ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ।
ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਨਾਲ ਇੱਕ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਨੂੰ ਉੱਚ ਪੱਧਰ 'ਤੇ ਚੁੱਕਣ ਦਾ ਭਰੋਸਾ ਦਿੱਤਾ।
ਫੀਲਡ ਵਰਕਰਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਖਤਰੇ ਵਾਲੇ ਕੰਮਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕਰਨ ਦੀ ਮੰਗ ਸਬੰਧੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸਰਕਾਰ ਦੇ ਉੱਚ ਪੱਧਰ 'ਤੇ ਚੁੱਕਣਗੇ।
ਮੀਟਿੰਗ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ, ਕੋਈ ਵੀ ਚੱਲ ਰਿਹਾ ਕੰਮ ਠੇਕੇ 'ਤੇ ਨਹੀਂ ਦਿੱਤਾ ਜਾਵੇਗਾ।
ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਵਿੱਚ 1,458 ਕਾਮਿਆਂ ਨੂੰ ਰੈਗੂਲਰ ਕੀਤਾ ਹੈ, ਜਿਸ ਵਿੱਚ ਇਸ ਸਾਲ 516 ਕਾਮੇ ਅਤੇ ਪਿਛਲੇ ਸਾਲ 942 ਕਾਮੇ ਸ਼ਾਮਿਲ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 70,000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਰ ਇੱਕ ਨੌਕਰੀ ਮੈਰਿਟ ਦੇ ਆਧਾਰ 'ਤੇ ਦਿੱਤੀ ਗਈ ਹੈ, ਜੋ ਸੂਬਾ ਸਰਕਾਰ ਦੇ ਕਰਮਚਾਰੀ-ਪੱਖੀ ਰਵੱਈਏ ਨੂੰ ਦਰਸਾਉਂਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਸੀ.ਸੀ.ਐਫ. (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. (ਪ੍ਰਸ਼ਾਸਨ) ਪ੍ਰਤਿਮਾ ਸ੍ਰੀਵਾਸਤਵ ਅਤੇ ਏ.ਪੀ.ਸੀ.ਸੀ.ਐਫ. (ਪਨਕੈਂਪਾ) ਚਰਚਿਲ ਕੁਮਾਰ ਵੀ ਹਾਜ਼ਿਰ ਸਨ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)