ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਵਿਖੇ 80ਵੇਂ ਆਜ਼ਾਦੀ ਦਿਹਾੜੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ
Aug15,2026
| Jagrati Lahar Bureau | Kapurthala
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਪੂਰਥਲਾ ਵਿਖੇ 80ਵੇਂ ਆਜ਼ਾਦੀ ਦਿਹਾੜੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ
ਜੰਗ-ਏ-ਆਜ਼ਾਦੀ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਦਿੱਤੀ ਭਾਵਪੂਰਨ ਸ਼ਰਧਾਂਜਲੀ, ਪੰਜਾਬੀਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕੀਤਾ ਯਾਦ
ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦਾ ਕੀਤਾ ਜ਼ਿਕਰ
ਕਪੂਰਥਲਾ ਵਿਖੇ 17 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਬਲਾਕ ਅਤੇ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ ਕੀਤੀ ਜਾਵੇਗੀ ਸਥਾਪਿਤ
29 ਆਮ ਆਦਮੀ ਕਲੀਨਿਕ 3 ਲੱਖ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾ ਰਹੇ ਹਨ ਸਿਹਤ ਸਹੂਲਤਾਂ
ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ 108 ਖੇਡ ਮੈਦਾਨ ਅਤੇ 26 ਜਿਮ ਹੋਣਗੇ ਲੋਕ ਅਰਪਣ
ਕਪੂਰਥਲਾ, 15 ਅਗਸਤ: 80ਵੇਂ ਆਜ਼ਾਦੀ ਦਿਹਾੜੇ 'ਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੀ ਪਰੇਡ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਲਾਮੀ ਲਈ।
ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਭਾਰਤ ਦੀ ਆਜ਼ਾਦੀ ਲਈ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਟ ਕੀਤੀ।
ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਡਟੇ ਰਹੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦੁਰੀ, ਦੇਸ਼ ਭਗਤੀ ਅਤੇ ਨਿਸਵਾਰਥ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ।ਉਨ੍ਹਾਂ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੂਰਬੀਰਾਂ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ।
ਉਨ੍ਹਾਂ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਬੇਮਿਸਾਲ ਯੋਗਦਾਨ 'ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਪੂਰਥਲਾ ਵਿੱਚ ਇਸ ਵੇਲੇ 29 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਤਿੰਨ ਲੱਖ ਤੋਂ ਵੱਧ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਜਲਦ ਹੀ 16 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਕ੍ਰਿਟੀਕਲ ਕੇਅਰ ਬਲਾਕ ਤਿਆਰ ਕੀਤਾ ਜਾਵੇਗਾ। ਇਹ ਪ੍ਰੋਜੈਕਟ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਸਿਹਤ ਢਾਂਚੇ ਨੂੰ ਮਜ਼ਬੂਤ ਕਰੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਏਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਅਤਿ-ਆਧੁਨਿਕ ਸਹੂਲਤ ਇੱਕੋ ਛੱਤ ਹੇਠ ਮਾਈਕ੍ਰੋਬਾਇਓਲੋਜੀ, ਵਾਇਰੋਲੋਜੀ, ਪੈਥੋਲੋਜੀ ਅਤੇ ਛੂਤ ਦੀਆਂ ਬਿਮਾਰੀਆਂ ਦੀ ਜਾਂਚ ਸਮੇਤ ਵਿਆਪਕ ਡਾਇਗਨੋਸਟਿਕ ਸੇਵਾਵਾਂ ਪ੍ਰਦਾਨ ਕਰੇਗੀ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹੇ ਭਰ ਵਿੱਚ 32 ਪਿੰਡ ਕਲੀਨਿਕ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਮਨੋਰਥ ਟੈਲੀਕੰਸਲਟੇਸ਼ਨ ਰਾਹੀਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਨ੍ਹਾਂ ਵਿੱਚੋਂ 14 ਕਲੀਨਿਕਾਂ ਦਾ ਉਦਘਾਟਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।
ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਤਹਿਤ ਪਹਿਲਕਦਮੀਆਂ ਬਾਰੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 108 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 35 ਲੋਕ ਅਰਪਣ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਖੇਡ ਮੈਦਾਨਾਂ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਿੱਚ ਫਿਟਨੈਸ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ 26 ਜਿਮ ਵੀ ਸਥਾਪਿਤ ਕੀਤੇ ਜਾ ਰਹੇ ਹਨ। ਇਹ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਅਤੇ ਉਨ੍ਹਾਂ ਨੂੰ ਤੰਦਰੁਸਤ ਅਤੇ ਸਰਗਰਮ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਵਿੱਚ ਮਦਦ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ 1,527 ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਹੈ, ਜਦਕਿ 5,047 ਨੌਜਵਾਨਾਂ ਨੇ ਕਰੀਅਰ ਕਾਊਂਸਲਿੰਗ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਦੇ ਸਫਲ ਭਵਿੱਖ ਲਈ ਲੋੜੀਂਦੇ ਹੁਨਰ ਅਤੇ ਮਾਰਗਦਰਸ਼ਨ ਨਾਲ ਲੈਸ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਾਲ ਨਜਿੱਠਣ ਤੇ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਯਕੀਨੀ ਬਣਾਉਂਦੇ ਹੋਏ, ਜ਼ਿਲ੍ਹੇ ਵਿੱਚ ਜਲਦੀ ਹੀ ਇੱਕ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਸੈਂਟਰ ਦਾ ਨਿਰਮਾਣ ਕੀਤਾ ਜਾਵੇਗਾ।
ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 'ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਅਤੇ ਖਾਸ ਕਰਕੇ ਕਪੂਰਥਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪੂਰੀ ਮੁਸਤੈਦੀ ਨਾਲ ਲਾਗੂ ਕੀਤਾ ਜਾ ਰਹਾ ਹੈ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰ ਟੁਕੜੀਆਂ ਵੱਲੋਂ ਪੇਸ਼ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਡਾ: ਸ਼ੀਤਲ ਸਿੰਘ ਨੇ ਕੀਤੀ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ 900 ਤੋਂ ਵੱਧ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ। ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਅਤੇ ਦੇਸ਼ ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ, ਜਿਸ ਨੇ ਰਾਸ਼ਟਰੀ ਦਿਹਾੜੇ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ।
ਇਸ ਮੌਕੇ ਮੁੱਖ ਮਹਿਮਾਨ ਨੇ ਆਜ਼ਾਦੀ ਘੁਲਾਟੀਏ ਪ੍ਰੇਮ ਸਾਗਰ ਸਮੇਤ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਵੀਰ ਨਾਰੀਆਂ, ਪੁਲਿਸ ਮੁਲਾਜ਼ਮਾਂ ਅਤੇ ਪਰੇਡ ਦੌਰਾਨ ਬਹਿਤਰੀਨ ਪ੍ਰਦਰਸ਼ਨ ਕਰਨ ਵਾਲੇ ਭਾਗੀਦਾਰਾਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਦਿਵਿਆਂਗ ਵਿਅਕਤੀਆਂ ਨੂੰ ਤਿੰਨ ਟ੍ਰਾਈਸਾਈਕਲ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਇਸਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਉਨ੍ਹਾਂ 80ਵੇਂ ਆਜ਼ਾਦੀ ਦਿਹਾੜੇ 'ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਖਦ ਭਵਿੱਖ ਦੀ ਕਾਮਨਾ ਕੀਤੀ, ਨਾਲ ਹੀ ਪੰਜਾਬ ਦੀ ਨਿਰੰਤਰ ਪ੍ਰਗਤੀ ਅਤੇ ਵਿਕਾਸ ਦੀ ਆਸ ਪ੍ਰਗਟਾਈ।
ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਰਸ਼ਮੀ ਕਪਿਲਾ, ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਆਪ ਆਗੂ ਨਰਿੰਦਰ ਸਿੰਘ ਮਨਸੂ, ਕੰਵਰ ਇਕਬਾਲ ਸਿੰਘ, ਡਾ. ਸੈਮੂਅਲ ਮਸੀਹ, ਇੰਦਰਜੀਤ ਸਿੰਘ ਜੁਗਨੂੰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Dc-Akash-Bansal-Hoists-National-Flag-On-80th-Independence-Day-At-Kapurthala