ਅਜੈ ਕੁਮਾਰ ਦੀ ਮਾਤਾ ਅਤੇ ਪਰਿਵਾਰਕ ਮੈਂਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਸਨ। ਪਰਿਵਾਰ ਮੁਤਾਬਕ, 27 ਸਤੰਬਰ ਨੂੰ ਅਬੋਹਰ ਦੇ ਸੰਤ ਨਗਰ ਵਿੱਚ ਅਜੈ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਗੰਭੀਰ ਜ਼ਖ਼ਮੀ ਅਜੈ ਨੇ ਇਲਾਜ ਦੌਰਾਨ 19 ਅਕਤੂਬਰ ਨੂੰ ਦਮ ਤੋੜ ਦਿੱਤਾ।
ਪਰਿਵਾਰ ਨੇ ਦੋਸ਼ ਲਾਇਆ ਕਿ ਮਾਮਲੇ ਵਿੱਚ ਅਜੇ ਤੱਕ ਢੁੱਕਵੀਂ ਕਾਰਵਾਈ ਨਹੀਂ ਹੋਈ ਅਤੇ ਪੋਸਟਮਾਰਟਮ ਵੀ ਨਹੀਂ ਕਰਵਾਇਆ ਗਿਆ। ਉਨ੍ਹਾਂ ਨੇ ਸਾਲ 2015 ਦੇ ਭੀਮ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜੈ ਦੇ ਭਰਾ ਦੀ ਗਵਾਹੀ ਦੇ ਆਧਾਰ ’ਤੇ ਸ਼ਿਵ ਲਾਲ ਡੋਡਾ ਅਤੇ ਉਸ ਦੇ ਭਤੀਜੇ ਨੂੰ ਸਜ਼ਾ ਹੋਈ ਸੀ। ਪਰਿਵਾਰ ਨੇ ਸ਼ਿਵ ਲਾਲ ਡੋਡਾ ਦੇ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਅਜੈ ਦੇ ਕਤਲ ਹੋਣ ’ਤੇ ਸਵਾਲ ਚੁੱਕੇ ਹਨ।
ਜਾਖੜ ਨੇ ਇਸ ਮਾਮਲੇ ਵਿੱਚ ਡੂੰਘੀ ਸਾਜ਼ਿਸ਼ ਦਾ ਖ਼ਦਸ਼ਾ ਜਤਾਉਂਦਿਆਂ ਪੁਲਿਸ ਦੀ ਕਾਰਵਾਈ ’ਤੇ ਸਵਾਲ ਉਠਾਏ। ਉਨ੍ਹਾਂ ਮੰਗ ਕੀਤੀ ਕਿ ਅਜੈ ਦੇ ਮੌਤ ਤੋਂ ਪਹਿਲਾਂ ਦਿੱਤੇ ਬਿਆਨਾਂ ਨੂੰ ਜਾਂਚ ਦਾ ਆਧਾਰ ਬਣਾਇਆ ਜਾਵੇ ਅਤੇ ਕਤਲ ਵਿੱਚ ਸ਼ਾਮਲ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਬੰਧਤ ਵਿਅਕਤੀ ਨੂੰ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਆਧਾਰ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ।
ਇਸ ਮੌਕੇ ਜਾਖੜ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।