‘ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ’ ਵਿੱਚ ਪਰਗਟ ਸਿੰਘ ਨੇ ਕਿਹਾ, ਪੰਜਾਬ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਵਚਨਬੱਧ
ਭਾਜਪਾ ਅਤੇ ‘ਆਪ’ ਸਰਕਾਰਾਂ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀਆਂ ਹਨ: ਪਰਗਟ ਸਿੰਘ
ਕਿਸਾਨਾਂ ਦੀਆਂ 750 ਸ਼ਹਾਦਤਾਂ, ਅਗਨੀਵੀਰ ਯੋਜਨਾ, ਬੇਰੁਜ਼ਗਾਰੀ ਅਤੇ ਨਫ਼ਰਤ ਦੀ ਰਾਜਨੀਤੀ ’ਤੇ ਚੁੱਕੇ ਸਵਾਲ
ਅੰਮ੍ਰਿਤਸਰ, 26 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਅੱਜ ਅੰਮ੍ਰਿਤਸਰ ਵਿਖੇ ਕਰਵਾਈ ਗਈ ‘ਸੰਵਿਧਾਨ ਬਚਾਓ-ਨਸ਼ਾ ਵਿਰੋਧੀ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਨੂੰ ਅਜਿਹਾ ਸੰਵਿਧਾਨ ਦਿੱਤਾ ਹੈ, ਜੋ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ, ਸਨਮਾਨ ਅਤੇ ਨਿਆਂ ਦੀ ਗਾਰੰਟੀ ਦਿੰਦਾ ਹੈ। ਸੰਵਿਧਾਨ ਸਿਰਫ਼ ਇੱਕ ਦਸਤਾਵੇਜ਼ ਨਹੀਂ, ਸਗੋਂ ਦੇਸ਼ ਦੀ ਆਤਮਾ ਅਤੇ ਲੋਕਤੰਤਰ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਸੱਤਾ ਸੰਵਿਧਾਨ ਤੋਂ ਵੱਡੀ ਨਹੀਂ ਹੋ ਸਕਦੀ, ਬਲਕਿ ਸੰਵਿਧਾਨ ਸੱਤਾ ਤੋਂ ਕਿਤੇ ਵੱਡਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਅੱਜ ਦੇਸ਼ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਸੰਵਿਧਾਨ ਅਤੇ ਲੋਕਤੰਤਰੀ ਵਿਵਸਥਾ ਦੀ ਰੱਖਿਆ ਕਰਨਾ ਹੈ। ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਦਾ ਢਿੱਡ ਭਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ, ਪਰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਨ੍ਹਾਂ ਨੂੰ ਕਰੀਬ ਦੋ ਸਾਲ ਸੜਕਾਂ ’ਤੇ ਸੰਘਰਸ਼ ਕਰਨਾ ਪਿਆ ਅਤੇ ਇਸ ਅੰਦੋਲਨ ਦੌਰਾਨ 750 ਕਿਸਾਨਾਂ ਨੇ ਸ਼ਹਾਦਤ ਦਿੱਤੀ। ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਸੀ, ਸਗੋਂ ਆਪਣੇ ਹੱਕਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰੱਖਿਆ ਦਾ ਸੰਘਰਸ਼ ਸੀ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸੰਵਿਧਾਨ ਨੂੰ ਸਰਕਾਰ ਤੋਂ ਉੱਪਰ ਰੱਖਣ ਦੀ ਗੱਲ ਕੀਤੀ ਹੈ। ਸਿੱਖਿਆ ਦਾ ਅਧਿਕਾਰ ਅਤੇ ਸੂਚਨਾ ਦਾ ਅਧਿਕਾਰ ਵਰਗੇ ਇਤਿਹਾਸਕ ਕਾਨੂੰਨਾਂ ਨੇ ਆਮ ਨਾਗਰਿਕਾਂ ਨੂੰ ਸਿੱਖਿਆ ਅਤੇ ਸਰਕਾਰ ਤੋਂ ਜਵਾਬ ਮੰਗਣ ਦਾ ਅਧਿਕਾਰ ਦਿੱਤਾ। ਇਸ ਦੇ ਉਲਟ ਅੱਜ ਦੀਆਂ ਸਰਕਾਰਾਂ ਸੰਵਿਧਾਨਕ ਸੰਸਥਾਵਾਂ ਅਤੇ ਲੋਕਾਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਦੌਰ ਵਿੱਚ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ, ਪਰ ਦੇਸ਼ ਦਾ ਨੌਜਵਾਨ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਭਟਕਣ ਲਈ ਮਜਬੂਰ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਵਿਕਾਸ ਦੀ ਦਿਸ਼ਾ ਦੇਣ ਵਿੱਚ ਅਸਫਲ ਰਹੀ ਹੈ ਅਤੇ ਸੂਬੇ ਵਿੱਚ ਪੁਲਿਸ ਸਟੇਟ ਵਰਗਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਕੂਲ ਅਤੇ ਕਾਲਜ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਵੀ ਨਾਕਾਮ ਰਹੀ ਹੈ।
