ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਲੋਕਾਂ ਨੂੰ ਇਸ ਗੰਭੀਰ ਸਮਾਜਿਕ ਸਮੱਸਿਆ ਵਿਰੁੱਧ ਇਕਜੁੱਟ ਕਰਨ ਲਈ ਕੱਢੀ ਜਾ ਰਹੀ ਯਾਤਰਾ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਦੇ ਲੁਧਿਆਣਾ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੁਮਿਤ ਟੰਡਨ, ਗੁਰਦੀਪ ਸਿੰਘ ਗੋਸ਼ਾ, ਸੰਜੇ ਗੋਸਾਈ, ਸੰਜੀਵ ਚੌਧਰੀ, ਵਿਜੇ ਗੁਪਤਾ, ਬੋਬੀ ਜਿੰਦਲ, ਚੰਦਨ ਗੁਪਤਾ, ਸਿਧਾਰਥ ਮੋਦਗਿੱਲ, ਰਾਹੁਲ ਟੰਡਨ, ਚਿਰਾਗ ਅਰੋੜਾ, ਕਰਨਵੀਰ ਦੁਗਰੀ, ਵਿਸ਼ਾਲ ਲਹੌਟ, ਮਲਕੀਤ ਸਿੰਘ ਸੇਠੀ ਅਤੇ ਰੂਪ ਸਿੰਘ ਸਮੇਤ ਭਾਜਪਾ ਆਗੂਆਂ ਨੇ ਮਨੋਜ ਤਿਵਾੜੀ ਨੂੰ ਸਿਰੋਪਾ ਅਤੇ ਬੁਕੇ ਭੇਟ ਕਰਕੇ ਜੈਕਾਰਿਆਂ ਦੀ ਗੂੰਜ ਵਿੱਚ ਸਵਾਗਤ ਕੀਤਾ।
ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਕਿਸੇ ਇੱਕ ਪਾਰਟੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਇਸ ਲੜਾਈ ਵਿੱਚ ਯੋਗਦਾਨ ਪਾਉਣਾ ਪਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਸਰਕਾਰ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੀ ਹੈ। ਇਸ ਲਈ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ਦੇ ਨੈੱਟਵਰਕ ’ਤੇ ਨਕੇਲ ਅਤੇ ਨੌਜਵਾਨਾਂ ਦੇ ਪੁਨਰਵਾਸ ਲਈ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਦਾ ਜਵਾਬ ਦੇਣਾ ਚਾਹੀਦਾ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਿਰਫ਼ ਬਿਆਨਬਾਜ਼ੀ ਕਾਫ਼ੀ ਨਹੀਂ ਹੈ। ਜ਼ਮੀਨੀ ਪੱਧਰ ’ਤੇ ਸਖ਼ਤ ਕਾਰਵਾਈ, ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਤੇ ਖੇਡਾਂ ਦੇ ਮੌਕੇ ਵਧਾਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਹੋਣ ਨਾਲ ਕੇਂਦਰ ਅਤੇ ਸੂਬਾਈ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਨਾਲ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਸਕਦੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣਾ ਪਵੇਗਾ।