ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

Jan26,2025 | Gurvinder Singh | Patiala



ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ

ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਲੋਕਾਂ ਦਾ ਸਹਿਯੋਗ ਮੰਗਿਆ

ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਤਾਕ ਵਿੱਚ ਪੰਜਾਬ ਵਿਰੋਧੀ ਅਨਸਰਾਂ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ

ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾ

ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤੇ ਨੂੰ ਆਪਣੀਆਂ ਮੰਗਾਂ ਮਨਵਾਉਣ ਖਾਤਰ ਮਰਨ ਵਰਤ ਦਾ ਰਾਹ ਅਪਨਾਉਣਾ ਪੈ ਰਿਹਾ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਅਮਨ-ਸ਼ਾਂਤੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸ਼ਾਂਤੀ ਭੰਗ ਕਰਨ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਭਗਵੰਤ ਸਿੰਘ ਮਾਨ ਨੇ ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਉਣ ਦੀ ਸਾਜ਼ਿਸ਼ ਘੜਨ ਵਾਲੇ ਦੁਸ਼ਮਣ ਨੂੰ ਠੋਕਵਾਂ ਜਵਾਬ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਫਿਰਕੂ ਪਾੜਾ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ਉਤੇ ਸਿਰੇ ਨਹੀਂ ਚੜ੍ਹਨ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਦੀਆਂ ਜੜ੍ਹਾਂ ਏਨੀਆਂ ਡੂੰਘੀਆਂ ਤੇ ਮਜ਼ਬੂਤ ਹਨ ਕਿ ਸੂਬੇ ਦੀ ਜਰਖੇਜ਼ ਜ਼ਮੀਨ ਵਿੱਚ ਕੁਝ ਵੀ ਪੈਦਾ ਕੀਤਾ ਜਾ ਸਕਦਾ ਪਰ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿੱਚ ਵੱਡੇ ਯਤਨਾਂ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਵਿੱਚ ਕੁਝ ਲੋਕ ਵਿਘਨ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਪਰ ਇਸ ਦੇ ਜਵਾਬ ਵਿੱਚ ਸਗੋਂ ਪੰਜਾਬੀਆਂ ਨੇ ਆਪਸੀ ਮਿਲਵਰਤਣ, ਸਦਭਾਵਨਾ ਤੇ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਅਗਵਾਈ ਵਿੱਚ ਸਾਡੇ ਪੁਰਖਿਆਂ ਵੱਲੋਂ ਤਿਆਰ ਕੀਤਾ ਸੰਵਿਧਾਨ ਸਾਲ 1950 ਵਿੱਚ ਅੱਜ ਦੇ ਦਿਨ ਲਾਗੂ ਹੋਣ ਨਾਲ ਭਾਰਤ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਜਮਹੂਰੀ ਅਤੇ ਧਰਮ ਨਿਰਪੱਖ ਗਣਰਾਜ ਬਣਿਆ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸੱਚਮੁੱਚ ਮਾਣ ਵਾਲੇ ਪਲ ਸਨ ਕਿਉਂਕਿ ਸਾਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਤਾਕਤ ਮਿਲੀ, ਜਿਸ ਨਾਲ ਸਾਡੇ ਵਡੇਰਿਆਂ ਵੱਲੋਂ ‘ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ` ਸਰਕਾਰ ਦਾ ਦੇਖਿਆ ਸੁਪਨਾ ਪੂਰਾ ਕਰਨ ਦਾ ਮੌਕਾ ਮਿਲਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਦੌਰਾਨ ਹਰ ਲੰਘਦੇ ਦਿਨ ਨਾਲ ਦੇਸ਼ ਵਿੱਚ ਜਮਹੂਰੀਅਤ ਮਜ਼ਬੂਤ ਹੋਈ ਹੈ ਕਿਉਂਕਿ ਦੇਸ਼ ਵਾਸੀਆਂ ਨੇ ਜਮਹੂਰੀ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਦਾ ਪ੍ਰਗਟਾਵਾ ਕੀਤਾ ਅਤੇ ਬਿਨਾਂ ਕਿਸੇ ਭੈਅ ਦੇ ਮਤਦਾਨ ਕਰ ਕੇ ਸਪੱਸ਼ਟ ਫੈਸਲਾ ਦਿੱਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀਆਂ ਖ਼ਾਸ ਕਰ ਕੇ ਪੰਜਾਬੀਆਂ ਨੇ ਦੇਸ਼ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਪ੍ਰਭੂਸੱਤਾ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਡਟ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਦੇਸ਼ ਭਗਤਾਂ ਨੇ ਦੇਸ਼ ਦੀ ਸ਼ਾਨ ਅਤੇ ਪ੍ਰਭੂਸੱਤਾ ਦੀ ਰਾਖੀ ਲਈ 1947, 1962, 1965, 1971 ਦੀ ਜੰਗ ਅਤੇ ਫਿਰ ਕਾਰਗਿਲ ਜੰਗ ਦੌਰਾਨ ਦੇਸ਼ ਦੀ ਰਾਖੀ ਕਰਨ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬੀਆਂ ਨੂੰ ਸਾਡੇ ਮਹਾਨ ਸਿੱਖ ਗੁਰੂਆਂ ਤੋਂ ਬਲੀਦਾਨ ਅਤੇ ਦੇਸ਼ ਭਗਤੀ ਦਾ ਅਦੁੱਤੀ ਜਜ਼ਬਾ ਵਿਰਸੇ ਵਿਚ ਮਿਲਿਆ ਹੈ, ਜਿਨ੍ਹਾਂ ਨੇ ਸਾਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਇਕ ਸੁਤੰਤਰ ਅਤੇ ਪ੍ਰਭੂਸੱਤਾ ਸੰਪੰਨ ਭਾਰਤੀ ਗਣਰਾਜ ਦਾ ਸਾਡੇ ਵੱਡੇ-ਵਡੇਰਿਆਂ ਵੱਲੋਂ ਦੇਖਿਆ ਗਿਆ ਸੁਪਨਾ ਦੇਸ਼ ਵਾਸੀਆਂ ਵੱਲੋਂ ਸ਼ਕਤੀਸ਼ਾਲੀ ਬਰਤਾਨਵੀ ਸਾਮਰਾਜ ਵਿਰੁੱਧ ਲੜਾਈ ਦੌਰਾਨ ਦਿੱਤੀਆਂ ਗਈਆਂ ਬੇਸ਼਼ੁਮਾਰ ਕੁਰਬਾਨੀਆਂ ਸਦਕਾ ਪੂਰਾ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹਜ਼ਾਰਾਂ ਅਣਗੌਲੇ ਨਾਇਕਾਂ ਖ਼ਾਸ ਕਰ ਕੇ ਪੰਜਾਬ ਦੀ ਧਰਤੀ ਦੇ ਸਪੂਤਾਂ ਵੱਲੋਂ ਸੁਤੰਤਰਤਾ ਸੰਗਰਾਮ ਵਿੱਚ ਪਾਇਆ ਮੋਹਰੀ ਯੋਗਦਾਨ ਕਿਸੇ ਤੋਂ ਲੁਕਿਆ ਨਹੀਂ ਹੈ। ਇਸ ਬਹਾਦਰੀ ਨੇ ਲੱਖਾਂ ਹੋਰ ਲੋਕਾਂ ਨੂੰ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁਲਕ ਦੀ ਆਬਾਦੀ ਦਾ ਸਿਰਫ਼ ਦੋ ਫੀਸਦੀ ਹੋਣ ਦੇ ਬਾਵਜੂਦ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ 80 ਫੀਸਦੀ ਕੁਰਬਾਨੀਆਂ ਜਾਂ ਜਲਾਵਤਨੀ ਪੰਜਾਬੀਆਂ ਦੇ ਹਿੱਸੇ ਆਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਕੂਕਾ, ਗ਼ਦਰ, ਕਿਸਾਨ, ਪਗੜੀ ਸੰਭਾਲ ਤੇ ਹੋਰ ਲਹਿਰਾਂ ਤੋਂ ਇਲਾਵਾ ਪੰਜਾਬ ਦੀ ਧਰਤੀ ਨੇ ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਸਪੂਤਾਂ ਨੂੰ ਜਨਮ ਦਿੱਤਾ, ਜਿਨ੍ਹਾਂ ਮੁਲਕ ਨੂੰ ਬਰਤਾਨਵੀ ਸਾਮਰਾਜ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਦੀਆਂ ਕੁਰਬਾਨੀਆਂ ਨੇ ਨੌਜਵਾਨਾਂ ਵਿੱਚ ਬਰਤਾਨਵੀ ਸਾਮਰਾਜ ਵਿਰੁੱਧ ਜੂਝਣ ਦੀ ਚਿਣਗ ਲਾਈ। ਇਸੇ ਤਰ੍ਹਾਂ ਜੱਲ੍ਹਿਆਂਵਾਲਾ ਬਾਗ਼ ਦਾ ਦੁਖਾਂਤ ਜਾਬਰ ਬਰਤਾਨਵੀ ਰਾਜ ਦੇ ਕਫ਼ਨ ਵਿੱਚ ਆਖ਼ਰੀ ਕਿੱਲ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਬਾਹਰੀ ਹਮਲਿਆਂ ਤੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੋਂ ਇਲਾਵਾ ਪੰਜਾਬੀ ਹਮੇਸ਼ਾ ਦੇਸ਼ ਦੀ ਖ਼ੁਸ਼ਹਾਲੀ ਤੇ ਸਮੁੱਚੇ ਵਿਕਾਸ ਵਿੱਚ ਮੋਹਰੀ ਭੂਮਿਕਾ ਵਿੱਚ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੇ ਸਮੇਂ ਵੀ ਅਸੀਂ ਬਹਾਦਰ ਪੰਜਾਬੀਆਂ ਨੇ ਕਦੇ ਪਿੱਠ ਨਹੀਂ ਦਿਖਾਈ, ਸਗੋਂ ਦੇਸ਼ ਦੇ ਸੰਵਿਧਾਨ ਵਿੱਚ ਪੂਰਨ ਵਿਸ਼ਵਾਸ ਰੱਖ ਕੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸੂਬੇ ਦੇ ਸੀਮਤ ਕੁਦਰਤੀ ਸਰੋਤਾਂ ਦੇ ਬਾਵਜੂਦ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ।

ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਆਜ਼ਾਦੀ ਦੇ ਸਮੇਂ ਪੂਰਾ ਦੇਸ਼ ਖੁਸ਼ੀ ਮਨਾ ਰਿਹਾ ਸੀ ਤਾਂ ਉਸ ਵੇਲੇ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਵੰਡ ਦਾ ਸੰਤਾਪ ਝੱਲ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਿੰਸਕ ਵੰਡ ਦੇ ਭਿਆਨਕ ਦੌਰ ਵਿੱਚੋਂ ਲੰਘਿਆ ਜਿਸ ਵਿੱਚ ਲੱਖਾਂ ਪੰਜਾਬੀਆਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ, ਬੇਘਰ ਹੋ ਗਏ ਅਤੇ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਜ਼ਮੀਨਾਂ ਅਤੇ ਜਾਇਦਾਦਾਂ ਗੁਆ ਦਿੱਤੀਆਂ।

ਹਾਲਾਂਕਿ, ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਆਜ਼ਾਦੀ ਤੋਂ ਬਾਅਦ ਪਿਛਲੇ ਸਾਢੇ ਸੱਤ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਪੰਜਾਬ ਨੂੰ ਕੇਂਦਰ ਦੀਆਂ ਸਰਕਾਰਾਂ ਦੀਆਂ ਪੱਖਪਾਤੀ ਤੇ ਮਾਰੂ ਨੀਤੀਆਂ ਕਾਰਨ ਵਿਤਕਰੇ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਾਲੇ ਅਨਾਜ ਉਤਪਾਦਕਾਂ ਨੂੰ ਅੱਜ ਦੇ ਦਿਨ ਵੀ ਅੰਦੋਲਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਨਾਂਹ-ਪੱਖੀ ਰਵੱਈਏ ਕਾਰਨ ਦੇਸ਼ ਦੇ ਅੰਨਦਾਤਿਆਂ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮਰਨ ਵਰਤ ਵਰਗਾ ਮੰਦਭਾਗਾ ਕਦਮ ਚੁੱਕਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਰੈਕਟਰ, ਜੋ ਕਿ ‘ਖੇਤਾਂ ਦਾ ਰਾਜਾ’ ਹੈ, ਨੂੰ ਕੇਂਦਰ ਸਰਕਾਰ ਦੇ ਬੇਰਹਿਮ ਰਵੱਈਏ ਕਾਰਨ ਖੇਤਾਂ ਵਿੱਚ ਅਨਾਜ ਪੈਦਾ ਕਰਨ ਦੀ ਬਜਾਏ ਦਿੱਲੀ ਦੀਆਂ ਸੜਕਾਂ ਵੱਲ ਦੌੜਨਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਸਵਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਹੋਰ ਚੰਗੀ ਤਰ੍ਹਾਂ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਕੇਂਦਰ ਸਰਕਾਰ ਦੀ ਲੰਮੀ ਚੁੱਪ ਨੇ ਸੰਵਿਧਾਨਕ ਕਦਰਾਂ-ਕੀਮਤਾਂ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਭਾਰਤੀ ਨੂੰ ਦੁੱਖ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਅਤੇ ਇਸ ਦੇ ਮਿਹਨਤਕਸ਼ ਲੋਕਾਂ ਪ੍ਰਤੀ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨਾ ਚਾਹੀਦਾ ਹੈ।

ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਵਿਤਕਰੇ ਭਰੇ ਰਵੱਈਏ ਦੀ ਇਕ ਹੋਰ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ. ਦਾ ਬਕਾਇਆ ਹਿੱਸਾ ਅਜੇ ਤੱਕ ਜਾਰੀ ਨਹੀਂ ਕੀਤਾ ਹੈ ਜੋ ਕਿ 5500 ਕਰੋੜ ਰੁਪਏ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦਾ ਇਹ ਕਦਮ ਦੇਸ਼ ਦੇ ਸੰਵਿਧਾਨ ਵਿੱਚ ਦਰਜ ਦੇਸ਼ ਦੇ ਸੰਘੀ ਢਾਂਚੇ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਭਿਖਾਰੀ ਨਹੀਂ ਹਨ ਅਤੇ ਉਨ੍ਹਾਂ ਨੂੰ ਤੰਗ ਕਰਨ ਦੀ ਬਜਾਏ ਕੇਂਦਰ ਦੁਆਰਾ ਉਨ੍ਹਾਂ ਨੂੰ ਫੰਡਾਂ ਦਾ ਜਾਇਜ਼ ਹਿੱਸਾ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਆਦਰਸ਼ਾਂ ਉਤੇ ਚੱਲ ਕੇ ਕੰਮ ਕਰ ਰਹੀ ਹੈ ਤਾਂ ਜੋ ਸਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ ਅਤੇ ਸੂਬੇ ਵਿੱਚ ਤਰੱਕੀ, ਖੁਸ਼ਹਾਲੀ ਅਤੇ ਸ਼ਾਂਤੀ ਦਾ ਇੱਕ ਬੇਮਿਸਾਲ ਦੌਰ ਦੇਖਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ ਤਾਂ ਜੋ ਇਸ ਦੇਸ਼ ਦੇ ਨਿਰਮਾਤਾਵਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ ਅਤੇ ਲੋਕ ਚੰਗਾ ਜੀਵਨ ਬਤੀਤ ਕਰ ਸਕਣ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਪ੍ਰਤੀ ਕੁਇੰਟਲ 401 ਰੁਪਏ ਦੇ ਰਿਹਾ ਹੈ ਜਿਸ ਨਾਲ ਗੰਨਾ ਉਤਪਾਦਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਗੰਨੇ ਦੇ ਸਭ ਤੋਂ ਵੱਧ ਭਾਅ ਵਿੱਚ ਪੰਜਾਬ, ਦੇਸ਼ ਦੀ ਅਗਵਾਈ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਗੰਨਾ ਕਾਸ਼ਤਕਾਰਾਂ ਨੂੰ ਚੰਗਾ ਭਾਅ ਦਿੱਤਾ ਹੈ ਅਤੇ ਇਹ ਉਪਰਾਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਹੈ ਜੋ ਕਿ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਦੀ ਡਿਊਟੀ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਪਣੀ ਸ਼ੁਰੂਆਤ ਤੋਂ ਬਾਅਦ ਇਸ ਫੋਰਸ ਨੇ ਸੜਕ ਹਾਦਸਿਆਂ ਵਿੱਚ 48 ਫੀਸਦੀ ਜਾਨਾਂ ਬਚਾਈਆਂ ਹਨ ਅਤੇ ਸੜਕ ਹਾਦਸਿਆਂ ਦੌਰਾਨ ਜ਼ਖਮੀ ਹੋਏ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸੇ ਵਾਪਸ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ 4200 ਕਿਲੋਮੀਟਰ ਹਾਈਵੇਅ 'ਤੇ ਤਾਇਨਾਤ ਕੀਤੀ ਗਈ ਹੈ। ਇਹ ਫੋਰਸ ਨਿਰਧਾਰਤ ਖੇਤਰਾਂ ਵਿੱਚ ਗਸ਼ਤ ਕਰਨ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਅਜਿਹੀਆਂ ਹੋਰ ਗਤੀਵਿਧੀਆਂ ਰੋਕਣ ਲਈ ਕੰਮ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2.70 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਤੋਂ ਹੀ ਇਨ੍ਹਾਂ ਕਲੀਨਿਕਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ ਜੋ ਦਰਸਾਉਂਦੇ ਹਨ ਕਿ ਸੂਬੇ ਦੇ ਹਰ ਤੀਜੇ ਵਿਅਕਤੀ ਨੇ ਇਨ੍ਹਾਂ ਕਲੀਨਿਕਾਂ ਦਾ ਲਾਭ ਉਠਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੀ ਗਰੰਟੀ ਸ਼ੁਰੂ ਕੀਤੀ ਸੀ ਅਤੇ ਉਦੋਂ ਤੋਂ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬ ਘਰਾਂ ਲਈ ਵੱਡੀ ਰਕਮ ਦੀ ਬੱਚਤ ਹੋਣ ਨਾਲ ਆਮ ਆਦਮੀ ਦੀ ਜੇਬ 'ਤੇ ਵੱਡਾ ਬੋਝ ਘਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਵੀ ਸੂਬੇ ਵਿੱਚ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਵਿੱਚ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਅਤੇ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੋਇੰਦਵਾਲ ਪਾਵਰ ਪਲਾਂਟ ਨੂੰ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਸੋਂ ਖਰੀਦ ਕੇ ਇਤਿਹਾਸ ਰਚਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੰਦੀਆਂ ਸਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ 118 ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ ਜੋ ਕਿ ਸਮਾਰਟ ਕਲਾਸਰੂਮ, ਲੈਬ ਅਤੇ ਖੇਡ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਿੱਚ ਲਗਭਗ 17 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਅਧਿਆਪਨ ਅਭਿਆਸਾਂ ਤੋਂ ਜਾਣੂ ਹੋ ਸਕਣ ਜਿਸ ਨਾਲ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਖੇਤਰ ਵਿੱਚ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਦੇ ਉਦੇਸ਼ਾਂ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ 75 ਫੀਸਦੀ ਨਹਿਰੀ ਪਾਣੀ ਸਿੰਚਾਈ ਦੇ ਉਦੇਸ਼ਾਂ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਪਾਸੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਹੈ, ਜੋ ਦਹਾਕਿਆਂ ਤੋਂ ਇਸ ਤੋਂ ਵਾਂਝੇ ਸਨ, ਅਤੇ ਦੂਜੇ ਪਾਸੇ ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ ਬੱਚਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਸੇਵਾਵਾਂ ਪ੍ਰਦਾਨ ਕਰਨ ਲਈ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਨਾਮੀ ਯੋਜਨਾ ਸ਼ੁਰੂ ਕੀਤੀ। ਇਸ ਯੋਜਨਾ ਤਹਿਤ ਉਨ੍ਹਾਂ 43 ਨਾਗਰਿਕ ਸੇਵਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਸ ਨਾਲ ਲੋਕਾਂ ਦਾ 99 ਫੀਸਦੀ ਤੋਂ ਵੱਧ ਵਾਹ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਸਕੇ ਸੇਵਾਵਾਂ ਦੇਣ ਨਾਲ ਬਹੁਤ ਲਾਭ ਹੁੰਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 85000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਲਿਆਂਦਾ ਹੈ ਅਤੇ ਟਾਟਾ ਸਟੀਲ, ਸਨਾਤਨ ਟੈਕਸਟਾਈਲ ਵਰਗੀਆਂ ਹੋਰ ਪ੍ਰਮੁੱਖ ਕੰਪਨੀਆਂ ਨਾਲ ਲਗਭਗ ਰੋਜ਼ਗਾਰ ਦੇ 3.50 ਲੱਖ ਮੌਕੇ ਪੈਦਾ ਹੋਣਗੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਪ੍ਰੋਜੈਕਟਾਂ ਨੂੰ ਪ੍ਰਵਾਨਗੀਆਂ ਦੇਣ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਵਿਕਰੀ ਡੀਡਾਂ ਦੀ ਰਜਿਸਟ੍ਰੇਸ਼ਨ ਵਿੱਚ ਹਰੇ ਸਟੈਂਪ ਪੇਪਰ ਵੀ ਪੇਸ਼ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਮੈਰਿਟ 'ਤੇ ਸਰਕਾਰੀ ਨੌਕਰੀਆਂ ਦੇਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮਦਦ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਤੇਜ਼ੀ ਨਾਲ ਮੁਹਿੰਮ ਜਾਰੀ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਹੈ ਜਿਸ 'ਤੇ ਕੋਈ ਵੀ ਵਿਅਕਤੀ ਜੇਕਰ ਉਸ ਤੋਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਜ਼ਟਿਡ ਅਧਿਕਾਰੀਆਂ, ਗੈਰ-ਗਜ਼ਟਿਡ ਅਧਿਕਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਿਨ੍ਹਾਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਅਤੇ ਆਮ ਲੋਕਾਂ ਨੂੰ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਲਈ ਬਿਨਾਂ ਕਿਸੇ ਡਰ ਦੇ ਅੱਗੇ ਆਉਣ ਲਈ ਉਤਸ਼ਾਹਿਤ ਕਰਨ ਵਾਸਤੇ ‘ਫਰਿਸ਼ਤੇ’ ਸਕੀਮ ਨੂੰ ਨੋਟੀਫਾਈ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਨੇਕ ਕੰਮ ਦੀ ਹੌਸਲਾ ਅਫਜ਼ਾਈ ਕਰਨ ਲਈ 2000 ਰੁਪਏ ਦਾ ਵਿੱਤੀ ਇਨਾਮ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿੱਤੀ ਇਨਾਮ ਤੋਂ ਇਲਾਵਾ ਅਜਿਹੇ ਵਿਅਕਤੀਆਂ ਨੂੰ ਇਕ ਸਰਟੀਫਿਕੇਟ ਵੀ ਜਾਰੀ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਕੁਸ਼ਲਤਾ ਹੋਰ ਪ੍ਰਭਾਵੀ ਬਣਾਉਣ ਲਈ ਮਨੁੱਖੀ ਸ਼ਕਤੀ ਵਧਾਉਣ ਵਾਸਤੇ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਭਰਤੀ ਹੋਣ ਦੀ ਉਮੀਦ ਵਿੱਚ ਹਰ ਸਾਲ ਲਗਭਗ 2.50 ਲੱਖ ਨੌਜਵਾਨ ਸਖ਼ਤ ਮਿਹਨਤ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦਾ ਵੀ ਫੈਸਲਾ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਨਾਂ ਨੂੰ ਦੂਰ ਕਰਦੇ ਹੋਏ 12710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਰੈਗੂਲਰ ਕਰਨ ਨਾਲ ਇਨ੍ਹਾਂ ਅਧਿਆਪਕਾਂ ਨੂੰ ਛੁੱਟੀਆਂ ਸਮੇਤ ਹੋਰ ਲਾਭਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਸਾਲਾਨਾ ਵਾਧਾ ਮਿਲੇਗਾ।  

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿੱਚ ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਇੱਥੋਂ ਤੱਕ ਕਿ ਅਗਨੀਵੀਰਾਂ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸੂਬਾ ਸਰਕਾਰ ਜਵਾਨਾਂ ਦੇ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਇਮਦਾਦ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਦੇਸ਼ ਲਈ ਨਾਇਕਾਂ ਵੱਲੋਂ ਕੀਤੀ ਗਈ ਸਰਵਉੱਚ ਕੁਰਬਾਨੀ ਦੇ ਸਤਿਕਾਰ ਵਜੋਂ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਣਾਈ ਰੱਖਣ ਲਈ ਇਸ ਧਰਤੀ ਦੇ ਸਪੂਤ ਦੇ ਯੋਗਦਾਨ ਨੂੰ ਮਾਨਤਾ ਦਿੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਲੋਕਾਂ ਨੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ ਜਿਸ ਕਾਰਨ ਟੈਕਸ ਵਸੂਲੀ ਵਿੱਚ ਬਹੁਤ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 18 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤਿਆਂ ਨੇ ਮਿਆਦ ਵਧਾਉਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤ ਵਿੱਚ ਸਾਫ ਇਨਕਾਰ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਦੀ ਜੇਬ ਵਿੱਚੋਂ ਰੋਜ਼ਾਨਾ 63 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਐਨ.ਆਰ.ਆਈ. ਪੰਜਾਬੀਆਂ ਦੀ ਸਹੂਲਤ ਲਈ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 3 'ਤੇ ਅਤਿ-ਆਧੁਨਿਕ ਐਨ.ਆਰ.ਆਈ. ਸੁਵਿਧਾ ਕੇਂਦਰ- "ਪੰਜਾਬ ਸਹਾਇਤਾ ਕੇਂਦਰ" ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24x7 ਕੰਮ ਕਰਦਾ ਹੈ ਅਤੇ ਟਰਮੀਨਲ 'ਤੇ ਆਉਣ ਵਾਲੇ ਸਾਰੇ ਐਨ.ਆਰ.ਆਈ. ਅਤੇ ਹੋਰ ਯਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯਾਤਰੀ/ਰਿਸ਼ਤੇਦਾਰ ਹਵਾਈ ਅੱਡੇ 'ਤੇ ਪਹੁੰਚਣ ਵਾਲੀਆਂ ਉਡਾਣਾਂ, ਕਨੈਕਟਿੰਗ ਉਡਾਣਾਂ, ਟੈਕਸੀ ਸੇਵਾਵਾਂ, ਗੁਆਚੇ ਸਮਾਨ ਵਰਗੀਆਂ ਸਹੂਲਤਾਂ ਅਤੇ ਹੋਰ ਲੋੜੀਂਦੀ ਸਹਾਇਤਾ ਹਾਸਲ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵਨੀਤ ਅਹਲਾਵਤ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਆਈ.ਟੀ.ਬੀ.ਪੀ., ਐਨ.ਸੀ.ਸੀ. (ਲੜਕੇ ਤੇ ਲੜਕੀਆਂ) ਰੈੱਡ ਕਰਾਸ ਤੋਂ ਇਲਾਵਾ ਪੰਜਾਬ ਪੁਲਿਸ ਬ੍ਰਾਸ ਬੈਂਡ ਦੀਆਂ ਟੁਕੜੀਆਂ ਦੁਆਰਾ ਕੀਤੇ ਗਏ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਗਰੁੱਪ ਗਾਇਨ ਸਮੇਤ ਦੇਸ਼ ਭਗਤੀ ਦੇ ਜੋਸ਼ ਵਿੱਚ ਰਮਿਆ ਹੋਇਆ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।

ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਪ੍ਰਤੀ ਸਤਿਕਾਰ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਦਿਵਿਆਂਗਾਂ ਨੂੰ ਟ੍ਰਾਈਸਾਈਕਲ ਅਤੇ ਗਰੀਬ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ। ਇਸ ਮੌਕੇ ਸੂਬੇ ਦੇ ਸਮੁੱਚੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਖਾਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਜਨਤਕ ਅਹਿਮਤੀਅਤ ਨੂੰ ਦਰਸਾਉਂਦੀ ਝਾਕੀ ਖਿੱਚ ਦਾ ਕੇਂਦਰ ਰਹੀ।

Powered by Froala Editor

Chief-Minister-Bhagwant-Singh-Mann-Unfurls-National-Tri-colour-Flag-At-Patiala



TOP HEADLINES


*ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ* *150 ਦਾਨੀਆਂ
ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਵਰਗੇ ਕਾਬਿਲ ਪੁਲਿਸ ਅਫ਼ਸਰਾਂ ਕਾਰਨ
*ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਲੁਧਿਆਣਾ ਅ
*ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 202
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂ
ਮੋਹਾਲੀ ਸ਼ਹਿਰ ਵਿਚ ਲੁੱਟ ਖੋਹ ਅਤੇ ਚੋਰੀਆਂ ਕਰਨ ਵਾਲੇ ਦੋ ਨੌਜਵਾ
ਕੈਨੇਡਾ ਵਿੱਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਵਿਚ ਲੋੜੀਂਦੇ ਸਿਮਰਨ
ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ
ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੇ ਕੱਢਿਆ ਪੰਜਾਬੀ ਜ
3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ * ਮੁੱਖ ਮੰਤਰ
5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈ
ਜ਼ਿਲ੍ਹੇ ਅੰਦਰ 1.38 ਕਰੋੜ ਦੀ ਲਾਗਤ ਨਾਲ ਬਣਾਈਆਂ ਗਈਆਂ 32 ਯੂਥ
ਸਿਵਲ ਹਸਪਤਾਲ ਫਾਜਿਲਕਾ ਵਿੱਚ ਸਤੰਬਰ 2024 ਤੋਂ 15 ਮਰੀਜਾਂ ਦਾ 5
ਪੇਂਡੂ ਸਿਹਤ ਕਮੇਟੀਆਂ ਦੀਆਂ ਬੈਠਕਾਂ ’ਚ ਗ਼ੈਰ-ਸੰਚਾਰੀ ਬੀਮਾਰੀਆਂ
ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾ
ਪੰਜਾਬ ਵਿੱਚ ਸੱਤ ਜਿਲਿਆਂ ਦੇ Ssps ਸਮੇਤ 21 Ips ਪੁਲਿਸ ਅਫਸਰਾਂ
*ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗ
Sgpc ਦੀ ਅੰਤ੍ਰਿੰਗ ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ
ਇੰਨੋਸੈਂਟ ਹਾਰਟਸ ਨੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਮਾਂ ਬੋਲ
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 44690423

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us