ਭਾਜਪਾ ਦੀ ਰਾਜਨੀਤੀ ਬਾਰੇ ਬੋਲਦਿਆਂ ਉਨ੍ਹਾਂ ਦੋਸ਼ ਲਾਇਆ ਕਿ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਰਾਹੀਂ ਸਮਾਜ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਸੰਵਿਧਾਨ, ਲੋਕਤੰਤਰ ਅਤੇ ਦੇਸ਼ ਦੀ ਏਕਤਾ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ।
ਉਨ੍ਹਾਂ ਦੇਸ਼ ’ਤੇ ਵਧ ਰਹੇ ਕਰਜ਼ੇ ਦਾ ਮੁੱਦਾ ਚੁੱਕਦਿਆਂ ਲਗਭਗ 225 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਗਾਰੰਟੀਆਂ ਦਿੱਤੀਆਂ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬੇਅਦਬੀ ਦੇ ਮਾਮਲਿਆਂ ਵਿੱਚ ਚਾਰ ਮਹੀਨਿਆਂ ਅੰਦਰ ਇਨਸਾਫ਼ ਦੇਣ ਅਤੇ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਵਾਅਦੇ ਪੂਰੇ ਨਹੀਂ ਕਰ ਸਕੇ। ਉਨ੍ਹਾਂ ਅਨੁਸਾਰ ਨਸ਼ਾ, ਬੇਰੁਜ਼ਗਾਰੀ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਪੰਜਾਬ ਲਈ ਗੰਭੀਰ ਚੁਣੌਤੀਆਂ ਹਨ।
ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨੂੰ ਬਚਾਉਣ ਅਤੇ ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹਿੱਤਾਂ ਦੀ ਗੱਲ ਆਉਣ ’ਤੇ ਸਾਰੇ ਮਤਭੇਦ ਭੁਲਾ ਕੇ ਇਕਜੁੱਟ ਹੋ ਕੇ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਅਸਲ ਆਗੂ ਉਹ ਹੁੰਦਾ ਹੈ, ਜੋ ਮੁਸ਼ਕਲ ਸਮੇਂ ਵਿੱਚ ਆਪਣੇ ਜਜ਼ਬੇ ਅਤੇ ਵਚਨਬੱਧਤਾ ਨਾਲ ਲੋਕਾਂ ਦੇ ਨਾਲ ਖੜ੍ਹਦਾ ਹੈ।
ਸੰਵਿਧਾਨ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਲੋਕਾਂ ਨੂੰ ਸੰਵਿਧਾਨ ਦੀ ਰੱਖਿਆ ਦਾ ਸੰਕਲਪ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦੇਖੇ ਗਏ ਬਰਾਬਰੀ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ. ਅਮਰ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਜਗਦੀਪ ਸਿੰਘ ਭਲਾਈਪੁਰ, ਜ਼ਿਲ੍ਹਾ ਪ੍ਰਧਾਨ ਸੌਰਵ ਮਦਾਨ ਮਿੱਠੂ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਵਿਧਾਇਕ ਜੋਗਿੰਦਰ ਪਾਲ ਭੋਆ, ਸਾਬਕਾ ਮੇਅਰ ਸੁਨੀਲ ਦੱਤੀ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀ.ਸੀ., ਅਸ਼ਵਨੀ ਪੱਪੂ, ਭਗਵੰਤ ਪਾਲ ਸਿੰਘ ਸੱਚਰ, ਦਿਨੇਸ਼ ਬੱਸੀ, ਕਰਨ ਬੁਰਜ ਸਮੇਤ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।