· ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁੱਖ ਤਰਜੀਹ
· ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੇ ਰਾਖੇ ਬਣਨ—ਐਸ.ਡੀ.ਐਮ.
2024 ਬੈਚ ਦੀ ਆਈ.ਏ.ਐੱਸ. ਅਧਿਕਾਰੀ ਮਿਸ ਹਰਸ਼ਿਤਾ ਸ਼ਰਮਾ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ.) ਅਹਿਮਦਗੜ੍ਹ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਪਿਤਾ ਸ੍ਰੀ ਰਾਜੇਸ਼ ਸ਼ਰਮਾ, ਮਾਤਾ ਸ੍ਰੀਮਤੀ ਮੀਨਾ ਸ਼ਰਮਾ ਅਤੇ ਭਰਾ ਡਾ. ਮੁਕੁਲ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਮਿਸ ਹਰਸ਼ਿਤਾ ਸ਼ਰਮਾ ਨੇ ਦਿੱਲੀ ਯੂਨੀਵਰਸਿਟੀ ਦੇ ਵੱਕਾਰੀ ਹਿੰਦੂ ਕਾਲਜ ਤੋਂ ਜ਼ੂਆਲੋਜੀ (ਜੀਵ ਵਿਗਿਆਨ) ਵਿਸ਼ੇ ਵਿੱਚ ਐਮ.ਐੱਸਸੀ. ਦੀ ਡਿਗਰੀ ਹਾਸਲ ਕੀਤੀ ਹੈ। ਉਹ ਇਸ ਤੋਂ ਪਹਿਲਾਂ ਮੋਗਾ ਵਿਖੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣਾ, ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਨਿਪਟਾਰਾ ਅਤੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਉਹ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਨਾਗਰਿਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਨਿਪਟਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।
ਮਿਸ ਸ਼ਰਮਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਸਗੋਂ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਰਾਹੀਂ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਨੁੱਖੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਬਣ ਕੇ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਭਰੋਸਾ ਦਿਵਾਇਆ ਕਿ ਸਬ-ਡਵੀਜ਼ਨ ਅਹਿਮਦਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।