ਖੰਨਾ, ਰਵਿੰਦਰ ਢਿੱਲੋਂ
ਭਾਈ ਵਾਲਾ ਚੌਂਕ ਲੁਧਿਆਣਾ ਤੋਂ ਰਾਏਕੋਟ ਤੱਕ ਜਾਂਦੇ ਸਰਕਾਰੀ ਤੌਰ 'ਤੇ ਮਾਨਤਾ ਪ੍ਰਾਪਤ "ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ" ਨੂੰ ਕੁਝ ਥਾਵਾਂ 'ਤੇ ਪੱਖੋਵਾਲ ਰੋਡ ਲਿਖੇ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਹਸਨਪੁਰ ਨੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਜਗਰੂਪ ਸਿੰਘ ਹਸਨਪੁਰ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਸਰਾਭਾ ਨੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਬਕਾਇਦਾ ਦਰਖ਼ਾਸਤਾਂ ਦਿੱਤੀਆਂ ਗਈਆਂ ਸਨ, ਪਰ ਅਜੇ ਤੱਕ ਕੋਈ ਕਾਰਵਾਈ ਨਾ ਹੋਣ ਕਾਰਨ ਸ਼ਹੀਦਾਂ ਦੇ ਵਾਰਸਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਗਹਿਰਾ ਰੋਸ ਹੈ ਉਨ੍ਹਾਂ ਐਲਾਨ ਕੀਤਾ ਕਿ 27 ਜੂਨ, ਸ਼ਨੀਵਾਰ, ਸਵੇਰੇ 10 ਵਜੇ ਜੋਧਾਂ/ਰਤਨ ਮੇਨ ਬਾਜ਼ਾਰ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਲੋੜ ਪੈਣ 'ਤੇ ਮਾਰਗ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਇਸ ਧਰਨੇ ਵਿੱਚ ਇਲਾਕੇ ਦੇ ਕਿਸਾਨਾਂ ਦੀ ਬਿਜਲੀ ਸਬੰਧੀ ਗੰਭੀਰ ਸਮੱਸਿਆ ਵੀ ਪ੍ਰਮੁੱਖਤਾ ਨਾਲ ਉਠਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਤੀ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹਕੀਕਤ ਵਿੱਚ ਲੰਮੇ-ਲੰਮੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਕਿ ਪਿੰਡ ਪਮਾਲ, ਪਮਾਲੀ, ਖੰਡੂਰ, ਰੁੜਕਾ, ਛੋਕਰਾ, ਮਨਸੂਰਾਂ, ਦੋਲੋ, ਸ਼ਹਿਜ਼ਾਦ, ਬੱਲੋਵਾਲ, ਚਮਿੰਡਾ, ਨਾਰੰਗਵਾਲ, ਢੈਪਈ, ਸਰਾਭਾ ਅਤੇ ਆਸ-ਪਾਸ ਦੇ ਹੋਰ ਪਿੰਡਾਂ ਦੇ ਕਿਸਾਨਾਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੇ ਸਰਕਾਰੀ ਨਾਮ ਨੂੰ ਹਰ ਥਾਂ ਲਾਗੂ ਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਨਾ ਦਿੱਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਯੂਨੀਅਨ ਨੇ ਆਪਣੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕਾ ਵਾਸੀਆਂ ਨੂੰ ਸਮੇਂ ਸਿਰ ਵੱਡੀ ਗਿਣਤੀ ਵਿੱਚ ਪਹੁੰਚ ਕੇ ਸੰਘਰਸ਼ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ।