* ਕੈਬਨਿਟ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵੱਖ-ਵੱਖ ਖੇਤਰਾਂ ’ਚ ਕੀਤੀਆਂ ਪ੍ਰਾਪਤੀਆਂ ’ਤੇ ਪਾਇਆ ਚਾਨਣਾ
* ਰੰਗਲਾ ਪੰਜਾਬ ਬਣਾਉਣ ਲਈ ਪੰਜਾਬੀਆਂ ਨੂੰ ਸਰਕਾਰ ਦਾ ਸਾਥ ਦੇਣ ਦਾ ਦਿੱਤਾ ਸੱਦਾ
ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ ਗਿਆ। ਕੈਬਨਿਟ ਮੰਤਰੀ ਨੇ ਪੰਜਾਬੀਆਂ ਨੂੰ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਨੂੰ ਇੱਕ ਅਗਾਂਹਵਧੂ ਅਤੇ ਮੋਹਰੀ ਸੂਬੇ ਵਿੱਚ ਤਬਦੀਲ ਕਰਨ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਮੌਜੂਦ ਸਨ।
ਆਪਣੇ ਸੰਬੋਧਨ ਦੌਰਾਨ ਸ਼੍ਰੀ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਵਪੱਖੀ ਵਿਕਾਸ ਦੀ ਰਾਜ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਐਸ.ਏ.ਐਸ. ਨਗਰ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਗਾਉਣ ਸਮੇਤ ਇਤਿਹਾਸਕ ਪਹਿਲਕਦਮੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ, ਜਿਸ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਆਪਣਾ ਕੰਮ ਸ਼ੁਰੂ ਕੀਤਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸ਼ਹੀਦ ਫੌਜੀ ਜਵਾਨਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਦੁੱਗਣਾ ਕਰਕੇ 1 ਕਰੋੜ ਰੁਪਏ ਕਰ ਦਿੱਤਾ ਹੈ ਅਤੇ ਇਸੇ ਤਰ੍ਹਾਂ ਦੀ ਵਿੱਤੀ ਸਹਾਇਤਾ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਦਿੱਤੀ ਗਈ ਹੈ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।
ਸ਼੍ਰੀ ਅਰੋੜਾ ਨੇ ਬੇਰੋਜ਼ਗਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 2.70 ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਸਿਹਤ ਸੰਭਾਲ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਲੰਧਰ ਵਿੱਚ ਚੱਲ ਰਹੇ 66 ਕਲੀਨਿਕਾਂ ਰਾਹੀਂ 19 ਲੱਖ ਤੋਂ ਵੱਧ ਮਰੀਜ਼ਾਂ ਨੂੰ ਮੁਫ਼ਤ ਇਲਾਜ ਸੂਹਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ 118 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ ਅਤੇ ਇਸਦੇ ਨਾਲ ਹੀ 10,000 ਤੋਂ ਵੱਧ ਵਿਦਿਆਰਥੀਆਂ ਨੂੰ ਮੁਫ਼ਤ ਟਰਾਂਸਪੋਰਟ ਸਹੂਲਤ ਦਾ ਲਾਭ ਦਿੱਤਾ ਜਾ ਰਿਹਾ ਹੈ।
ਬਿਜਲੀ ਦੇ ਖੇਤਰ ਵਿੱਚ ਪ੍ਰਾਪਤ ਉਪਲਬੱਧੀਆਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ 1080 ਕਰੋੜ ਰੁਪਏ ਨਾਲ ਪ੍ਰਾਈਵੇਟ ਥਰਮਲ ਪਲਾਂਟ ਦੀ ਖ਼ਰੀਦ ਅਤੇ ਪਛਵਾੜਾ ਕੋਲਾ ਖਾਣ ਨੂੰ ਮੁੜ ਚਾਲੂ ਕਰਨ ਬਾਰੇ ਦੱਸਿਆ, ਜਿਸ ਨਾਲ 1000 ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਵਚਨਬੱਧਤਾ ਵੀ ਦੁਹਰਾਈ, ਜਿਸ ’ਤੇ ਸਲਾਨਾ 9330 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਸਰਕਾਰ ਵੱਲੋਂ ਸਿੰਚਾਈ ਲਈ ਕੀਤੇ ਗਏ ਉਪਰਾਲਿਆਂ, ਜਿਸ ਵਿੱਚ ਜਲੰਧਰ ਦਾ 275 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਸ਼ਾਮਿਲ ਹੈ ਅਤੇ ਸੜਕੀ ਦੁਰਘਟਨਾਵਾਂ ਦੌਰਾਨ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਕੇ ਕੀਮਤੀ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ।
ਕੈਬਨਿਟ ਮੰਤਰੀ ਅਰੋੜਾ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਫ਼ਲਤਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 5 ਲੱਖ ਤੋਂ ਵੱਧ ਖਿਡਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਆਈ.ਪੀ.ਐਸ. ਸ਼੍ਰੀਵੈਨੇਲਾ ਦੀ ਅਗਵਾਈ ਵਾਲੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਵੱਲੋਂ ਭਾਰਤ-ਚੀਨ, ਭਾਰਤ ਪਾਕਿਸਤਾਨ ਜੰਗਾਂ ਅਤੇ ਜੰਮੂ ਤੇ ਕਸ਼ਮੀਰ ਵਿੱਚ ਐਨਕਾਊਂਟਰ ਦੌਰਾਨ ਜ਼ਿਲ੍ਹੇ ਦੇ ਸ਼ਹੀਦ ਹੋਏ 10 ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਮੇਅਰ ਵਿਨੀਤ ਧੀਰ, ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਡੀ.ਆਈ.ਜੀ. ਨਵੀਨ ਸਿੰਗਲਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨਿਰਭਉ ਸਿੰਘ ਗਿੱਲ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਸੁਨੀਲ ਫੋਗਟ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Powered by Froala Editor
Republic-Day-Aman-Arora-Unfurls-National-Flag-At-Guru-Gobind-Singh-Stadium-Jalandhar
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)