿਆਸੀ ਰਵੱਈਏ ਦਾ ਹਿੱਸਾ ਹੈ।
ਇਸ ਮੌਕੇ ਐਚ. ਐਸ. ਲੱਕੀ ਨੇ ਕਿਹਾ ਕਿ ਕਾਂਗਰਸ ਰਾਹੁਲ ਗਾਂਧੀ ਖ਼ਿਲਾਫ਼ ਦਰਜ ਇਸ ਐਫ ਆਈ ਆਰ ਨੂੰ ਸਵੀਕਾਰ ਨਹੀਂ ਕਰੇਗੀ ਅਤੇ ਪਾਰਟੀ ਵੱਲੋਂ ਇਸ ਦੇ ਵਿਰੋਧ ਵਿੱਚ ਆਪਣੀ ਅਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਉਹਨਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇਕਰ ਸਰਕਾਰ ਜਾਂ ਭਾਜਪਾ ਨੂੰ ਕਾਂਗਰਸ ਦੀਆਂ ਗੱਲਾਂ ਨਾਲ ਇਤਰਾਜ਼ ਹੈ ਤਾਂ ਸਿਆਸੀ ਤੌਰ ਤੇ ਜਵਾਬ ਦਿੱਤਾ ਜਾਣਾ ਚਾਹੀਦਾ ਹੈ, ਨਾ ਕਿ ਐਫ ਆਈ ਆਰ ਦਰਜ ਕਰਕੇ ਵਿਰੋਧੀ ਆਗੂਆਂ ਦੀ ਅਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇ।
ਇੱਥੇ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਬੀਤੀ 8 ਅਗਸਤ ਨੂੰ ਹਲਦਵਾਨੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰੈਲੀ ਤੋਂ ਉੱਥੇ ਕਥਿਤ ਤੌਰ ਤੇ 'ਸ਼ੁੱਧੀਕਰਨ' ਕਰਵਾਏ ਜਾਣ ਦੀ ਘਟਨਾ ਤੇ ਸਵਾਲ ਚੁੱਕਦਿਆਂ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਾਲਮੀਕੀ ਭਾਈਚਾਰੇ ਨਾਲ ਸਬੰਧਤ ਇੱਕ ਵਿਅਕਤੀ ਦੀ ਸ਼ਿਕਾਇਤ ਤੇ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕੀਤੀ ਗਈ ਹੈ। ਪੁਲੀਸ ਮੁਤਾਬਕ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਦੇ ਨਾਲ ਐਸ ਸੀ/ਐਸ ਟੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਾਰਟੀ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ ਆਈ ਆਰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਮਾਜਿਕ ਨਿਆਂ ਅਤੇ ਦਲਿਤਾਂ ਨਾਲ ਹੋ ਰਹੇ ਕਥਿਤ ਭੇਦਭਾਵ ਦੇ ਮੁੱਦੇ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਉਣਾ ਲੋਕਤੰਤਰ ਲਈ ਠੀਕ ਨਹੀਂ ਹੈ।
-chandigarhcongress-rahulgandhi-firprotest-sector35-congressprotest-chandigarhnews-policeclash-uttarakhandfir