ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਰਿਆਦਾ ਦੀ ਉਲੰਘਣਾ ਦੀ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਨਿੰਦਾ
Oct12,2026
| Jagrati Lahar Bureau | Chandigarh
ਗੁਰੂ ਘਰ ਦੀ ਹਦੂਦ ਅੰਦਰ ਨਾਅਰੇਬਾਜ਼ੀ ਕਰਨਾ ਵੀ ਮਰਿਆਦਾ ਦੇ ਉਲਟ, ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਸੰਜਮ ਵਰਤਣ ਦੀ ਅਪੀਲ
ਮੁੱਲਾਂਪੁਰ ਦਾਖਾ, 12 ਅਕਤੂਬਰ। ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਦੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ ਦੌਰਾਨ ਸਿੱਖ ਮਰਿਆਦਾ ਦੀ ਉਲੰਘਣਾ ਹੋਣ ਦੇ ਦੋਸ਼ ਲਗਾਉਂਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ।
ਸਰਦਾਰ ਇਯਾਲੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਰੋਕਣ ਅਤੇ ਹਿਰਾਸਤ ਵਿੱਚ ਲੈਣ ਦੌਰਾਨ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਦਾ ਕਥਿਤ ਤੌਰ ’ਤੇ ਨੰਗੇ ਸਿਰ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋਣਾ ਸਿੱਖ ਮਰਿਆਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਸਾਹਮਣੇ ਆਈਆਂ ਤਸਵੀਰਾਂ ਨੇ ਸਿੱਖ ਭਾਈਚਾਰੇ ਵਿੱਚ ਚਿੰਤਾ ਪੈਦਾ ਕੀਤੀ ਹੈ।
ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਦੀ ਚੁੱਪ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ।
ਸਰਦਾਰ ਇਯਾਲੀ ਨੇ ਕਿਹਾ ਕਿ ਗੁਰੂ ਘਰ ਹਮੇਸ਼ਾ ਮਜ਼ਲੂਮਾਂ ਅਤੇ ਲੋੜਵੰਦਾਂ ਲਈ ਆਸਰੇ ਦਾ ਸਥਾਨ ਰਹੇ ਹਨ। ਜੇਕਰ ਕੋਈ ਪੀੜਤ ਵਿਅਕਤੀ ਗੁਰੂ ਘਰ ਦੀ ਮਰਿਆਦਾ ਵਿੱਚ ਰਹਿ ਕੇ ਸ਼ਰਨ ਲੈਂਦਾ ਹੈ ਤਾਂ ਉਸ ਦੀ ਜਾਨ-ਮਾਲ ਦੀ ਰਾਖੀ ਕਰਨਾ ਸਿੱਖ ਕੌਮ ਦਾ ਫ਼ਰਜ਼ ਹੈ। ਲੋੜਵੰਦਾਂ ਲਈ ਰਹਿਣ, ਲੰਗਰ ਅਤੇ ਪ੍ਰਸ਼ਾਦੇ ਦਾ ਪ੍ਰਬੰਧ ਕਰਨਾ ਸਿੱਖੀ ਪਰੰਪਰਾਵਾਂ ਦਾ ਅਹਿਮ ਹਿੱਸਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਕਰਨਾ ਵੀ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਪ੍ਰਦਰਸ਼ਨਕਾਰੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਜ਼ਬਾਤ ਵਿੱਚ ਆ ਕੇ ਗੁਰੂ ਘਰਾਂ ਦੀ ਮਰਿਆਦਾ ਦਾ ਉਲੰਘਣ ਨਾ ਕਰਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਸੰਜਮ ਅਤੇ ਜ਼ਿੰਮੇਵਾਰੀ ਨਾਲ ਆਪਣੀ ਗੱਲ ਰੱਖਣੀ ਚਾਹੀਦੀ ਹੈ।
-banglasahib-manpreetsinghayali-delhipolice-sikhmaryada-jagratilahar