ਕਾਂਗਰਸ ਵੱਲੋਂ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨਾਲ ਕੀਤੀ ਜਾਵੇਗੀ ਚੋਣ ਮੁਹਿੰਮ ਦੀ ਸ਼ੁਰੂਆਤ
Oct26,2026
| Gurvinder Singh Mohali | Chandigarh
ਚੰਡੀਗੜ੍ਹ, 26 ਅਕਤੂਬਰ (ਗੁਰਵਿੰਦਰ ਸਿੰਘ) ਪੰਜਾਬ ਵਿਧਾਨ ਸਭਾ ਚੋਣਾਂ 2027 ਵਾਸਤੇ ਕਾਂਗਰਸ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪਾਰਟੀ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਕਾਂਗਰਸ 4 ਨਵੰਬਰ ਤੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਮੁਹਿੰਮ ਸ਼ੁਰੂ ਕਰੇਗੀ। ਇਸ ਦੀ ਸ਼ੁਰੂਆਤ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਰੈਲੀ ਨਾਲ ਹੋਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪੰਜਾਬ ਦੇ ਲੋਕਾਂ ਨਾਲ ਮਜ਼ਬੂਤ ਜੁੜਾਅ ਹੈ । ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੀ ਵਿਚਾਰਧਾਰਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਨੌਜਵਾਨਾਂ ਦੇ ਮੁੱਦਿਆਂ ਤੇ ਖ਼ਾਸ ਧਿਆਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਰਾਹੁਲ ਗਾਂਧੀ ਨਾਲ ਜੋੜਨ ਤੇ ਜ਼ੋਰ ਰਹੇਗਾ।
ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਕਰਦਿਆਂ ਵੇਣੂਗੋਪਾਲ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ ਅਤੇ ਸਰਕਾਰ ਇਸ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦਾ ਕੰਮ ਕਾਨੂੰਨ-ਵਿਵਸਥਾ ਕਾਇਮ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਕਰਨਾ ਹੈ, ਪਰ ਮੌਜੂਦਾ ਹਾਲਾਤ ਵਿੱਚ ਪੁਲੀਸ ਹੀ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ।
ਉਹਨਾਂ ਕਿਹਾ ਕਿ ਹੁਣ ਸਰਕਾਰ ਬਦਲਣ ਦਾ ਸਮਾਂ ਆ ਗਿਆ ਹੈ ਅਤੇ ਕਾਂਗਰਸ ਇਸ ਦਿਸ਼ਾ ਵਿੱਚ ਕੰਮ ਕਰੇਗੀ। ਭਾਜਪਾ ਵੱਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਨਿਸ਼ਾਨਾ ਬਣਾਏ ਜਾਣ ਬਾਰੇ ਪੁੱਛੇ ਸਵਾਲ ਤੇ ਵੇਣੂਗੋਪਾਲ ਨੇ ਕਿਹਾ ਕਿ ਪੂਰੇ ਦੇਸ਼ ਨੂੰ ਪਤਾ ਹੈ ਕਿ ਉਨ੍ਹਾਂ ਨੂੰ ਕਿਸ ਕਾਰਨ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੁੱਧੀਕਰਨ ਦੇ ਮੁੱਦੇ ਦਾ ਵੀ ਜ਼ਿਕਰ ਕੀਤਾ। ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਸੂਬੇ ਵਿੱਚ ਸ਼ਾਂਤੀ ਅਤੇ ਬਿਹਤਰ ਮਾਹੌਲ ਕਾਇਮ ਹੋਵੇਗਾ।
-congress-rahulgandhi-sangrurrally-punjabpolitics-punjabelection2027