ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕੀਤਾ : ਮੁੱਖ ਮੰਤਰੀ ਭਗਵੰਤ ਮਾਨ
Nov22,2026
| Jagrati Lahar Bureau | Samrala
ਲੋਕ ਭਲਾਈ ਸਾਡੀ ਸਭ ਤੋਂ ਵੱਡੀ ਤਰਜੀਹ, ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਕਰ ਰਹੇ ਹਾਂ ਕੰਮ : ਮੁੱਖ ਮੰਤਰੀ
ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ : ਭਗਵੰਤ ਮਾਨ
ਸਿਆਸਤ ਵਿੱਚ ਪੈਸਾ ਕਮਾਉਣ ਨਹੀਂ, ਪੰਜਾਬ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਆਇਆ ਹਾਂ : ਮੁੱਖ ਮੰਤਰੀ
ਸਮਰਾਲਾ ਦੇ ਪਿੰਡ ਹੇਡੋਂ ਬੇਟ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕੀਤਾ ਸੰਬੋਧਨ
ਸਮਰਾਲਾ, 22 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਨੀਤੀਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦੀ ਵੱਲ ਧੱਕਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਲੋਕ ਭਲਾਈ ਹੈ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹ ਸਿਆਸਤ ਵਿੱਚ ਪੈਸਾ ਕਮਾਉਣ ਨਹੀਂ, ਸਗੋਂ ਪੰਜਾਬ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੇ ਮਕਸਦ ਨਾਲ ਆਏ ਹਨ। ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਉਹ ਕਦੇ ਨਹੀਂ ਤੋੜਨਗੇ।
ਮੁੱਖ ਮੰਤਰੀ ਨੇ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਹੇਡੋਂ ਬੇਟ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਸਰਬਪੱਖੀ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਰਾਸ਼ੀ ਨਾਲ ਪਿੰਡ ਵਿੱਚ ਡਿਸਪੈਂਸਰੀ, ਖੇਡ ਮੈਦਾਨ, ਕਮਿਊਨਿਟੀ ਸੈਂਟਰ, ਆਂਗਣਵਾੜੀ ਕੇਂਦਰ ਅਤੇ ਨਿਕਾਸੀ ਪ੍ਰਬੰਧਾਂ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਵਿੱਚ ਪਿੰਡ ਵਾਸੀਆਂ ਦੀ ਭਰਵੀਂ ਸ਼ਮੂਲੀਅਤ ਉਤਸ਼ਾਹਜਨਕ ਰਹੀ। ਸਰਕਾਰ ਦਾ ਯਤਨ ਹੈ ਕਿ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੀ ਕਾਇਆ-ਕਲਪ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਸਿੰਜਾਈ, ਬੁਨਿਆਦੀ ਢਾਂਚੇ ਅਤੇ ਮਹਿਲਾ ਸਸ਼ਕਤੀਕਰਨ ਨੂੰ ਤਰਜੀਹ ਦੇ ਕੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਪ੍ਰਣਾਲੀ ਦਾ ਹਿੱਸਾ ਬਣ ਗਿਆ ਸੀ। ਛੋਟੇ ਕਾਰੋਬਾਰੀਆਂ, ਢਾਬਿਆਂ, ਹੋਟਲਾਂ ਅਤੇ ਟਰਾਂਸਪੋਰਟ ਕਾਰੋਬਾਰੀਆਂ ਤੋਂ ਵੀ ਸਿਆਸੀ ਆਗੂ ਕਮਿਸ਼ਨ ਮੰਗਦੇ ਸਨ।
ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਹੀ ਖਰਚ ਹੋਣਾ ਚਾਹੀਦਾ ਹੈ। ਇਸ ਨੂੰ ਸਕੂਲਾਂ, ਹਸਪਤਾਲਾਂ, ਸੜਕਾਂ, ਸਿੰਜਾਈ ਸਹੂਲਤਾਂ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ’ਤੇ ਲਗਾਇਆ ਜਾਣਾ ਚਾਹੀਦਾ ਹੈ, ਨਾ ਕਿ ਸਿਆਸੀ ਆਗੂਆਂ ਦੇ ਨਿੱਜੀ ਹਿੱਤਾਂ ਲਈ ਵਰਤਿਆ ਜਾਣਾ ਚਾਹੀਦਾ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਪਹਿਲਾਂ ਕਈ ਮੁੱਦਿਆਂ ’ਤੇ ਭਾਜਪਾ ਦੀ ਆਲੋਚਨਾ ਕਰਦੇ ਸਨ, ਉਹ ਹੁਣ ਉਸੇ ਪਾਰਟੀ ਨਾਲ ਗੱਠਜੋੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਸਹੂਲਤ ਮੁਤਾਬਕ ਵਾਰ-ਵਾਰ ਆਪਣਾ ਪੱਖ ਬਦਲਣਾ ਲੋਕ ਹਿੱਤਾਂ ਦੀ ਬਜਾਏ ਨਿੱਜੀ ਸਿਆਸੀ ਹਿੱਤਾਂ ਨੂੰ ਤਰਜੀਹ ਦੇਣ ਦੀ ਮਿਸਾਲ ਹੈ।
ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਤਨਜ਼ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਲੋਕਾਂ ਤੋਂ ਦੂਰ ਆਪਣੇ ਆਲੀਸ਼ਾਨ ਘਰਾਂ ਤੱਕ ਸੀਮਤ ਰਹੇ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਵੀ ਨਾਕਾਮ ਰਹੀਆਂ ਸਨ, ਜਿਸ ਕਾਰਨ ਲੋਕਾਂ ਨੂੰ ਖ਼ਰਾਬ ਸੜਕਾਂ ਅਤੇ ਨਾਕਾਫ਼ੀ ਨਾਗਰਿਕ ਸਹੂਲਤਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਭਗਵੰਤ ਮਾਨ ਨੇ ਕਿਹਾ ਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ ਅਤੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮਿਹਨਤਕਸ਼ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਆਉਣ ਦਾ ਉਨ੍ਹਾਂ ਦਾ ਇੱਕੋ-ਇੱਕ ਮਕਸਦ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣਾ ਹੈ। ਲੋਕਾਂ ਦਾ ਪਿਆਰ ਅਤੇ ਆਸ਼ੀਰਵਾਦ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਨਗੇ।
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਲੋਕਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪ੍ਰਸ਼ਾਸਨ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਹੈ, ਤਾਂ ਜੋ ਸਰਕਾਰੀ ਪੈਸੇ ਦੀ ਵਰਤੋਂ ਲੋਕ ਭਲਾਈ ਲਈ ਹੀ ਹੋਵੇ।
ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 1 ਦਸੰਬਰ ਨੂੰ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ ਮੁੜ ਵਿੱਤੀ ਸਹਾਇਤਾ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ’ਤੇ ਕੋਈ ਅਹਿਸਾਨ ਨਹੀਂ ਕਰ ਰਹੀ, ਸਗੋਂ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਮਹਿਲਾਵਾਂ ਦਾ ਸਨਮਾਨ, ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।
ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਦੌਰਾਨ 71 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅਨੁਸਾਰ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਸਿਆਸੀ ਸਿਫ਼ਾਰਸ਼ ਜਾਂ ਪੱਖਪਾਤ ਦੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਫ਼ਾਰਸ਼ਾਂ ਅਤੇ ਭ੍ਰਿਸ਼ਟਾਚਾਰ ਵਾਲੀ ਪੁਰਾਣੀ ਪ੍ਰਣਾਲੀ ਦੀ ਥਾਂ ਪਾਰਦਰਸ਼ੀ ਭਰਤੀ ਪ੍ਰਣਾਲੀ ਲਾਗੂ ਕੀਤੀ ਹੈ, ਜਿਸ ਵਿੱਚ ਆਮ ਪਰਿਵਾਰਾਂ ਦੇ ਯੋਗ ਨੌਜਵਾਨਾਂ ਨੂੰ ਵੀ ਬਰਾਬਰ ਮੌਕੇ ਮਿਲ ਰਹੇ ਹਨ।
ਸਿੱਖਿਆ ਖੇਤਰ ਵਿੱਚ ਹੋਏ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਾਲ 2022 ਵਿੱਚ ਸੱਤਾ ਸੰਭਾਲਣ ਸਮੇਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਜਦਕਿ ਕੇਂਦਰ ਸਰਕਾਰ ਦੇ ਮੁਲਾਂਕਣ ਅਨੁਸਾਰ ਹੁਣ ਸੂਬਾ ਮੁੱਢਲੀ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਤਕਨੀਕਾਂ ਅਤੇ ਕੌਮਾਂਤਰੀ ਤਜਰਬੇ ਤੋਂ ਜਾਣੂ ਕਰਵਾਉਣ ਲਈ ਫਿਨਲੈਂਡ, ਸਿੰਗਾਪੁਰ ਅਤੇ ਭਾਰਤੀ ਪ੍ਰਬੰਧਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਾਹੌਲ ਅਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿਰਫ਼ ਰਾਸ਼ਨ ਕਾਰਡ ਕਿਸੇ ਪਰਿਵਾਰ ਨੂੰ ਗਰੀਬੀ ਵਿੱਚੋਂ ਬਾਹਰ ਨਹੀਂ ਕੱਢ ਸਕਦਾ, ਪਰ ਮਿਆਰੀ ਸਿੱਖਿਆ ਪੂਰੀ ਪੀੜ੍ਹੀ ਦੀ ਕਿਸਮਤ ਬਦਲ ਸਕਦੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ। ਹੁਣ ਰਿਕਸ਼ਾ ਚਾਲਕਾਂ, ਛੋਟੇ ਦੁਕਾਨਦਾਰਾਂ ਅਤੇ ਸਬਜ਼ੀ ਵਿਕਰੇਤਾਵਾਂ ਦੇ ਬੱਚੇ ਵੀ ਮੈਡੀਕਲ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ।
