ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਕਜੁੱਟ ਹੋ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ: ਸਰਦਾਰ ਪਰਗਟ ਸਿੰਘ
Nov24,2026
| Jagrati Lahar Bureau | Chandigarh
ਸਰਦਾਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ, ਸੂਬਾ ਚੋਣ ਕਮੇਟੀ ਦੀ ਪਹਿਲੀ ਅਹਿਮ ਮੀਟਿੰਗ ਹੋਈ
ਸਚਿਨ ਪਾਇਲਟ, ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਕਮੇਟੀ ਦੇ ਸਾਰੇ ਮੈਂਬਰਾਂ ਨੇ ਕੀਤੀ ਸ਼ਮੂਲੀਅਤ
ਚੋਣ ਰਣਨੀਤੀ, ਸੰਗਠਨ ਦੀ ਮਜ਼ਬੂਤੀ, ਵਰਕਰਾਂ ਦੀ ਲਾਮਬੰਦੀ ਅਤੇ ਲੋਕ ਹਿੱਤ ਦੇ ਮੁੱਦਿਆਂ 'ਤੇ ਹੋਇਆ ਵਿਸਥਾਰਪੂਰਵਕ ਵਿਚਾਰ-ਵਟਾਂਦਰਾ
ਚੰਡੀਗੜ੍ਹ, 24 ਨਵੰਬਰ, 2026:
ਪੰਜਾਬ ਵਿੱਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਅਤੇ ਹੱਕਾਂ ਲਈ ਮਜ਼ਬੂਤੀ ਨਾਲ ਆਵਾਜ਼ ਉਠਾਉਣੀ ਹੋਵੇਗੀ। ਇਹ ਵਿਚਾਰ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ (AICC) ਵੱਲੋਂ ਗਠਿਤ 42 ਮੈਂਬਰੀ ਸੂਬਾ ਚੋਣ ਕਮੇਟੀ (PEC) ਦੀ ਪਹਿਲੀ ਅਹਿਮ ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਪ੍ਰਗਟ ਕੀਤੇ।
ਮੀਟਿੰਗ ਵਿੱਚ ਸਰਦਾਰ ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਸਾਰੇ ਆਗੂਆਂ ਨੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ, ਸੂਬੇ ਦੇ ਭਖਦੇ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਦੇ ਨਾਲ ਹੀ ਚੋਣ ਤਿਆਰੀਆਂ ਅਤੇ ਰਣਨੀਤੀ ਨੂੰ ਅੱਗੇ ਵਧਾਉਣ ਲਈ ਆਪਸੀ ਵਿਚਾਰ-ਵਟਾਂਦਰਾ ਅਤੇ ਤਾਲਮੇਲ ਜਾਰੀ ਰੱਖਣ 'ਤੇ ਜ਼ੋਰ ਦਿੱਤਾ ਗਿਆ।
ਇਸ ਅਹਿਮ ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸਰਦਾਰ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਸਮੇਤ ਸੂਬਾ ਚੋਣ ਕਮੇਟੀ ਦੇ ਸਾਰੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਚੋਣ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਵਿੱਚ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ 'ਤੇ ਵਰਕਰਾਂ ਦੀ ਲਾਮਬੰਦੀ, ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ, ਚੋਣ ਪ੍ਰਚਾਰ ਦੀ ਰੂਪ-ਰੇਖਾ ਤਿਆਰ ਕਰਨ ਅਤੇ ਪੰਜਾਬ ਦੇ ਭਖਦੇ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਬਾਰੇ ਵੀ ਚਰਚਾ ਹੋਈ।
ਇਸ ਮੌਕੇ ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵੱਲੋਂ ਹੁਣ ਤੋਂ ਹੀ ਯੋਜਨਾਬੱਧ ਢੰਗ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ ਵਰਕਰ, ਮਜ਼ਬੂਤ ਜਥੇਬੰਦਕ ਢਾਂਚਾ ਅਤੇ ਲੋਕਾਂ ਨਾਲ ਡੂੰਘਾ ਜੁੜਾਅ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਅਤੇ ਹੱਕਾਂ ਲਈ ਮਜ਼ਬੂਤੀ ਨਾਲ ਆਵਾਜ਼ ਉਠਾਉਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਚੋਣ ਕਮੇਟੀ ਦੀ ਇਹ ਪਹਿਲੀ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵੱਲ ਇੱਕ ਅਹਿਮ ਕਦਮ ਹੈ। ਪਾਰਟੀ ਲੀਡਰਸ਼ਿਪ ਸਾਂਝੀ ਰਣਨੀਤੀ, ਆਪਸੀ ਤਾਲਮੇਲ ਅਤੇ ਜਥੇਬੰਦਕ ਏਕਤਾ ਨਾਲ ਚੋਣ ਮੈਦਾਨ ਵਿੱਚ ਉਤਰਨ ਲਈ ਕੰਮ ਕਰੇਗੀ।
ਮੀਟਿੰਗ ਵਿੱਚ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ, ਵਿਜੈ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼ਮਸ਼ੇਰ ਸਿੰਘ ਦੂਲੋ, ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।
Congress-Leadership-And-Workers-Will-Unitedly-Raise-The-Voice-Of-Punjab-s-People-Sardar-Pargat-Singh