ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ
ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ
ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਦੋਸ਼ੇ ਸੈਲਾਨੀਆਂ 'ਤੇ ਇਹ ਅਤਿਵਾਦੀ ਹਮਲਾ ਇੱਕ ਜ਼ਾਲਮਾਨਾ ਅਤੇ ਅਣਮਨੁੱਖੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅਤਿਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਹੈ। ਇਸ ਦੌਰਾਨ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਹਾਸਲ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਜੀ ਅਤੇ ਇੱਕ ਜ਼ਿਲ੍ਹੇ ਨੂੰ ਦੂਜੇ ਜ਼ਿਲ੍ਹੇ ਨਾਲ ਜੋੜਦੇ ਪੁਆਇੰਟਾਂ 'ਤੇ ਖ਼ਾਸ ਕਰ ਕੇ ਸੰਵੇਦਨਸ਼ੀਲ ਇਲਾਕਿਆਂ 'ਤੇ ਚੈਕਿੰਗ ਅਤੇ ਗਸ਼ਤ ਪਹਿਲਾਂ ਹੀ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਅਤੇ ਅਤਿਵਾਦੀਆਂ ਵਿਰੁੱਧ ਦੇਸ਼ ਦੀ ਜੰਗ ਲੜ ਰਿਹਾ ਹੈ ਅਤੇ ਸੂਬੇ ਤੋਂ ਸੈਲਾਨੀਆਂ ਨੂੰ ਵਾਪਸ ਲਿਆਉਣ ਲਈ ਜੰਮੂ-ਕਸ਼ਮੀਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਦਾ ਇੱਕ ਗਠਜੋੜ ਡਰੋਨਾਂ ਰਾਹੀਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਐਂਟੀ ਡਰੋਨ ਤਕਨੀਕਾਂ ਦੀ ਵਰਤੋਂ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਭਰ ਵਿੱਚ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਕਾਨੂੰਨ ਦੀ ਉਲੰਘਣਾ ਨਾ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਫੌਜ, ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚਕਾਰ ਸੰਪੂਰਨ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਸਰਹੱਦ ਉੱਤੇ ਸੂਬਾਈ ਪੁਲਿਸ ਦੇ ਰੂਪ ਵਿੱਚ ਦੂਜੀ ਕਤਾਰ ਵਿੱਚ ਮਜ਼ਬੂਤ ਰੱਖਿਆ ਲਾਈਨ ਹੈ, ਜੋ ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟਾ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਹਮਲਾ ਇੱਕ ਘਿਨਾਉਣਾ ਕਾਰਾ ਹੈ ਕਿਉਂਕਿ ਕੋਈ ਵੀ ਧਰਮ ਅਜਿਹੇ ਘਿਨਾਉਣੇ ਅਪਰਾਧ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਇਹ ਹਿੰਸਾ ਮਨੁੱਖਤਾ ਵਿਰੁੱਧ ਜੁਰਮ ਹੈ ਅਤੇ ਧਰਮ, ਖੇਤਰ, ਕੌਮ ਜਾਂ ਕਿਸੇ ਹੋਰ ਵਿਚਾਰਧਾਰਾ ਦੀ ਪਰਵਾਹ ਕੀਤੇ ਬਿਨਾਂ ਹਰ ਕੋਈ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਨਾਲ ਲੱਗਦੀ ਹੈ, ਇਸ ਲਈ ਸੂਬਾ ਪੂਰੀ ਤਰ੍ਹਾਂ ਚੌਕਸ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਉੱਤੇ ਬਾਜ਼ ਅੱਖ ਰੱਖੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਰਗਰਮ ਅਤੇ ਨਿਰੰਤਰ ਚੌਕਸੀ ਕਾਰਨ ਸੂਬੇ ਦੀਆਂ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਮੱਗਲਰਾਂ, ਗੈਂਗਸਟਰਾਂ ਅਤੇ ਅਤਿਵਾਦੀਆਂ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਉਨ੍ਹਾਂ ਨੂੰ ਆਪਣੇ ਮਾੜੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਰਹੱਦਾਂ ਪਹਿਲਾਂ ਹੀ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਪੁਲਿਸ ਨੂੰ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ 160 ਤੋਂ ਵੱਧ ਸਿੱਖਿਆ ਸੰਸਥਾਵਾਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ, ਜਿੱਥੇ ਕਸ਼ਮੀਰ ਦੇ ਵਿਦਿਆਰਥੀ ਪੜ੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਸਪਾਂਸਰਡ ਪੰਜਾਬ-ਵਿਰੋਧੀ ਅਤੇ ਅਪਰਾਧੀਆਂ ਦੇ ਦੇਸ਼-ਵਿਰੋਧੀ ਗਠਜੋੜ ਦੁਆਰਾ ਚਲਾਈ ਗਈ ਕਿਸੇ ਵੀ ਅਜਿਹੀ ਅਸਿੱਧੀ ਜੰਗ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਾ ਉਨ੍ਹਾਂ ਦੀ ਸਰਕਾਰ ਦੇ ਏਜੰਡੇ ਵਿੱਚ ਸਿਖਰ 'ਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਾਡੇ ਮਹਾਨ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੇ ਉਪਦੇਸ਼ ਮੁਤਾਬਕ ਹਰ ਕੀਮਤ 'ਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਧਾਰਮਿਕ ਸਹਿਣਸ਼ੀਲਤਾ, ਏਕਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਉੱਤੇ ਚੱਲ ਕੇ ਇਨ੍ਹਾਂ ਹਾਲਾਤ ਵਿੱਚ ਸੰਜਮ ਵਰਤਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਮੌਜੂਦ ਸਨ।
Powered by Froala Editor
Security-Review-Cm-Mann-Chairs-High-Level-Meeting
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)