ਬਿਜਲੀ ਯੋਜਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਰੀਬ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਯੋਜਨਾ ਦਾ ਲਾਭ ਮਿਲ ਰਿਹਾ ਹੈ। ਇਸ ਨਾਲ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ ਅਤੇ ਉਹ ਬਚੀ ਹੋਈ ਰਕਮ ਬੱਚਿਆਂ ਦੀ ਪੜ੍ਹਾਈ, ਦਵਾਈਆਂ ਅਤੇ ਹੋਰ ਜ਼ਰੂਰੀ ਖਰਚਿਆਂ ’ਤੇ ਲਗਾ ਸਕਦੇ ਹਨ।
ਸਿਹਤ ਸਹੂਲਤਾਂ ਬਾਰੇ ਉਨ੍ਹਾਂ ਯੋਗ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਕਰੀਬ 54 ਲੱਖ ਪਰਿਵਾਰਾਂ ਦੇ ਸਿਹਤ ਕਾਰਡ ਤਿਆਰ ਕੀਤੇ ਜਾ ਚੁੱਕੇ ਹਨ। ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ।
ਖੇਤੀਬਾੜੀ ਅਤੇ ਸਿੰਜਾਈ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਪਾਈਪਲਾਈਨਾਂ ਅਤੇ ਵੰਡ ਪ੍ਰਣਾਲੀ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੀਬ 14 ਹਜ਼ਾਰ ਕਿਲੋਮੀਟਰ ਸਿੰਜਾਈ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ ਸਿੰਜਾਈ ਨੈੱਟਵਰਕ ਰਾਹੀਂ ਖੇਤਾਂ ਤੱਕ 18 ਹਜ਼ਾਰ ਕਿਊਸਿਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਕਿਸਾਨਾਂ ਨੂੰ ਭਰੋਸੇਯੋਗ ਸਿੰਜਾਈ ਸਹੂਲਤਾਂ ਦੇਣ ਵਿੱਚ ਮਦਦ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਢਿੱਡ ਭਰਿਆ ਹੈ ਅਤੇ ਉਹ ਅਜਿਹੀ ਸਰਕਾਰ ਦੇ ਹੱਕਦਾਰ ਹਨ, ਜੋ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਠੋਸ ਯਤਨ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਜਲ ਸਰੋਤਾਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਜਵਾਬਦੇਹ ਹੋਵੇ, ਪਾਰਦਰਸ਼ੀ ਢੰਗ ਨਾਲ ਕੰਮ ਕਰੇ ਅਤੇ ਸਾਰਿਆਂ ਨੂੰ ਬਰਾਬਰ ਮੌਕੇ ਦੇਵੇ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਲਈ ਕੋਈ ਠੋਸ ਯੋਜਨਾ ਪੇਸ਼ ਕਰਨ ਦੀ ਬਜਾਏ ਸਿਆਸੀ ਜੋੜ-ਤੋੜ ਅਤੇ ਲੀਡਰਸ਼ਿਪ ਦੀ ਖਿੱਚੋਤਾਣ ਵਿੱਚ ਉਲਝੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਇੱਕ ਸਧਾਰਨ ਪਰਿਵਾਰ ਵਿੱਚੋਂ ਆਉਣ ਕਾਰਨ ਉਹ ਪਿੰਡਾਂ ਦੇ ਲੋਕਾਂ ਅਤੇ ਮਿਹਨਤਕਸ਼ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹਨ। ਮਾਵਾਂ-ਭੈਣਾਂ ਦਾ ਆਸ਼ੀਰਵਾਦ ਅਤੇ ਆਮ ਲੋਕਾਂ ਦੇ ਚਿਹਰਿਆਂ ’ਤੇ ਪਰਤ ਰਹੀ ਮੁਸਕਰਾਹਟ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਮਹਿਲਾ ਸਸ਼ਕਤੀਕਰਨ, ਰੁਜ਼ਗਾਰ, ਸਿੱਖਿਆ, ਸਿਹਤ, ਸਸਤੀ ਬਿਜਲੀ ਅਤੇ ਸਿੰਜਾਈ ਸਮੇਤ ਸਾਰੇ ਅਹਿਮ ਖੇਤਰਾਂ ਵਿੱਚ ਕੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਵਿਕਾਸ ਦਾ ਲਾਭ ਪੰਜਾਬ ਦੇ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਪਹੁੰਚਾਉਣਾ ਹੈ। ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਪੰਜਾਬ ਨੂੰ ਖੁਸ਼ਹਾਲ ਅਤੇ ਤਰੱਕੀਸ਼ੀਲ ਸੂਬਾ ਬਣਾਉਣ ਦੇ ਯਤਨ ਜਾਰੀ ਰਹਿਣਗੇ।
-bhagwantmann-punjabgovernment-lokmilni-punjabdevelopment-publicwelfare