ਸੰਗਰੂਰ,3 ਅਕਤੂਬਰ (ਜਗਸੀਰ ਲੌਂਗੋਵਾਲ ) - ਜਿਲ੍ਹਾ ਸੰਗਰੂਰ ਦੇ ਮੁੱਖ ਖੇਤੀਬਾੜੀ ਅਫਸਰ ਦੀ ਮੁਅੱਤਲੀ ਖਿਲਾਫ਼ ਰੋਸ਼ ਧਰਨਾ ਲਗਾਤਾਰ ਜਾਰੀ ਹੈ । ਜਿਕਰਯੋਗ ਹੈ ਕਿ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਿਛਲੇ ਲਗਭਗ ਤਿੰਨ ਮਹੀਨਿਆਂ ਤੋਂ ਦਿਨ ਰਾਤ ਇੱਕ ਕਰਕੇ ਪੂਰੀ ਤਨਦੇਹੀ ਨਾਲ ਲੋਕ ਚੇਤਨਾ ਮੁਹਿੰਮ ਚਲਾਈ ਜਾ ਰਹੀ ਹੈ ਪਰ ਸਰਕਾਰ ਵੱਲੋਂ ਵਿਭਾਗ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦੇਣ ਨਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਮਨੋਬਲ ਡਿੱਗਿਆ ਹੈ ਅਤੇ ਸਮੂਹ ਸਟਾਫ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਖੇਤਬਾੜੀ ਟੈਕਨੋਕਰੇਟ ਐਕਸਨ ਕਮੇਟੀ, ਪੰਜਾਬ ਦੇ ਸੱਦੇ ਤੇ ਜਿਲ੍ਹਾ ਹੈੱਡਕੁਆਟਰ ਸੰਗਰੂਰ ਵਿਖੇ ਚੱਲ ਰਿਹਾ ਲੜੀਵਾਰ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜ਼ਿਲ੍ਹਾ ਸੰਗਰੂਰ ਵਿਖੇ ਖੇਤੀਬਾੜੀ ਵਿਭਾਗ ਦੀਆਂ ਸਮੂਹ ਜਥੇਬੰਦੀਆਂ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਰੋਸ ਵਜੋਂ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਿਰਾ ਕੀਤਾ ਗਿਆ। ਦੱਸਣਯੋਗ ਹੈ ਕਿ ਪਰਾਲੀ ਪ੍ਰਬੰਧਨ ਵਿੱਚ ਹੋਰ ਵੀ ਕਈ ਵਿਭਾਗਾਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ, ਪਰ ਬਾਖੂਬੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਖੇਤੀ ਅਧਿਕਾਰੀਆਂ ਤੇ ਕਾਰਵਾਈ ਕਰਨਾ ਬਿਲਕੁਲ ਵੀ ਜਾਇਜ਼ ਨਹੀਂ ਹੈ। ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ, ਖੇਤੀ ਤਕਨੀਕਾਂ ਪੱਖੋਂ ਸਿੱਖਿਅਤ ਕਰਨ ਦੇ ਲਈ ਕਿਸਾਨ ਜਾਗਰੂਕਤਾ ਕੈਂਪਾਂ ਰਾਹੀਂ, ਪ੍ਰਚਾਰ ਵੈਨਾਂ ਰਾਹੀਂ, ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਕੇ ਅਤੇ ਹੋਰ ਕਈ ਪਾਸਾਰ ਮਾਧਿਅਮਾਂ ਰਾਹੀਂ ਘਰ-ਘਰ ਪਰਾਲੀ ਨਾ ਸਾੜਨ ਦਾ ਸੁਨੇਹਾ ਪਹੁੰਚਾਉਣ ਵਿੱਚ ਕਾਮਯਾਬ ਹੋਇਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਕਿਸਾਨਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ ਤੇ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ, ਸੰਗਰੂਰ ਇਕਾਈ ਦੇ ਆਗੂਆਂ ਨੇ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਿਸ ਲੈ ਕੇ ਚਲਾਈ ਜਾ ਰਹੀ ਜਨ ਚੇਤਨਾ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਲਈ ਵਿਭਾਗ ਦੇ ਸਟਾਫ ਨੂੰ ਉਤਸ਼ਾਇਤ ਕਰਨ ਦੀ ਅਪੀਲ ਕੀਤੀ ਹੈ। ਜੇਕਰ ਸਰਕਾਰ ਨੇ ਇਹ ਜਾਰੀ ਕੀਤੇ ਹੁਕਮ ਤੁਰੰਤ ਵਾਪਿਸ ਨਾ ਲਏ ਤਾਂ ਉਹ ਸਾਂਝੇ ਤੌਰ ਤੇ ਵਿਆਪਕ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਇੰਦਰਜੀਤ ਸਿੰਘ ਭੱਟੀ, ਜਸਕੰਦਰ ਸਿੰਘ, ਅਮਨਦੀਪ ਕੌਰ, ਮਨਦੀਪ ਸਿੰਘ, ਸਵਿੰਦਰਜੀਤ ਸਿੰਘ, ਮਨਮੀਤ ਕੌਰ, ਸ਼੍ਰੀ ਕਰਨ ਕਾਲੜਾ (ਆਤਮਾ), ਖੇਤੀਬਾੜੀ ਉੱਪ-ਨਿਰੀਖਕ ਰਮਨਦੀਪ ਸਿੰਘ, ਸੁਖਦੀਪ ਕੌਰ ਅਦਿ ਹਾਜ਼ਰ ਸਨ।