ਰਾਜ ਵਿਚੋਂ ਨਸ਼ਿਆਂ ਦੇ ਖਾਤਮੇ, ਬੇਰੁਜ਼ਗਾਰੀ ਨੂੰ ਦੂਰ ਕਰਨ ਅਤੇ ਰਾਜ ਵਿਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਸੂਬੇ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਕੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਥੇ ਜੈਨੇਸਿਸ ਡੈਂਟਲ ਕਾਲਜ ਵਿਖੇ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ, ਸਰਪੰਚਾਂ ਨੂੰ ਸੰਬੋਧਨ ਦੌਰਾਨ ਕੀਤਾ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਰਾਜ ਦੇ 6 ਸਰਹੱਦੀ ਜ਼ਿਲ੍ਹੇ ਸੰਵੇਦਨਸ਼ੀਲ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਇਹ ਜਾਣ ਲਿਆ ਹੈ ਕਿ ਉਹ ਭਾਰਤ ਨਾਲ ਸਿੱਧੀ ਜੰਗ ਕਰਨ ਦੀ ਹਿੰਮਤ ਨਹੀਂ ਕਰ ਸਕਦਾ, ਇਸ ਲਈ ਉਹ ਨਸਿ਼ਆਂ ਅਤੇ ਹੋਰ ਮਾਰੂ ਹਥਿਆਰਾਂ ਰਾਹੀਂ ਸਾਡੀ ਜਵਾਨੀ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪਰ ਅਸੀਂ ਦੁਸ਼ਮਣ ਦੀਆਂ ਇਹ ਚਾਲਾਂ ਅਸਫਲ ਕਰ ਸਕਦੇ ਹਾਂ ਜੇਕਰ ਸਾਰੇ ਲੋਕ ਚੌਕਸ ਰਹੀਏ ਅਤੇ ਇਨ੍ਹਾਂ ਮਾੜੇ ਕੰਮਾਂ ਵਿਚ ਲੱਗੇ ਲੋਕਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਸ ਰਾਸ਼ਟਰੀ ਸੁਰੱਖਿਆ ਦੇ ਮੁੱਦੇ ਤੇ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਪੰਚਾਇਤਾਂ ਸਭ ਤੋਂ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ।
ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਸੁਰੱਖਿਆ ਦੇ ਇਸ ਕੰਮ ਵਿਚ ਵੱਧ ਚੜ ਕੇ ਸਹਿਯੋਗ ਕਰਨ ਕਿਉਂਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਇਸ ਮੁਹਾਜ ਤੇ ਵੀ ਅਸੀਂ ਜਿੱਤ ਦਰਜ ਕਰਕੇ ਰਹਾਂਗੇ।
ਇਸ ਮੌਕੇ ਰਾਜ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਪ੍ਰਮੁੱਖ ਸਕੱਤਰ ਰਾਜਪਾਲ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ ।
Governer-Punjab-Banwari-Lal-Purohit-Ferozepur-Border-Area-Punjab-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)