ਈ ਡੀ ਦੀ ਕਾਰਵਾਈ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਪ੍ਰਦਰਸ਼ਨਕਾਰੀਆਂ ਨੇ ਈ ਡੀ ਦੀਆਂ ਗੱਡੀਆਂ ਦੇ ਸ਼ੀਸ਼ੇ ਭੰਨੇ, ਪੁਲੀਸ ਨੇ ਹਿਰਾਸਤ ਵਿੱਚ ਲਿਆ
Sep24,2026
| Gurvinder Singh Mohali | Mohali
ਮੋਹਾਲੀ , 24 ਸਤੰਬਰ (ਗੁਰਵਿੰਦਰ ਸਿੰਘ) ਈ ਡੀ ਵਲੋਂ ਬੀਤੇ ਮੰਗਲਵਾਰ ਤੋਂ ਗਮਾਡਾ ਦਫਤਰ ਦੀ ਲਗਾਤਾਰ ਕੀਤੀ ਜਾ ਰਹੀ ਜਾਂਚ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਉੱਥੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੁਰੱਖਿਆ ਘੇਰੇ ਅਤੇ ਬੈਰੀਕੇਡਾਂ ਨੂੰ ਤੋੜ ਦਿੱਤਾ ਅਤੇ ਗਮਾਡਾ ਭਵਨ ਦੇ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ ਹੋਈ। ਰੋਸ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਗਮਾਡਾ ਦੀ ਇਮਾਰਤ ਦੇ ਅੰਦਰ ਦਾਖਿਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਗੱਡੀਆਂ ਦੇ ਸ਼ੀਸ਼ੇ ਭੰਨ ਦਿੱਤੇ ਗਏ ਅਤੇ ਟਾਇਰਾਂ ਦੀ ਹਵਾ ਵੀ ਕੱਢ ਦਿੱਤੀ ਗਈ। ਇਸ ਦੌਰਾਨ ਈ ਡੀ ਦੀ ਟੀਮ ਦੇ ਪਿਛਲੇ ਗੇਟ ਰਾਹੀਂ ਬਾਹਰ ਨਿਕਲਣ ਦੀ ਭਿਣਕ ਪੈਣ ਤੇ ਗਮਾਡਾ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰ ਰਹੇ ਆਪ ਵਲੰਟੀਅਰਾਂ ਨੇ ਪਿਛਲੇ ਦਰਵਾਜੇ ਰਾਹੀਂ ਗਮਾਡਾ ਦਫ਼ਤਰ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਉੱਥੇ ਤੈਨਾਤ ਪੁਲੀਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ। ਇਸ ਮੌਕੇ ਵਲੰਟੀਅਰਾਂ ਨੇ ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੱਥਰ ਮਾਰ ਕੇ ਸ਼ੀਸ਼ਾ ਵੀ ਤੋੜ ਦਿੱਤਾ। ਪ੍ਰਦਰਸ਼ਨ ਦੌਰਾਨ ਗਮਾਡਾ ਦਫ਼ਤਰ ਦੇ ਬਾਹਰ ਖੜ੍ਹੀ ਯੂਪੀ ਨੰਬਰ ਦੀ ਇਨੋਵਾ ਗੱਡੀ ਤੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪਥਰਾਅ ਕੀਤਾ ਗਿਆ।
ਜਿਕਰਯੋਗ ਹੈ ਕਿ ਆਪ ਨੇ ਈਡੀ ਦੀ ਜਾਂਚ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਗਮਾਡਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰਾਂ, ਅਹੁਦੇਦਾਰਾਂ ਅਤੇ ਸਥਾਨਕ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਸੀ।
ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ 'ਜਦੋਂ ਵੀ ਮੋਦੀ ਡਰਦੈ, ਈਡੀ ਨੂੰ ਅੱਗੇ ਕਰਦੈ' ਸਮੇਤ ਹੋਰ ਨਾਅਰੇ ਲਗਾਏ ਗਏ।
ਰੋਸ ਪ੍ਰਦਰਸ਼ਨ ਨੂੰ ਮੁੱਖ ਰੱਖਦਿਆਂ ਪੁਲੀਸ ਵਲੋਂ ਪਹਿਲਾਂ ਹੀ ਗਮਾਡਾ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ ਅਤੇ ਮੌਕੇ ਤੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ। ਐਸ. ਐਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਕੁਝ ਵਿਅਕਤੀ ਹਮਲਾਵਰ ਹੋ ਗਏ ਸਨ, ਪਰ ਪੁਲੀਸ ਨੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਐਸ. ਐਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਇੱਕ ਵਾਹਨ ਦੀ ਭੰਨ-ਤੋੜ ਕੀਤੀ ਗਈ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿੱਚ ਲਗਭਗ 8 ਤੋਂ 10 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਰੋਸ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਮੁਹਾਲੀ ਤੋਂ ਕੌਂਸਲਰ ਸੰਨੀ ਸਿੰਘ ਆਹਲੂਵਾਲੀਆ ਨੇ ਈ ਡੀ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਅਤੇ ਬਦਲਾਖੋਰੀ ਦੀ ਰਾਜਨੀਤੀ ਦੱਸਦਿਆਂ ਕਿਹਾ ਕਿ ਈਡੀ ਦੀ ਇਹ ਸਾਰੀ ਕਾਰਵਾਈ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਦਖ਼ਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਤੌਰ ਤੇ ਨਜ਼ਰਬੰਦ ਰੱਖਣ ਦੇ ਖ਼ਿਲਾਫ਼ ਪਾਈ ਹੰਗਾਮੀ ਅਰਜ਼ੀ ਤੇ ਜਸਟਿਸ ਸੰਜੇ ਵਸ਼ਿਸ਼ਟ ਦੇ ਬੈਂਚ ਨੇ ਬੀਤੀ ਦੇਰ ਰਾਤ 1 ਵਜੇ ਤੱਕ ਵਿਸ਼ੇਸ਼ ਸੁਣਵਾਈ ਕੀਤੀ। ਅਦਾਲਤ ਨੇ ਗਮਾਡਾ ਦਫ਼ਤਰ ਅੰਦਰ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਇੱਕ ਸੀਨੀਅਰ ਵਾਰੰਟ ਅਫ਼ਸਰ ਨਿਯੁਕਤ ਕਰ ਦਿੱਤਾ। ਅਦਾਲਤ ਨੇ ਚੰਡੀਗੜ੍ਹ ਦੇ ਡੀ ਜੀ ਪੀ ਅਤੇ ਐਸ ਐਸ ਪੀ ਮੁਹਾਲੀ ਨੂੰ ਵਾਰੰਟ ਅਫ਼ਸਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਅੱਜ ਦੁਪਹਿਰ 2 ਵਜੇ ਤੱਕ ਇਸ ਪੂਰੇ ਘਟਨਾਕ੍ਰਮ ਦੀ ਸਥਿਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਸੀ।
-edprotest-aapprotest-gmada-mohalinews-punjabpolitics