2027 ਚੋਣਾਂ ਲਈ ਰੋਡਮੈਪ ਤੈਅ ਕਰਨ ਲਈ ਸੰਗਰੂਰ 'ਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ 16 ਅਕਤੂਬਰ ਨੂੰ
Oct14,2026
| Jagrati Lahar Bureau | Chandigarh
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਕਰਨਗੇ ਸ਼ਮੂਲੀਅਤ, ਕਿਸਾਨਾਂ, ਨਸ਼ੇ, ਮੁਲਾਜ਼ਮਾਂ ਦਾ ਡੀਏ, ਕਾਨੂੰਨ-ਵਿਵਸਥਾ, ਔਰਤਾਂ ਦੇ ਮੁੱਦਿਆਂ ਅਤੇ ਆਰਥਿਕ ਸਥਿਤੀ ’ਤੇ ਹੋਵੇਗੀ ਚਰਚਾ
ਚੰਡੀਗੜ੍ਹ, 14 ਅਕਤੂਬਰ ( )- ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੀਨੀਅਰ ਲੀਡਰਸ਼ਿਪ ਵੱਲੋਂ 16 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਕਾਰਜਕਾਰਨੀ ਅਹਿਮ ਦੀ ਮੀਟਿੰਗ ਕੀਤੀ ਜਾਵੇਗੀ। ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਜਾਰੀ ਬਿਆਨ ਮੁਤਾਬਕ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਲਈ ਪਾਰਟੀ ਦਾ ਰੋਡਮੈਪ ਤਿਆਰ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਆਰਥਿਕ ਅਤੇ ਸਮਾਜਿਕ ਸਥਿਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਪਾਰਟੀ ਆਗੂ ਲੋਕਾਂ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਚਰਚਾ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਰਜੀਹਾਂ ਤੈਅ ਕਰਨਗੇ।
ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦਾ ਵਧਦਾ ਪ੍ਰਕੋਪ, ਸਰਕਾਰੀ ਮੁਲਾਜ਼ਮਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀਏ), ਵਿਗੜਦੀ ਕਾਨੂੰਨ-ਵਿਵਸਥਾ, ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਨਾਲ ਸਬੰਧਤ ਹੋਰ ਮੁੱਦੇ ਅਤੇ ਪੰਜਾਬ ਦੀ ਆਰਥਿਕ ਸਥਿਤੀ ਵਿਚਾਰ-ਚਰਚਾ ਦੇ ਮੁੱਖ ਵਿਸ਼ੇ ਹੋਣਗੇ। ਇਸ ਤੋਂ ਇਲਾਵਾ, ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਮਤੇ ਵੀ ਪਾਸ ਕੀਤੇ ਜਾਣਗੇ।
ਅਨਿਲ ਸਰੀਨ ਮੁਤਾਬਕ ਸੂਬਾ ਪ੍ਰਧਾਨ ਤੋਂ ਇਲਾਵਾ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਵਰਿੰਦਰ ਸਚਦੇਵਾ, ਸਹਿ-ਇੰਚਾਰਜ ਅਤੇ ਸੰਸਦ ਮੈਂਬਰ ਡਾ. ਅਲਕਾ ਗੁਰਜਰ ਅਤੇ ਸੀਨੀਅਰ ਆਗੂ ਤਰੁਣ ਚੁੱਘ ਵੱਲੋਂ ਮੀਟਿੰਗ ਦੇ ਵੱਖ-ਵੱਖ ਸੈਸ਼ਨਾਂ ਨੂੰ ਸੰਬੋਧਨ ਕੀਤੇ ਜਾਣ ਦੀ ਸੰਭਾਵਨਾ ਹੈ।
ਭਾਜਪਾ ਦੇ ਸੀਨੀਅਰ ਆਗੂ ਸੂਬੇ ਦੇ ਮੌਜੂਦਾ ਹਾਲਾਤ ਦਾ ਮੁਲਾਂਕਣ ਕਰਨਗੇ, ਪਾਰਟੀ ਦੀਆਂ ਸੰਗਠਨਾਤਮਕ ਤਿਆਰੀਆਂ ਦੀ ਸਮੀਖਿਆ ਕਰਨਗੇ ਅਤੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੀ ਮੌਜੂਦਗੀ ਮਜ਼ਬੂਤ ਕਰਨ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਨਗੇ। ਇਸ ਚਰਚਾ ਰਾਹੀਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਮੁੱਦਿਆਂ ਦੀ ਵਿਆਪਕ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਜਿਨ੍ਹਾਂ ਨੂੰ ਭਾਜਪਾ ਤਰਜੀਹ ਦੇਣਾ ਚਾਹੁੰਦੀ ਹੈ।
ਮੀਟਿੰਗ ਦੌਰਾਨ ਚੋਣ ਪ੍ਰਚਾਰ ਦੀਆਂ ਤਿਆਰੀਆਂ, ਸੰਗਠਨ ਦੇ ਵੱਖ-ਵੱਖ ਪੱਧਰਾਂ ਦਰਮਿਆਨ ਤਾਲਮੇਲ ਅਤੇ ਵਿਧਾਨ ਸਭਾ ਹਲਕਿਆਂ ਵਿੱਚ ਲੋਕ ਸੰਪਰਕ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
-punjabbjp-sangrur-punjabelections2027-jitendrasingh-kewalsinghdhillon