ਸੀਬੀਆਈ ਤੋਂ ਬਾਅਦ ਹੁਣ ਈ ਡੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਐਫ ਆਈ ਆਰ ਦਰਜ
Oct13,2026
| Gurvinder Singh Mohali | Chandigarh
ਚੰਡੀਗੜ੍ਹ 13 ਅਕਤੂਬਰ
ਗੁਰਵਿੰਦਰ ਸਿੰਘ
ਈ.ਡੀ. ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀਆਂ ਵੱਲੋਂ ਭ੍ਰਿਸ਼ਟਾਚਾਰ ਅਤੇ ਰਸੂਖ਼ ਦੀ ਵਰਤੋਂ ਕਰਨ ਦੇ ਦੋਸ਼ਾਂ ਦੇ ਸਬੰਧ ਵਿੱਚ ਜਲੰਧਰ ਵਿੱਚ ਕੇਸ ਦਰਜ ਕੀਤਾ ਹੈ।
ਇਹ ਕਾਰਵਾਈ ਸੁਪਰੀਮ ਕੋਰਟ ਵੱਲੋਂ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਦਰਜ ਕੇਸ ਵਿੱਚ ਕੋਈ ਸਖ਼ਤ ਕਾਰਵਾਈ ਨਾ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ ਹੈ, ਜਦਕਿ ਅਦਾਲਤ ਨੇ ਐਫ. ਆਈ. ਆਰ. ਤੇ ਰੋਕ ਲਗਾਉਣ ਜਾਂ ਜਾਂਚ ਰੋਕਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।
ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਈ. ਡੀ. ਵੱਲੋਂ ਘੁੰਮਣ ਖ਼ਿਲਾਫ਼ ਕੇਸ ਦਰਜ ਕਰਨ ਵਿੱਚ ਦਿਖਾਈ ਗਈ ਕਾਹਲੀ ਹੈਰਾਨੀਜਨਕ ਹੈ, ਕਿਉਂਕਿ ਸੁਪਰੀਮ ਕੋਰਟ ਨੇ ਸੀ. ਬੀ. ਆਈ. ਨੂੰ 21 ਜਨਵਰੀ 2027 ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਕੋਈ ਵੀ ਸਖ਼ਤ ਕਾਰਵਾਈ ਨਾ ਕਰਨ ਲਈ ਕਿਹਾ ਹੈ।
ਈ. ਡੀ. ਵੱਲੋਂ ਇਹ ਕਾਰਵਾਈ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੂੰ ਭੇਜੇ ਗਏ ਪੱਤਰਾਂ ਤੋਂ ਬਾਅਦ ਹੋਈ ਹੈ ਜਿਹਨਾਂ ਤੋਂ ਉਪਜਿਆ ਹੈ, ਜਿਸ ਵਿੱਚ ਸਰਕਾਰੀ ਤਬਾਦਲਿਆਂ ਅਤੇ ਤੈਨਾਤੀਆਂ, ਟੈਂਡਰ ਪ੍ਰਕਿਰਿਆਵਾਂ, ਪ੍ਰਸ਼ਾਸਨਿਕ ਮਨਜ਼ੂਰੀਆਂ, ਗੁਪਤ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਅਤੇ ਹੋਰ ਅਧਿਕਾਰਤ ਫੈਸਲਿਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਉਜਾਗਰ ਕੀਤਾ ਗਿਆ ਸੀ।
ਇਹ ਦੋਸ਼ ਸਰਕਾਰੀ ਰਿਆਇਤਾਂ ਦੇਣ ਦੇ ਬਦਲੇ ਵਿੱਤੀ ਜਾਂ ਹੋਰ ਲਾਭਾਂ ਦੇ ਕਥਿਤ ਲੈਣ ਦੇਣ ਨਾਲ ਸੰਬੰਧਿਤ ਹਨ। ਈ.ਡੀ. ਵਲੋਂ ਦਿੱਤੀ ਜਾਣਕਾਰੀ ਦੇ ਆਧਾਰ ਤੇ ਪੰਜਾਬ ਪੁਲੀਸ ਵੱਲੋਂ ਐਫ. ਆਈ. ਆਰ. ਦਰਜ ਨਾ ਕੀਤੇ ਜਾਣ ਤੋਂ ਬਾਅਦ ਐਡਵੋਕੇਟ ਨਿਖਿਲ ਸਰਾਫ਼ ਨੇ ਆਜ਼ਾਦ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਕੀਤੀ ਸੀ। 5 ਅਕਤੂਬਰ ਨੂੰ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਸੀ. ਬੀ. ਆਈ. ਨੂੰ ਇੱਕ ਫੌਜਦਾਰੀ ਕੇਸ ਦਰਜ ਕਰਨ ਅਤੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸੀ। ਏਜੰਸੀ ਨੂੰ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਗਿਆ ਸੀ ਅਤੇ ਰਾਜ ਸਰਕਾਰ ਤੇ ਪੰਜਾਬ ਪੁਲੀਸ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਗਿਆ मी।
ਇਸ ਤੋਂ ਬਾਅਦ ਸੀ. ਬੀ. ਆਈ. ਨੇ ਘੁੰਮਣ ਅਤੇ ਪੰਜ ਹੋਰਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕੀਤੀ ਅਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ ਕਈ ਥਾਵਾਂ ਤੇ ਛਾਪੇਮਾਰੀ ਕੀਤੀ। ਹਾਲਾਂਕਿ ਸੀ. ਬੀ .ਆਈ. ਵੱਲੋਂ ਘੁੰਮਣ ਨੂੰ ਤਿੰਨ ਵਾਰ ਸੰਮਨ ਭੇਜਿਆ ਗਿਆ ਸੀ, ਪਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਏ ਅਤੇ ਪੰਜਾਬ ਸਰਕਾਰ ਨੇ ਸੀ.ਬੀ.ਆਈ. ਜਾਂਚ ਦੇ ਨਿਰਦੇਸ਼ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। 12 ਅਕਤੂਬਰ ਨੂੰ, ਸੁਪਰੀਮ ਕੋਰਟ ਨੇ ਰਾਜ ਸਰਕਾਰ ਦੀ ਅਪੀਲ ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਸੀ ਪਰ ਐਫ.ਆਈ.ਆਰ. 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਮਾਮਲਾ ਪੈਂਡਿੰਗ ਰਹਿਣ ਦੌਰਾਨ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।
-rajbirsinghghuman-edinvestigation-cbiprobe-punjabnews-bhagwantmann